ਵਾਹਨਾਂ ਦੀ ਭੰਨ-ਤੋੜ ਕਰਨ ਦੇ ਮਾਮਲੇ ’ਚ ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਵੱਲੋਂ ਬੀਤੇ ਦਿਨ ਚੰਡੀਗੜ੍ਹ ਦੇ ਸੈਕਟਰ-48 ਵਿੱਚ ਮੇਅਰ ਰਵੀਕਾਂਤ ਅਤੇ ਭਾਜਪਾ ਦੇ ਸੀਨੀਅਰ ਆਗੂ ਸੰਜੈ ਟੰਡਨ ਦੀਆਂ ਗੱਡੀਆਂ ਦੀ ਭੰਨ-ਤੋੜ ਕਰਨ ਦੇ ਦੋਸ਼ ਹੇਠ ਚੰਡੀਗੜ੍ਹ ਪੁਲੀਸ ਨੇ ਦੇਰ ਰਾਤ ਰਾਜਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਮਾਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਥਾਣਾ ਸੈਕਟਰ-49 ਦੀ ਪੁਲੀਸ ਨੇ ਕੀਤੀ। ਪੁਲੀਸ ਨੇ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਥਾਣਾ ਸੈਕਟਰ-49 ਦੀ ਪੁਲੀਸ ਨੇ ਬੀਤੀ ਰਾਤ ਆਈਪੀਸੀ ਦੀ ਧਾਰਾ 147, 148, 149, 341, 427, 307, 506, 269 ਤਹਿਤ ਕੇਸ ਦਰਜ ਕੀਤਾ ਸੀ। ਇਸ ਵਿੱਚ ਵੀ ਪੁਲੀਸ ਨੇ ਆਈਪੀਸੀ ਦੀ ਧਾਰਾ 332 ਅਤੇ 353 ਦਾ ਵਾਅਦਾ ਕਰ ਦਿੱਤਾ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਦੇਰ ਰਾਤ ਮਨਦੀਪ ਸਿੰਘ, ਸਰਵੇਸ਼ ਯਾਦਵ, ਅਮਨਦੀਪ ਸਿੰਘ, ਮਾਲਵਿੰਦਰਪਾਲ ਸਿੰਘ, ਸਰਬੰਸ ਪ੍ਰਤੀਕ, ਰਘਬੀਰ ਸਿੰਘ, ਹਰਮਨਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਰਾਜ ਕਰਨ ਸਿੰਘ, ਪ੍ਰਤੀਕ ਸਿੰਘ, ਗੀਤੇਂਦਰ ਸਿੰਘ, ਗੁਰਪ੍ਰੀਤ ਸਿੰਘ, ਨਵਦੀਪ ਸਿੰਘ, ਬਿਕਰ ਸਿੰਘ, ਕੁਲਦੀਪ ਸਿੰਘ, ਗੁਰਕਰਮਨਪ੍ਰੀਤ ਸਿੰਘ, ਕਰਨਪ੍ਰੀਤ ਸਿੰਘ, ਰਵਿੰਦਰ ਸਿੰਘ, ਦਿਲਰਾਜ ਸਿੰਘ, ਰਾਜਿੰਦਰ ਸਿੰਘ ਅਤੇ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਨੂੰ ਬਾਅਦ ਵਿੱਚ ਜ਼ਾਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਉਸ ਮਗਰੋਂ ਗੱਡੀਆਂ ਦੀ ਭੰਨ-ਤੋੜ ਕਰਨ ਦੇ ਮਾਮਲੇ ਦੀ ਜਾਂਚ ਕਰਦਿਆਂ ਤਿੰਨ ਨੌਜਵਾਨਾਂ ਨੂੰ ਦੇਰ ਰਾਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਹੋਰਨਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਇੰਡੀਅਨ ਕਿਸਾਨ ਫੈਡਰੇਸ਼ਨ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਤੇ ਵਕੀਲ ਵਿਪਨ ਕੁਮਾਰ ਨੇ ਚੰਡੀਗੜ੍ਹ ਪੁਲੀਸ ਦੀ ਕਾਰਵਾਈ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ ਪਰ ਪੁਲੀਸ ਦੀ ਧੱਕੇਸ਼ਾਹੀ ਕਰਕੇ ਇਕ ਕਿਸਾਨ ਆਗੂ ਜ਼ਖ਼ਮੀ ਹੋ ਗਿਆ।

ਉਨ੍ਹਾਂ ਭਾਜਪਾ ਆਗੂਆਂ ਵੱਲੋਂ ਕਿਸਾਨਾਂ ਲਈ ਵਰਤੀ ਗਈ ਭੱਦੀ ਸ਼ਬਦਾਵਲੀ ਦਾ ਵਿਰੋਧ ਕਰਦਿਆਂ ਕਿਸਾਨ ਆਗੂਆਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ।

Leave a Reply

Your email address will not be published. Required fields are marked *