ਕੈਪਟਨ ਨੇ ਕਿਰਤੀਆਂ ਨੂੰ ਪੂਰੀ ਤਨਖ਼ਾਹ ਦੇਣ ਬਾਰੇ ਮੁੜ ਵਿਚਾਰ ਕਰਨ ਲਈ ਮੋਦੀ ਨੂੰਲਿਖਿਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਅਪਣੇ ਉਨ੍ਹਾਂ ਨਿਰਦੇਸ਼ਾਂ ਜਿਸ ਵਿਚ ਉਦਯੋਗਾਂ ਅਤੇ ਦੁਕਾਨਾਂ/ਵਪਾਰਕ ਅਦਾਰਿਆਂ ਨੂੰ ਕੋਵਿਡ-19 ਲੌਕਡਾਊਨ ਦੌਰਾਨ ਅਪਣੇ ਕਾਮਿਆਂ ਨੂੰ ਪੂਰੀ ਤਨਖ਼ਾਹ ਦੇਣਾ ਜਾਰੀ ਰੱਖਣ ਲਈ ਕਿਹਾ ਗਿਆ ਹੈ, ਉੱਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਉਦਯੋਗਾਂ/ਵਪਾਰਕ ਅਦਾਰਿਆਂ ਨੂੰ ਦੀਵਾਲੀਏਪਨ ਵਲ ਧੱਕ ਸਕਦਾ ਹੈ।


ਉਨ੍ਹਾਂ ਭਾਰਤ ਸਰਕਾਰ ਨੂੰ ਇਨ੍ਹਾਂ ਮੁਸ਼ਕਲ ਸਮਿਆਂ ਵਿਚ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਉਦਯੋਗਾਂ/ਵਪਾਰਕ ਅਦਾਰਿਆਂ ਆਦਿ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਏ ਬਿਨਾਂ ਨਵੀਨਤਾਕਾਰੀ ਹੱਲ ਲੱਭਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਵਲੋਂ ਆਫਤਨ ਪ੍ਰਬੰਧਨ ਐਕਟ, 2005 ਤਹਿਤ ਜਾਰੀ ਕੀਤੇ ਗਏ ਨਿਰਦੇਸ਼ ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਗਈ ਹੈ। ਆਦੇਸ਼ ਦੇ ਸਬੰਧਤ ਹਿੱਸੇ ਵਿੱਚ ਲਿਖਿਆ ਹੈ “ਸਾਰੇ ਮਾਲਕ, ਭਾਵੇਂ ਉਹ ਉਦਯੋਗ ਦੇ ਮਾਲਕ ਹੋਣ ਜਾਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ, ਲੌਕਡਾਊਨ ਦੇ ਅਰਸੇ ਦੌਰਾਨ ਅਪਣੇ ਕੋਲ ਕੰਮ ਕਰਦੇ ਕਿਰਤੀਆਂ/ਮਜ਼ਦੂਰਾਂ ਨੂੰ ਬਿਨਾਂ ਕਿਸੇ ਕਟੌਤੀ ਦੇ ਨਿਰਧਾਰਤ ਮਿਤੀ ‘ਤੇ ਉਨ੍ਹਾਂ ਦੀ ਮਜ਼ਦੂਰੀ/ਤਨਖ਼ਾਹ ਦਾ ਭੁਗਤਾਨ ਕਰਨਗੇ।”

ਮੁੱਖ ਮੰਤਰੀ ਨੇ ਕਿਹਾ ਕਿ ਹੁਕਮ ਦੇ ਇਸ ਹਿੱਸੇ ‘ਤੇ ਮੁੜ ਵਿਚਾਰ ਕਰਨ ਦੀ ਲੋੜ ਹੈ ਕਿਉਂਕਿ ਇਸ ਨਾਲ ਸੂਬੇ ਵਿਚਲੇ ਉਦਯੋਗਾਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਤੇ ਭਾਰੀ ਵਿੱਤੀ ਪ੍ਰਭਾਵ ਪਵੇਗਾ ਅਤੇ ਅਜਿਹਾ ਕਰਨਾ ਉਨ੍ਹਾਂ ਨੂੰ ਦੀਵਾਲੀਏਪਨ ਵਲ ਧੱਕ ਸਕਦਾ ਹੈ ਕਿਉਂਕਿ ਇਨ੍ਹਾਂ ਵਿਚੋਂ ਜ਼ਿਆਦਾਤਰ ਇਕਾਈਆਂ ਦੀ ਆਮਦਨ ਲੌਕਡਾਊਨ ਕਰ ਕੇ ਪੂਰੀ ਤਰ੍ਹਾਂ ਰੁਕ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਅਜਿਹਾ ਕਰਨ ਨਾਲ ਮਜ਼ਦੂਰ/ਕਾਮੇ, ਖਾਸਕਰ ਘੱਟ ਤਨਖ਼ਾਹ ਵਾਲੇ ਮਜ਼ਦੂਰ, ਬਿਨਾਂ ਕਿਸੇ ਕਸੂਰ ਦੇ ਅਪਣੀ ਆਮਦਨੀ ਤੋਂ ਵਾਂਝੇ ਹੋ ਸਕਦੇ ਹਨ।

Leave a Reply

Your email address will not be published. Required fields are marked *