ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 17ਵਾਂ ਖੇਡ ਉਤਸਵ ਖਾਲਸਾਈ ਜਾਹੋ-ਜਲਾਲ ਨਾਲ ਸੰਪੰਨ

ਫਤਿਹਗੜ੍ਹ ਸਾਹਿਬ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਉਚੇਰੀ ਵਿਦਿਅਕ ਸੰਸਥਾਵਾਂ ਦਾ 17ਵਾਂ ਖਾਲਸਾਈ ਖੇਡ ਉਤਸਵ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਸੰਪੰਨ ਹੋਇਆ ਅਤੇ ਇਨਾਮ ਵੰਡ ਸਮਾਰੋਹ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਆਨਰੇਰੀ ਮੁੱਖ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਖੇਡ ਉਤਸਵ ਵਿੱਚ ਵੱਖ-ਵੱਖ 36 ਵਿੱਦਿਅਕ ਸੰਸਥਾਵਾਂ ਦੇ ਕਰੀਬ 5 ਹਜ਼ਾਰ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਜਿਵੇਂ ਟੇਬਲ ਟੈਨਿਸ, ਵੇਟ ਲਿਫਟਿੰਗ, ਬਾਸਕਟਬਾ, ਚੈਸ, ਗਤਕਾ, ਵਾਲੀਬਾਲ, ਐਥਲੈਟਿਕਸ, ਫੁੱਟਬਾਲ, ਰੱਸਾ-ਕੱਸੀ, ਹਾਕੀ, ਖੋ-ਖੋ, ਹੈਂਡਬਾਲ, ਕਬੱਡੀ, ਥਰੋ ਈਵੈਂਟ ਆਦਿ ਮੁਕਾਬਲਿਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ। ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਦਾ ਕਾਲਜ ਪਹੁੰਚਣ ਉੱਤੇ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਦੀਆਂ ਅਕਾਦਮਿਕ, ਧਾਰਮਿਕ, ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਸ਼ਾਨਦਾਰ ਉਪਲੱਭਦੀਆਂ ਪਿੱਛੇ ਸ. ਹਰਜਿੰਦਰ ਸਿੰਘ ਧਾਮੀ ਦੇ ਵਡਮੁੱਲੇ ਯੋਗਦਾਨ ਬਾਰੇ ਜਾਣੂ ਕਰਵਾਇਆ। ਉਨ੍ਹਾਂ ਮਾਤਾ ਗੁਜਰੀ ਕਾਲਜ ਦੀਆਂ ਵਿੱਦਿਅਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਅਤੇ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਮੌਜੂਦਾ ਸਮੇਂ ਦੀਆਂ ਵਿੱਦਿਅਕ ਲੋੜਾਂ ਦੀ ਪੂਰਤੀ ਕਰਦੇ ਹੋਏ ਵਿਦਿਆਰਥੀਆਂ ਦਾ ਹਰ ਪੱਖੋਂ ਵਿਕਾਸ ਕਰਨ ਲਈ ਵਚਨਬੱਧ ਹੈ।
ਮੁੱਖ ਮਹਿਮਾਨ ਸ. ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਦੇ ਪ੍ਰਚਾਰ ਅਤੇ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਸ਼ਲਾਘਾਯੋਗ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ 17 ਸਾਲਾਂ ਤੋਂ ਖਾਲਸਾਈ ਖੇਡ ਉਤਸਵ ਦੇ ਆਯੋਜਨ ਸਦਕਾ ਸ਼੍ਰੋਮਣੀ ਕਮੇਟੀ ਵੱਲੋਂ ਖੇਡਾਂ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ਜਿਸ ਦੀ ਬਦੌਲਤ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਵਿੱਚੋਂ ਪੜ੍ਹੇ ਅਨੇਕਾਂ ਖਿਡਾਰੀਆਂ ਨੇ ਕੌਮਾਂਤਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਇਸ ਖੇਡ ਉਤਸਵ ਦਾ ਮੁੱਖ ਮੰਤਵ ਅਜੋਕੀ ਨੌਜਵਾਨੀ ਨੂੰ ਸਿੱਖ ਵਿਰਸੇ ਨਾਲ ਜੋੜਕੇ ਉਨ੍ਹਾਂ ਅੰਦਰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਦਾ ਸੰਚਾਰ ਕਰਨਾ ਹੈ। ਸ. ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਵਿਦਿਆਰਥੀ ਜੀਵਨ ਵਿਚ ਹੀ ਮਾਨਵਤਾ ਦੇ ਉਦੇਸ਼ ਤੈਅ ਕਰ ਲੈਣੇ ਚਾਹੀਦੇ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਹਰ ਸਮੇਂ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪਡ਼੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਚਡ਼੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਇਸ ਮੌਕੇ ਸ. ਜਗਦੀਪ ਸਿੰਘ ਚੀਮਾ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਆਨਰੇਰੀ ਸਕੱਤਰ, ਕਾਲਜ ਗਵਰਨਿੰਗ ਬਾਡੀ ਨੇ ਕਿਹਾ ਕਿ ਮਾਤਾ ਗੁਜਰੀ ਕਾਲਜ ਜਿੱਥੇ ਵਿੱਦਿਅਕ ਖੇਤਰ ਵਿੱਚ ਆਪਣੀਆਂ ਵਡਮੁੱਲੀਆਂ ਸੇਵਾਵਾਂ ਨਿਭਾ ਰਿਹਾ ਹੈ ਉੱਥੇ ਕਾਲਜ ਦੇ ਵਿਦਿਆਰਥੀ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਨਾਮਣਾ ਖੱਟ ਰਹੇ ਹਨ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਅਵਤਾਰ ਸਿੰਘ ਰਿਆ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਰਵਿੰਦਰਪਾਲ ਸਿੰਘ ਖਾਲਸਾ, ਸ. ਹਰਪਾਲ ਸਿੰਘ ਜੱਲਾ, ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਚਰਨਜੀਤ ਸਿੰਘ ਕਾਲੇਵਾਲ, ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਅਜਾਇਬ ਸਿੰਘ ਬਰਾੜ, ਪਰੋ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਡਾ. ਧਰਮਿੰਦਰ ਸਿੰਘ ਉੱਭਾ, ਖਾਲਸਾ ਕਾਲਜ ਪਟਿਆਲਾ ਅਤੇ ਸ਼੍ਰੋਮਣੀ ਕਮੇਟੀ ਦੀਆਂ ਕਈ ਨਾਮਵਰ ਸ਼ਖਸੀਅਤਾਂ ਹਾਜ਼ਰ ਸਨ।
ਇਸ ਖੇਡ ਉਤਸਵ ਵਿੱਚ ਓਵਰਆਲ ਚੈਂਪੀਅਨ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਟੀਮ ਰਹੀ। ਓਵਰਆਲ ਰਨਰ ਅੱਪ ਚੈਂਪੀਅਨ ਦਾ ਖਿਤਾਬ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੀ ਟੀਮ ਨੇ ਪ੍ਰਾਪਤ ਕੀਤਾ।
ਓਵਰਆਲ ਰਨਰ ਅੱਪ ਚੈਂਪੀਅਨ ਲੜਕੀਆਂ ਦਾ ਖਿਤਾਬ ਗੁਰੂ ਨਾਨਕ ਕਾਲਜ, ਬੁਡਲਾਡਾ ਅਤੇ ਗੁਰੂ ਨਾਨਕ ਕਾਲਜ ਮੁਕਤਸਰ ਸਾਹਿਬ ਨੇ ਸਾਂਝੇ ਤੌਰ ਉੱਤੇ ਜਿੱਤਿਆ ਅਤੇ ਓਵਰਆਲ ਚੈਂਪੀਅਨ ਲੜਕੀਆਂ ਦਾ ਸਨਮਾਨ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਨੇ ਪ੍ਰਾਪਤ ਕੀਤਾ। ਓਵਰਆਲ ਚੈਂਪੀਅਨ ਲੜਕਿਆਂ ਦਾ ਸਨਮਾਨ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਟੀਮ ਨੇ ਪ੍ਰਾਪਤ ਕੀਤਾ ਅਤੇ ਓਵਰਆਲ ਰਨਰ ਅੱਪ ਚੈਂਪੀਅਨ ਲੜਕਿਆਂ ਦਾ ਖਿਤਾਬ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਪ੍ਰਾਪਤ ਕੀਤਾ।
ਬੈਸਟ ਐਥਲੀਟ ਲੜਕੀਆਂ ਦਾ ਸਨਮਾਨ ਅਮਨਦੀਪ ਕੌਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ, ਨੇ ਪ੍ਰਾਪਤ ਕੀਤਾ ਅਤੇ ਬੈਸਟ ਐਥਲੀਟ ਲੜਕਿਆਂ ਦਾ ਸਨਮਾਨ ਪਰਮਿੰਦਰ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਨੇ ਪ੍ਰਾਪਤ ਕੀਤਾ। ਐਥਲੈਟਿਕ ਚੈਂਪੀਅਨ ਲੜਕੀਆਂ ਦਾ ਸਨਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਨੇ ਪ੍ਰਾਪਤ ਕੀਤਾ ਅਤੇ ਐਥਲੈਟਿਕ ਚੈਂਪੀਅਨ ਲੜਕਿਆਂ ਦਾ ਸਨਮਾਨ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਨੇ ਹਾਸਲ ਕੀਤਾ।
ਮਾਰਚ ਪਾਸਟ ਦੇ ਮੁਕਾਬਲਿਆਂ ਵਿੱਚ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਦੂਜਾ ਸਥਾਨ ਮਾਤਾ ਗੁਜਰੀ ਕਾਲਜ ਸ੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਹਾਸਲ ਕੀਤਾ। ਤੀਜਾ ਸਥਾਨ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਕਾਲਜ ਕਰਹਾਲੀ ਸਾਹਿਬ ਦੀ ਟੀਮ ਅਤੇ ਖਾਲਸਾ ਕਾਲਜ ਪਟਿਆਲਾ ਦੀ ਟੀਮ ਨੇ ਸਾਂਝੇ ਤੌਰ ਤੇ ਪ੍ਰਾਪਤ ਕੀਤਾ। ਲੜਕੀਆਂ ਦੇ 75 ਕਿੱਲੋ ਵੇਟ ਲਿਫਟਿੰਗ ਮੁਕਾਬਲੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੀ ਬਲਜਿੰਦਰ ਕੌਰ ਨੇ ਪਹਿਲਾ ਸਥਾਨ, ਗੁਰੂ ਨਾਨਕ ਕਾਲਜ ਬੁਢਲਾਡਾ ਦੀ ਅਮਨਦੀਪ ਕੌਰ ਨੇ ਦੂਜਾ ਸਥਾਨ ਅਤੇ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਦੀ ਪਰਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜਵੈਲਿਨ ਥਰੋ ਲੜਕੀਆਂ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਅਮਨਦੀਪ ਕੌਰ ਨੇ ਪਹਿਲਾ ਸਥਾਨ, ਖਾਲਸਾ ਕਾਲਜ ਗੜਦੀਵਾਲਾ ਦੇ ਜੈਸਮੀਨ ਕੌਰ ਨੇ ਦੂਜਾ ਅਤੇ ਖਾਲਸਾ ਕਾਲਜ ਕਰਹਾਲੀ ਸਾਹਿਬ ਦੀ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸ਼ੌਟ-ਪੁੱਟ ਮੁਕਾਬਲੇ ਵਿੱਚ ਜੀ ਐਚ ਐਸ ਖਾਲਸਾ ਕਾਲਜ, ਕਰਹਾਲੀ ਸਾਹਿਬ ਦੀ ਸਿਮਰਨਜੀਤ ਕੌਰ ਨੇ ਪਹਿਲਾ ਸਥਾਨ, ਖਾਲਸਾ ਕਾਲਜ ਪਟਿਆਲਾ ਦੀ ਨਿਮਨਜੋਤ ਕੌਰ ਨੇ ਦੂਜਾ ਸਥਾਨ ਅਤੇ ਖਾਲਸਾ ਕਾਲਜ ਗੜਦੀਵਾਲਾ ਦੇ ਜੈਸਮੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੇ ਹਾਕੀ ਦੇ ਮੁਕਾਬਲੇ ਵਿੱਚ ਖਾਲਸਾ ਕਾਲਜ ਪਟਿਆਲਾ ਦੀ ਹਾਕੀ ਟੀਮ ਨੇ ਪਹਿਲਾ ਸਥਾਨ, ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਦੀ ਟੀਮ ਨੇ ਦੂਜਾ ਸਥਾਨ ਅਤੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਟੇਬਲ ਟੈਨਿਸ ਲੜਕੀਆਂ ਦੇ ਮੁਕਾਬਲੇ ਵਿੱਚ ਮਾਤਾ ਗੁਜਰੀ ਕਾਲਜ ਦੀ ਟੀਮ ਨੇ ਪਹਿਲਾ ਸਥਾਨ, ਗੁਰੂ ਨਾਨਕ ਕਾਲਜ, ਮੁਕਤਸਰ ਸਾਹਿਬ ਦੀ ਟੀਮ ਨੇ ਦੂਜਾ ਸਥਾਨ ਅਤੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ। ਵਾਲੀਬਾਲ ਲੜਕੀਆਂ ਦੇ ਮੁਕਾਬਲੇ ਵਿੱਚ ਸ੍ਰੀ ਗੁਰੂ ਨਾਨਕ ਕਾਲਜ ਮੁਕਤਸਰ ਸਾਹਿਬ, ਗੁਰੂ ਨਾਨਕ ਕਾਲਜ ਬੁਢਲਾਡਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੀ ਟੀਮ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।