ਪੰਜਾਬ ਦੇ ਸੰਸਦ ਮੈਂਬਰਾਂ ਨੇ ਗ੍ਰਹਿ ਮੰਤਰੀ ਤੋਂ ਮੰਗੀ ਰੇਲ ਸੇਵਾਵਾਂ ਦੀ ਬਹਾਲੀ

ਨਵੀਂ ਦਿੱਲੀ : ਪੰਜਾਬ ਦੇ ਸੰਸਦ ਮੈਂਬਰਾਂ ਦੇ ਵਫ਼ਦ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਸੂਬੇ ’ਚ ਰੇਲ ਸੇਵਾਵਾਂ ਬਹਾਲ ਕਰਨ ਦੀ ਮੰਗ ਕੀਤੀ। ਪੰਜਾਬ ’ਚ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨਾਂ ਕਾਰਨ ਮਾਲ ਅਤੇ ਮੁਸਾਫ਼ਰ ਗੱਡੀਆਂ 24 ਸਤੰਬਰ ਤੋਂ ਠੱਪ ਹਨ। ਮਾਲ ਗੱਡੀਆਂ ਬੰਦ ਹੋਣ ਨਾਲ ਸੂਬੇ ’ਚ ਕੋਲੇ, ਖਾਦ ਅਤੇ ਹੋਰ ਜ਼ਰੂਰੀ ਵਸਤਾਂ ਦੀ ਘਾਟ ਪੈਦਾ ਹੋ ਗਈ ਹੈ। ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ ਪੰਜਾਬ ਦੇ ਹਾਲਾਤ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਰੇਲ ਸੇਵਾਵਾਂ ਮੁਅੱਤਲ ਰਹਿਣ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਤੋਂ ਵੀ ਜਾਣੂ ਕਰਵਾਇਆ। ਮੀਟਿੰਗ ਦੌਰਾਨ ਰੇਲ ਮੰਤਰੀ ਪਿਯੂਸ਼ ਗੋਇਲ ਵੀ ਹਾਜ਼ਰ ਸਨ। ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਨੇ ਕਿਹਾ,‘‘ਅਸੀਂ ਆਸਵੰਦ ਹਾਂ ਕਿ ਪ੍ਰਭਾਵਿਤ ਰੂਟਾਂ ’ਤੇ ਰੇਲ ਸੇਵਾਵਾਂ ਛੇਤੀ ਹੀ ਬਹਾਲ ਹੋ ਜਾਣਗੀਆਂ। ਪੰਜਾਬ ਸਰਕਾਰ ਵੱਲੋਂ ਹੁਣ ਰੇਲ ਮੰਤਰਾਲੇ ਨਾਲ ਇਸ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।’’ ਇਕ ਹੋਰ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਵਫ਼ਦ ਨੇ ਸ਼ਾਹ ਨੂੰ ਸੂਬੇ ਦੇ ਸਾਰੇ ਹਾਲਾਤ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਭਰੋਸਾ ਮਿਲਿਆ ਕਿ ਮਸਲੇ ਦਾ ਹੱਲ ਛੇਤੀ ਕੱਢ ਲਿਆ ਜਾਵੇਗਾ। ਉਧਰ ਸੂਤਰਾਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ’ਤੇ ਆਧਾਰਿਤ ਤਾਲਮੇਲ ਕਮੇਟੀ ਬਣਾਏ ਜਾਣ ਦੀ ਸੰਭਾਵਨਾ ਹੈ ਤਾਂ ਜੋ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਨਿਬੇੜਾ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਮੰਗ ਕਰ ਰਹੀਆਂ ਹਨ ਕਿ ਕੇਂਦਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਪਰ ਕੇਂਦਰ ਦਾ ਮੰਨਣਾ ਹੈ ਕਿ ਇਹ ਨਵੇਂ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਸਾਬਿਤ ਹੋਣਗੇ ਅਤੇ ਉਨ੍ਹਾਂ ਦੀ ਆਮਦਨ ’ਚ ਵਾਧਾ ਕਰਨਗੇ।

Leave a Reply

Your email address will not be published. Required fields are marked *