ਮਨਜਿੰਦਰ ਸਿਰਸਾ ਖ਼ਿਲਾਫ਼ ਕੇਸ ਦਰਜ

ਨਵੀਂ ਦਿੱਲੀ : ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਵੇਰਵਿਆਂ ਮੁਤਾਬਕ ਦਿੱਲੀ ਦੀ ਇੱਕ ਅਦਾਲਤ ਨੇ ਪਿਛਲੇ ਸਾਲ ਹੁਕਮ ਦਿੱਤਾ ਸੀ ਕਿ ਕਮੇਟੀ ਦੇ ਸਕੱਤਰ ਜਨਰਲ ਵਜੋਂ ਸਿਰਸਾ ਦੇ ਕਾਰਜਕਾਲ ਦੌਰਾਨ ਹੋਈ ਕਥਿਤ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ਵਿਚ ਸਿਰਸਾ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇ। ਪੁਲੀਸ ਨੇ ਦੱਸਿਆ ਕਿ ਸਿਰਸਾ ਅਤੇ ਹੋਰਨਾਂ ਖ਼ਿਲਾਫ਼ ਕਮੇਟੀ ਨਾਲ ਜੁੜੇ ਧੋਖਾਧੜੀ ਦੇ ਮਾਮਲੇ ਵਿੱਚ ਵੀਰਵਾਰ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਦੀ ਜਾਂਚ ਚੱਲ ਰਹੀ ਹੈ। ਇਹ ਮਾਮਲਾ ਟੈਂਟਾਂ ਤੇ ਹੋਰ ਮਦਦ ਨਾਲ ਜੁੜਿਆ ਹੋਇਆ ਹੈ ਤੇ ਉਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਸਨ। ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ‘ਜਾਗੋ’ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਮਨਜਿੰਦਰ ਸਿੰਘ ਸਿਰਸਾ ਦੀ ਸਖ਼ਤ ਨਿੰਦਾ ਕੀਤੀ ਸੀ। ਮਾਮਲੇ ਦੀ ਸ਼ਿਕਾਇਤ ਭੁਪਿੰਦਰ ਸਿੰਘ ਨੇ ਕੀਤੀ ਸੀ ਜੋ ਸਰਨਾ ਧੜੇ ਦੇ ਨੇੜੇ ਹਨ। ਦਿੱਲੀ ਕਮੇਟੀ ਨੇ ਇਹ ਕੇਸ ਦਰਜ ਹੋਣ ਪਿੱਛੇ ਭਾਜਪਾ ਦਾ ਹੱਥ ਦੱਸਿਆ ਹੈ। ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀਕੇ ਉਤੇ ਵੀ ਨਿਸ਼ਾਨਾ ਸੇਧਿਆ ਗਿਆ ਹੈ।

Leave a Reply

Your email address will not be published. Required fields are marked *