ਦਿੱਲੀ ਦੇ ਉਪ ਰਾਜਪਾਲ ਨੂੰ ਵੱਧ ਤਾਕਤਾਂ ਦੇਣ ਵਾਲਾ ਬਿੱਲ ਰਾਜ ਸਭਾ ਵਿੱਚ ਪਾਸ

ਨਵੀਂ ਦਿੱਲੀ : ਰਾਜ ਸਭਾ ਵੱਲੋਂ ਅੱਜ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੂੰ ਚੁਣੀ ਹੋਈ ਸਰਕਾਰ ਦੇ ਮੁਕਾਬਲੇ ਵੱਧ ਤਾਕਤਾਂ ਦੇਣ ਵਾਲਾ ‘ਦਿੱਲੀ ਕੌਮੀ ਰਾਜਧਾਨੀ ਖੇਤਰ ਸਰਕਾਰ (ਸੋਧ) ਬਿੱਲ’, 2021 ਪਾਸ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸਦਨ ’ਚ ਭਾਰੀ ਹੰਗਾਮਾ ਹੋਇਆ, ਜਿਸ ਦੌਰਾਨ ਵਿਰੋਧੀ ਧਿਰ ਵੱਲੋਂ ਕਾਫ਼ੀ ਸ਼ੋਰ-ਸ਼ਰਾਬਾ ਕੀਤਾ ਗਿਆ ਤੇ ਬੀਜੇਡੀ,ਸਪਾ, ਕਾਂਗਰਸ ਅਤੇ ਹੋਰਨਾਂ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰ ਸਦਨ ’ਚੋਂ ਵਾਕਆਊਟ ਕਰ ਗਏ। ‘ਦਿੱਲੀ ਕੌਮੀ ਰਾਜਧਾਨੀ ਖੇਤਰ ਸਰਕਾਰ (ਸੋਧ) ਬਿੱਲ’ 2021, ਜਿਸਦਾ ਮਕਸਦ ਇਹ ਸਪੱਸ਼ਟ ਕਰਨਾ ਹੈ ਕਿ ਦਿੱਲੀ ਵਿੱਚ ‘ਸਰਕਾਰ’ ਦਾ ਮਤਲਬ ‘ਉਪ ਰਾਜਪਾਲ’ ਹੈ, ਬੀਤੀ 22 ਮਾਰਚ ਨੂੰ ਲੋਕ ਸਭਾ ਵੱਲੋਂ ਪਾਸ ਕਰ ਦਿੱਤਾ ਗਿਆ ਸੀ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਦਾ ਦਿਨ ਜਮਹੂਰੀਅਤ ਲਈ ਨਿਰਾਸ਼ਾ ਭਰਿਆ ਹੈ। ਅੱਜ ਜ਼ੁਬਾਨੀ ਵੋਟ ਰਾਹੀਂ ਇਸ ਬਿੱਲ ਨੂੰ ਰਾਜ ਸਭਾ ਵਿੱਚ ਵੀ ਪਾਸ ਕਰ ਦਿੱਤਾ ਗਿਆ। ਵਿਰੋਧੀ ਧਿਰ ਵੱਲੋਂ ਵੋਟਿੰਗ ਕਰਵਾਉਣ ਦੀ ਮੰਗ ਕੀਤੀ ਗਈ ਤੇ ਇਸ ਦੌਰਾਨ 83 ਮੈਂਬਰਾਂ ਨੇ ਬਿੱਲ ਦੇ ਪੱਖ ’ਚ ਜਦਕਿ 45 ਮੈਂਬਰਾਂ ਨੇ ਬਿੱਲ ਦੇ ਖ਼ਿਲਾਫ਼ ਵੋਟਾਂ ਪਾਈਆਂ। ਆਪ ਦੇ ਰਾਜ ਸਭਾ ਮੈਂਬਰ ਐੱਨਡੀ ਗੁਪਤਾ ਨੇ ਬਿੱਲ ਖ਼ਿਲਾਫ਼ ਸੁਪਰੀਮ ਕੋਰਟ ਜਾਣ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *