ਪ੍ਰੀ-ਮੌਨਸੂਨ ਨੇ ਦਿੱਤੀ ਗਰਮੀ ਤੋਂ ਰਾਹਤ

ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਤੋਂ ਅੱਜ ਸ਼ਾਮ ਵੇਲੇ ਕੁਝ ਥਾਵਾਂ ’ਤੇ ਪਏ ਹਲਕੇ ਮੀਂਹ ਨੇ ਰਾਹਤ ਦਿੱਤੀ। ਹਾੜ੍ਹ ਮਹੀਨਾ ਚੜ੍ਹਦੇ ਸਾਰ ਪ੍ਰੀ-ਮੌਨਸੂਨ ਨੇ ਦਸਤਕ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ ਬੁੱਧਵਾਰ ਸ਼ਾਮ ਵੇਲੇ ਸੂਬੇ ਵਿੱਚ ਕਈ ਥਾਈਂ ਮੀਂਹ ਪਿਆ ਹੈ। ਇਸ ਮੀਂਹ ਨਾਲ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ। ਮੌਸਮ ਵਿਭਾਗ ਵੱਲੋਂ ਅਗਲੇ 72 ਘੰਟੇ ਪੰਜਾਬ ਭਰ ਵਿੱਚ ਤੇਜ਼ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਡੇਰਾਬੱਸੀ, ਅੰਮ੍ਰਿਤਸਰ, ਲੁਧਿਆਣਾ, ਮੁਹਾਲੀ ਸਣੇ ਹੋਰਨਾਂ ਇਲਾਕਿਆਂ ਵਿੱਚ ਮੀਂਹ ਦੇ ਛਰਾਟੇ ਪਏ ਹਨ, ਜਦਕਿ ਕਈ ਇਲਾਕਿਆਂ ਵਿੱਚ ਤੇਜ਼ ਮੀਂਹ ਪਿਆ ਹੈ। ਮੀਂਹ ਨਾਲ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ। ਮੌਸਮ ਵਿਗਿਆਨੀ ਸ਼ਿਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ 16 ਤੋਂ 18 ਜੂਨ ਤੱਕ ਬਿਜਲੀ ਲਿਸ਼ਕਣ ਦੇ ਨਾਲ ਭਰਵਾਂ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 30 ਤੋਂ 50 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਮਗਰੋਂ ਫਿਰ ਕੁਝ ਦਿਨ ਮੌਸਮ ਖੁਸ਼ਕ ਰਹੇਗਾ।

ਪੰਜਾਬ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋਣ ਨਾਲ ਇਸ ਮੀਂਹ ਨੇ ਕਿਸਾਨਾਂ ਦੀ ਚਿੰਤਾ ਕੁਝ ਘਟਾ ਦਿੱਤੀ ਹੈ। ਇਸ ਦੇ ਨਾਲ ਹੀ ਅਤਿ ਦੀ ਗਰਮੀ ਕਰਕੇ ਸਬਜ਼ੀਆਂ ਦੇ ਹੋ ਰਹੇ ਨੁਕਸਾਨ ਤੋਂ ਵੀ ਹੁਣ ਬਚਾਅ ਹੋਵੇਗਾ। ਦੂਜੇ ਪਾਸੇ ਤਾਪਮਾਨ ਡਿੱਗਣ ਕਰਕੇ ਬਿਜਲੀ ਦੀ ਮੰਗ ਵਿੱਚ ਵੀ ਕਮੀ ਆਵੇਗੀ, ਜਿਸ ਨਾਲ ਪੰਜਾਬ ਭਰ ਵਿੱਚ ਲੱਗ ਰਹੇ ਕਈ-ਕਈ ਘੰਟਿਆਂ ਦੇ ਬਿਜਲੀ ਕੱਟ ਵੀ ਰੁਕਣਗੇ।

ਮਾਨਸਾ (ਪੱਤਰ ਪ੍ਰੇਰਕ): ਪੰਜਾਬ ਵਿੱਚ ਅੱਜ ਬਹੁਤੀਆਂ ਥਾਵਾਂ ’ਤੇ ਦਿਨ ਦਾ ਤਾਪਮਾਨ 43.5 ਡਿਗਰੀ ਸੈਂਟੀਗਰੇਡ ਦੇ ਨੇੜੇ-ਤੇੜੇ ਦਰਜ ਕੀਤਾ ਗਿਆ। ਗ੍ਰਾਮੀਣ ਕ੍ਰਿਸ਼ੀ ਮੌਸਮ ਸੇਵਾ (ਭਾਰਤ ਮੌਸਮ ਵਿਭਾਗ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮੀ ਸਲਾਹ ਬੁਲੇਟਿਨ ਅਨੁਸਾਰ ਅਗਲੇ ਚਾਰ-ਪੰਜ ਦਿਨ ਮੀਂਹ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ ਘੱਟ ਕੇ 36 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਉਮੀਦ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਮਹਿਕਮੇ ਦੇ ਵਿਗਿਆਨੀ ਡਾ. ਰਾਜ ਕੁਮਾਰ ਪਾਲ ਨੇ ਦੱਸਿਆ ਕਿ 16 ਤੋਂ 18 ਜੂਨ ਤੱਕ ਪੰਜਾਬ ਸਮੇਤ ਹਰਿਆਣਾ ਅਤੇ ਚੰਡੀਗੜ੍ਹ ਵਿੱਚ 2 ਤੋਂ 4 ਸੈਂਟੀਮੀਟਰ ਤੱਕ ਮੀਂਹ ਪੈ ਸਕਦਾ ਹੈ।

Leave a Reply

Your email address will not be published. Required fields are marked *