ਦੇਸ਼ ਭਰ ’ਚ ਮਿਸਾਲ ਬਣ ਕੇ ਉੱਭਰੇ ਮਲੇਰਕੋਟਲਾ ਤੇ ਫਰੀਦਕੋਟ ਜ਼ਿਲ੍ਹੇ, 100 ਫੀਸਦੀ ਪੇਂਡੂ ਘਰਾਂ ਨੂੰ ਜਲ ਸਪਲਾਈ ਮੁਹੱਈਆ ਕਰਵਾਉਣ ਦਾ ਟੀਚਾ ਸਰ ਕੀਤਾ

ਚੰਡੀਗੜ੍ਹ: ਪੰਜਾਬ ਨੇ ਇਕ ਹੋਰ ਨਿਵੇਕਲੀ ਪ੍ਰਾਪਤੀ ਆਪਣੇ ਨਾਮ ਕਰ ਲਈ ਹੈ। ਸੂਬੇ ਦੇ ਮਲੇਰਕੋਟਲਾ ਤੇ ਫਰੀਦਕੋਟ ਜ਼ਿਲ੍ਹਿਆਂ ਨੇ ‘ਜਲ ਜੀਵਨ ਮਿਸ਼ਨ-ਹਰ ਘਰ ਜਲ’ ਦੇ ਤਹਿਤ ਸਾਰੇ ਪੇਂਡੂ ਘਰਾਂ ਨੂੰ ਸਾਫ ਤੇ ਸੁਰੱਖਿਅਤ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਵਿਚ ਦੇਸ਼ ਦੇ ਸਿਖਰਲੇ ਸੂਬਿਆਂ ਦੀ ਸੂਚੀ ਵਿਚ ਆਪਣਾ ਨਾਮ ਦਰਜ ਕਰਵਾ ਲਿਆ।

ਇਸ ਵਿਲੱਖਣ ਪ੍ਰਾਪਤੀ ਲਈ ਅਧਿਕਾਰੀਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਈਪਾਂ ਰਾਹੀਂ 100 ਫੀਸਦੀ ਪੇਂਡੂ ਵਸੋਂ ਨੂੰ ਸਾਫ ਪਾਣੀ ਪਹੁੰਚਾਉਣ ਵਾਲੇ ਦੇਸ਼ ਭਰ ਵਿਚ ਅੱਠ ਜ਼ਿਲ੍ਹਿਆਂ ਦੀ ਚੋਣ ਕੀਤੀ ਗਈ ਅਤੇ ਮਲੇਰਕੋਟਲਾ ਤੇ ਫਰੀਦਕੋਟ ਨੇ ਇਨ੍ਹਾਂ ਅੱਠ ਜ਼ਿਲ੍ਹਿਆਂ ਦੀ ਸੂਚੀ ਵਿਚ ਆਪਣੀ ਜਗ੍ਹਾ ਬਣਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਵਿਲੱਖਣ ਪ੍ਰਾਪਤੀ ਲਈ ਸੂਬੇ ਦੇ ਦੋ ਜ਼ਿਲ੍ਹੇ ਚੁਣੇ ਗਏ ਹਨ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਮਲੇਰਕੋਟਲਾ ਜ਼ਿਲ੍ਹੇ ਜਿਸ ਦੀ ਕੁੱਲ 2.58 ਲੱਖ ਪੇਂਡੂ ਵਸੋਂ ਹੈ, ਦੇ 49881 ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਸੁਰੱਖਿਅਤ ਪਾਣੀ ਮੁਹੱਈਆ ਕਰਵਾਇਆ ਗਿਆ ਜਦਕਿ ਫਰੀਦਕੋਟ ਜ਼ਿਲ੍ਹਾ ਜਿਸ ਦੀ 4.09 ਪੇਂਡੂ ਆਬਾਦੀ ਹੈ, ਦੇ 78408 ਘਰਾਂ ਲਈ ਸਾਫ ਪਾਣੀ ਦੀ ਵਿਵਸਥਾ ਕੀਤੀ ਗਈ।

ਮੁੱਖ ਮੰਤਰੀ ਨੇ ਕਿਹਾ ਕਿ ‘ਜਲ ਜੀਵਨ ਮਿਸ਼ਨ’ ਦੇ ਤਹਿਤ ਪੰਜਾਬ 34.24 ਲੱਖ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਪੀਣ ਵਾਲਾ ਮੁਹੱਈਆ ਕਰਵਾ ਚੁੱਕਾ ਹੈ ਅਤੇ 11933 ਪਿੰਡਾਂ ਅਤੇ 20 ਜ਼ਿਲ੍ਹਿਆਂ ਨੂੰ 100 ਫੀਸਦੀ ਜਲ ਸਪਲਾਈ ਦੀ ਸਹੂਲਤ ਪ੍ਰਦਾਨ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਦਸੰਬਰ, 2022 ਤੱਕ ਪੰਜਾਬ ਵਿਚ 100 ਫੀਸਦੀ ਜਲ ਸਪਲਾਈ ਦਾ ਟੀਚਾ ਮਿੱਥਿਆ ਹੈ ਜਦਕਿ ਕੌਮੀ ਟੀਚਾ 2024 ਦਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿੰਡਾਂ ਦੀਆਂ ਸਾਰੀਆਂ ਸਾਂਝੀਆਂ ਥਾਵਾਂ ਜਿਵੇਂ ਆਂਗਨਵਾੜੀ ਕੇਂਦਰਾਂ, ਪੰਚਾਇਤਾਂ, ਡਿਸਪੈਂਸਰੀਆਂ, ਸਕੂਲਾਂ ਆਦਿ ਨੂੰ ਵੀ ਪਾਈਪ ਰਾਹੀਂ ਪਾਣੀ ਦੀ ਸਪਲਾਈ ਮੁਹੱਈਆ ਕਰਵਾ ਦਿੱਤੀ ਹੈ।

Leave a Reply

Your email address will not be published. Required fields are marked *