ਜ਼ੀਰਾ ’ਚ ਵੱਡੀ ਵਾਰਦਾਤ, ਘਰ ’ਚ ਸੁੱਤੇ ਪਏ ਹੋਮਗਾਰਡ ਦੇ ਜਵਾਨ ਦਾ ਬੇਰਹਿਮੀ ਨਾਲ ਕਤਲ

ਜ਼ੀਰਾ  : ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਪਿੰਡ ਬੂਲੇ ਨਿਵਾਸੀ ਹੋਮਗਾਰਡ ਜਵਾਨ ਸੁਖਚੈਨ ਸਿੰਘ ਦਾ ਬੀਤੀ ਰਾਤ ਉਸ ਸਮੇਂ ਕਤਲ ਕਰ ਦਿੱਤਾ ਗਿਆ ਜਦੋਂ ਉਹ ਆਪਣੇ ਘਰ ਦੇ ਬਾਹਰ ਬਰਾਂਡੇ ਵਿਚ ਸੁੱਤਾ ਪਿਆ ਸੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਸਦਰ ਜ਼ੀਰਾ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਇਤਲਾਹ ਮਿਲੀ ਕਿ ਪਿੰਡ ਬੂਲੇ ਵਿਖੇ ਕਤਲ ਹੋ ਗਿਆ ਹੈ, ਜਿਸ ਦੇ ਚੱਲਦਿਆਂ ਉਹ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਦੇਖਿਆ ਕਿ ਹੋਮਗਾਰਡ ਜਵਾਨ ਸੁਖਚੈਨ ਸਿੰਘ ਦੀ ਲਾਸ਼ ਉਸ ਦੇ ਘਰ ਦੇ ਬਰਾਂਡੇ ਦੇ ਬਾਹਰ ਮੰਜੇ ’ਤੇ ਪਈ ਸੀ ਜਿਸ ਦੇ ਸਿਰ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਜਾਣ ਦੇ ਨਿਸ਼ਾਨ ਸਨ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਅੰਜਾਮ ਵਿਚ ਲਿਆਂਦੀ ਜਾ ਰਹੀ ਹੈ।

ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪਿੰਡ ਬੂਲੇ ਦੇ ਸਰਪੰਚ ਦਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਵਸਨੀਕ ਹੋਮਗਾਰਡ ਜਵਾਨ ਸੁਖਚੈਨ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਉਨ੍ਹਾਂ ਦੇ ਘਰ ਗਏ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਸੁਖਚੈਨ ਸਿੰਘ ਘਰ ਦੇ ਬਰਾਂਡੇ ਵਿਚ ਸੁੱਤਾ ਪਿਆ ਸੀ ਤਾਂ ਕੁਝ ਲੋਕਾਂ ਵੱਲੋਂ ਉਨ੍ਹਾਂ ਦੇ ਘਰ ਵਿਚ ਦਾਖ਼ਲ ਹੋ ਕੇ ਉਸਦਾ ਕਤਲ ਕਰ ਦਿੱਤਾ ਗਿਆ, ਜਿਸ ਸਬੰਧੀ ਉਨ੍ਹਾਂ ਨੂੰ ਅੱਜ ਸਵੇਰੇ ਪਤਾ ਲੱਗਾ। ਉਧਰ ਪੁਲਸ ਦਾ ਕਹਿਣਾ ਹੈ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ। ਪੁਲਸ ਮੁਤਾਬਕ ਮਾਮਲੇ ਦੀ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *