ਸਖ਼ਤ ਰੌਂਅ ’ਚ ਕਾਂਗਰਸ ਹਾਈਕਮਾਨ, ਲਗਾਤਾਰ ਤੀਜੇ ਵੱਡੇ ਆਗੂ ਨੂੰ ਪਾਰਟੀ ’ਚੋਂ ਕੱਢਿਆ

ਚੰਡੀਗੜ੍ਹ : ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਜੋ ਕਿ ਇਸ ਵਾਰ ਟਿਕਟ ਨਾ ਮਿਲਣ ਕਾਰਨ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ, ਨੂੰ ਅੱਜ ਕਾਂਗਰਸ ਹਾਈਕਮਾਂਨ ਨੇ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਥਾਪੇ ਗਏ ਪੰਜਾਬ/ਚੰਡੀਗੜ੍ਹ ਇੰਚਾਰਜ ਹਰੀਸ਼ ਚੌਧਰੀ ਵਲੋਂ ਅੱਜ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਅਨੁਸਾਸ਼ਨ ਕਮੇਟੀ ਵਲੋਂ ਅਮਰੀਕ ਸਿੰਘ ਢਿੱਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।

ਵਿਧਾਇਕ ਅਮਰੀਕ ਸਿੰਘ ਢਿੱਲੋਂ ਹਲਕਾ ਸਮਰਾਲਾ ’ਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਆਪਣੀ ਹੀ ਪਾਰਟੀ ਦੇ ਉਮੀਦਵਾਰ ਰੁਪਿੰਦਰ ਸਿੰਘ ਰਾਜਾ ਗਿੱਲ ਨੂੰ ਟੱਕਰ ਦੇ ਰਹੇ ਹਨ। ਇਸ ਸਬੰਧੀ ਅੱਜ ਜਦੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਨ ਵਲੋਂ ਅਜੇ ਤੱਕ ਉਨ੍ਹਾਂ ਨੂੰ ਅਜਿਹਾ ਕੋਈ ਵੀ ਪੱਤਰ ਨਹੀਂ ਮਿਲਿਆ ਜਿਸ ਵਿਚ ਉਨ੍ਹਾਂ ਨੂੰ ਪਾਰਟੀ ’ਚੋਂ ਬਾਹਰ ਕੱਢਣ ਸਬੰਧੀ ਜਾਣਕਾਰੀ ਹੋਵੇ।ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਕਾਂਗਰਸ ਨੇ ਕੇਵਲ ਸਿੰਘ ਢਿੱਲੋਂ ਅਤੇ ਹਲਕਾ ਅਟਾਰੀ ਤੋਂ ਵਿਧਾਇਕ ਤਰਸੇਮ ਸਿੰਘ ਡੀ. ਸੀ. ਨੂੰ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਸੀ।