ਪਟਿਆਲਾ ਹਿੰਸਾ ਮਾਮਲੇ ’ਤੇ ਭਾਜਪਾ ਅਤੇ ‘ਆਪ’ ਆਹਮੋ-ਸਾਹਮਣੇ

ਚੰਡੀਗੜ੍ਹ : ਪਟਿਆਲਾ ਵਿੱਚ ਖਾਲਿਸਤਾਨ ਦੇ ਮੁੱਦੇ ’ਤੇ ਹੋਏ ਟਕਰਾਅ ਮਗਰੋਂ ਭਾਜਪਾ ਅਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਆ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਕਤ ਘਟਨਾ ਪਿਛੇ ਵਿਰੋਧੀ ਪਾਰਟੀਆਂ ਦਾ ਹੱਥ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਸੀ। ‘ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਰਕਾਰ ਦੀ ਪਿੱਠ ਥਾਪੜਦਿਆਂ ਉਸ ਵੱਲੋਂ 48 ਘੰਟਿਆਂ ਵਿੱਚ ਘਟਨਾ ਦੇ ਮੁੱਖ ਸਾਜ਼ਿਸ਼ਕਾਰ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਆਖੀ ਹੈ। ਉਧਰ ਭਾਜਪਾ ਇਸ ਮਾਮਲੇ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ ਅਤੇ ਦੋਸ਼ ਲਾਇਆ ਕਿ ਉਸ ਨੇ ਖ਼ੁਫੀਆ ਵਿੰਗ ਦੀਆਂ ਰਿਪੋਰਟਾਂ ਦੇ ਬਾਵਜੂਦ ਲੋੜੀਂਦੇ ਪ੍ਰਬੰਧ ਨਹੀਂ ਕੀਤੇ ਸਨ।

ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਠੀਕ ਕਰਨ ਦੀ ਥਾਂ ਵਿਰੋਧੀਆਂ ’ਤੇ ਦੋਸ਼ ਲਗਾ ਕੇ ਲੋਕਾਂ ਨੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਦੀ ਘਟਨਾ ਤੋਂ ਬਾਅਦ ਆਈਜੀ, ਡੀਆਈਜੀ ਅਤੇ ਐੱਸਐੱਸਪੀ ਨੂੰ ਬਦਲ ਦਿੱਤਾ ਗਿਆ, ਜਦਕਿ ਇਸ ਦੀ ਜ਼ਿੰਮੇਵਾਰੀ ਭਗਵੰਤ ਸਿੰਘ ਮਾਨ ਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮਾਨ ਨੂੰ ਗ੍ਰਹਿ ਮੰਤਰੀ ਦਾ ਅਹੁਦਾ ਛੱਡ ਦੇਣਾ ਚਾਹੀਦਾ ਹੈ।

ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਹਰ ਪਹਿਲੂ ’ਤੇ ਫੇਲ੍ਹ ਸਾਬਤ ਹੋ ਰਹੀ ਹੈ, ਜਿਸ ਨੇ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਉਨ੍ਹਾਂ ਵਿੱਚੋਂ ਇਕ ਵੀ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ‘ਆਪ’ ਦੇ 300 ਯੂਨਿਟ ਮੁਫ਼ਤ ਬਿਜਲੀ ਦੇ ਐਲਾਨ ਖ਼ਿਲਾਫ਼ 5 ਮਈ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਮੂਹਰੇ ਰੋਸ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਦੇ ਲੋਕਾਂ ਨੂੰ 24 ਘੰਟੇ ਬਿਜਲੀ ਸਪਲਾਈ ਅਤੇ 300 ਯੂਨਿਟ ਮੁਫ਼ਤ ਬਿਜਲੀ ਯਕੀਨੀ ਨਹੀਂ ਬਣਾਈ ਜਾਂਦੀ, ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ। ਭਾਜਪਾ ਨੇ ਮਾਨ ਸਰਕਾਰ ’ਤੇ 40 ਦਿਨਾਂ ਵਿੱਚ 7 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਦਾ ਵੀ ਦੋਸ਼ ਲਗਾਇਆ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ 7 ਹਜ਼ਾਰ ਕਰੋੜ ਦੇ ਕਰਜ਼ੇ ਦਾ ਹਿਸਾਬ-ਕਿਤਾਬ ਪੰਜਾਬ ਦੇ ਲੋਕਾਂ ਨੂੰ ਦੇਵੇ। ਇਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲੀਸ ਵੱਲੋਂ ਤੁਰੰਤ ਕੀਤੀ ਕਾਰਵਾਈ ਕਾਰਨ ਪਟਿਆਲਾ ਹਿੰਸਾ ਕਾਂਡ ਦੇ ਸਾਜ਼ਿਸ਼ਕਾਰ ਨੂੰ 48 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਮਾਮਲੇ ’ਚ 6 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਘਟਨਾ ਲਈ ਜ਼ਿੰਮੇਵਾਰ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਕੰਗ ਨੇ ਕਿਹਾ ਕਿ ਜਿਹੜੇ ਲੋਕ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਤੋੜਨ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਖੁਦ ਪੂਰੇ ਹਾਲਾਤ ’ਤੇ ਨਜ਼ਰ ਰੱਖ ਰਹੇ ਹਨ। ‘ਆਪ’ ਬੁਲਾਰੇ ਨੇ ਕਿਹਾ ਕਿ ਪੰਜਾਬ ’ਚ ਅਜਿਹੀਆਂ ਹਿੰਸਕ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਕਦੇ ਵੀ ਸਫ਼ਲ ਨਹੀਂ ਹੋਣਗੀਆਂ। ਉਧਰ ਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਟਵੀਟ ਕਰਕੇ ਕਿਹਾ ਕਿ ਵਿਰੋਧੀ ਧਿਰ ਨੇ ਅਸ਼ਾਂਤੀ ਦਾ ਮਾਹੌਲ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਸੀ ਪਰ ਸਰਕਾਰ ਨੇ ਜਿਸ ਜ਼ਿੰਮੇਵਾਰੀ ਅਤੇ ਗੰਭੀਰਤਾ ਨਾਲ ਮਾਮਲੇ ਨੂੰ ਨਜਿੱਠਿਆ ਹੈ, ਉਸ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ।

Leave a Reply

Your email address will not be published. Required fields are marked *