ਮੁਲਤਾਨੀ ਕੇਸ : ਮਾਮਲਾ ਦੂਜੀ ਅਦਾਲਤ ’ਚ ਤਬਦੀਲ

ਮੋਹਾਲੀ : ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਦੂਜੀ ਅਦਾਲਤ ਵਿੱਚ ਤਬਦੀਲ ਹੋਣ ਮਗਰੋਂ ਪੀੜਤ ਪਰਿਵਾਰ ਨੂੰ ਇਨਸਾਫ਼ ਦੀ ਆਸ ਬੱਝ ਗਈ ਹੈ। ਸੈਣੀ ਖ਼ਿਲਾਫ਼ 29 ਸਾਲ ਪਹਿਲਾਂ ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਕਥਿਤ ਘਰੋਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦਾ ਦੋਸ਼ ਹੈ।

ਇਸ ਮਾਮਲੇ ਵਿੱਚ ਚਾਰ ਹੋਰ ਮੁਲਜ਼ਮਾਂ ਹਰ ਸਹਾਏ ਸ਼ਰਮਾ ਵਾਸੀ ਸੈਕਟਰ-51ਡੀ, ਜਗੀਰ ਸਿੰਘ ਵਾਸੀ ਸੈਕਟਰ-51, ਅਨੋਖ ਸਿੰਘ ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ ਵਾਸੀ ਮਨੀਮਾਜਰਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਹ ਚਾਰੇ ਮੁਲਜ਼ਮ ਯੂਟੀ ਪੁਲੀਸ ’ਚੋਂ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹਨ ਅਤੇ ਚੰਡੀਗੜ੍ਹ ਵਿੱਚ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਚਹੇਤੇ ਸਨ।

ਸੈਣੀ ਸਮੇਤ ਸਾਰੇ ਮੁਲਜ਼ਮ ਜ਼ਮਾਨਤ ’ਤੇ ਹਨ। ਅਦਾਲਤ ਨੇ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ ’ਤੇ ਸਟੇਅ ਆਰਡਰ ਬਰਕਰਾਰ ਰੱਖੇ ਹੋਏ ਹਨ, ਜਿਸ ਕਾਰਨ ਪੀੜਤ ਪਰਿਵਾਰ ਨੇ ਸੈਣੀ ਪ੍ਰਤੀ ਅਦਾਲਤ ਦਾ ਨਰਮ ਰੁਖ ਦੇਖਦਿਆਂ ਇਹ ਕੇਸ ਦੂਜੀ ਅਦਾਲਤ ਵਿੱਚ ਤਬਦੀਲ ਕਰਨ ਦੀ ਅਪੀਲ ਕੀਤੀ ਸੀ। ਪੁਲੀਸ ਵਿਭਾਗ ਵਿੱਚ ਸੈਣੀ ਦਾ ਰਸੂਖ ਹੋਣ ਕਾਰਨ ਇਸ ਮਾਮਲੇ ਦੀ ਜਾਂਚ ਤੇਜ਼ੀ ਨਾਲ ਅੱਗੇ ਨਹੀਂ ਤੁਰ ਸਕੀ।

ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਕਿਹਾ ਕਿ ਅਜਿਹੇ ਗੰਭੀਰ ਕੇਸਾਂ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਏਨੀ ਛੇਤੀ ਅਤੇ ਏਨੀ ਵੱਡੀ ਰਾਹਤ ਨਹੀਂ ਦਿੱਤੀ ਜਾ ਸਕਦੀ ਪਰ ਸੈਣੀ ਮਾਮਲੇ ਵਿੱਚ ਅਦਾਲਤ ਦੀ ਧਾਰਨਾ ਸਾਫ਼ ਝਲਕਣ ਲੱਗ ਪਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਦੀ ਜਾਂਚ ਬਹੁਤ ਗੁਪਤ ਹੁੰਦੀ ਹੈ ਪਰ ਇਸ ਕੇਸ ਵਿੱਚ ਜਾਂਚ ਦਾ ਹਰੇਕ ਪਹਿਲੂ ਸੈਣੀ ਕੋਲ ਪਹੁੰਚ ਰਿਹਾ ਸੀ।

ਨਿਆਂ ਪ੍ਰਣਾਲੀ ’ਤੇ ਚੁੱਕੇ ਸਵਾਲ

ਪੰਜਾਬ ਸਰਕਾਰ ਵੱਲੋਂ ਇਸ ਕੇਸ ਦੀ ਪੈਰਵੀ ਕਰਨ ਲਈ ਨਿਯੁਕਤ ਕੀਤੇ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਨੇ ਵੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਨਿਆਂ ਪ੍ਰਣਾਲੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਲਿਖਤੀ ਰੂਪ ਵਿੱਚ ਸਮੁੱਚੇ ਘਟਨਾਕ੍ਰਮ, ਸੀਬੀਆਈ ਦੀ ਜਾਂਚ ਅਤੇ ਮੌਜੂਦਾ ਕਾਰਵਾਈ ਬਾਰੇ ਠੋਸ ਤੱਥ ਪੇਸ਼ ਕਰਦਿਆਂ ਨਾਰਾਜ਼ਗੀ ਦਿਖਾਈ ਹੈ। ਉਧਰ, ਸੀਬੀਆਈ ਨੇ ਵੀ ਆਪਣੀ ਮੁੱਢਲੀ ਜਾਂਚ ਵਿੱਚ ਮੁਲਤਾਨੀ ਨੂੰ ਘਰੋਂ ਚੁੱਕ ਕੇ ਨਾਜਾਇਜ਼ ਹਿਰਾਸਤ ਵਿੱਚ ਰੱਖਣ ਅਤੇ ਉਸ ’ਤੇ ਤਸ਼ੱਦਦ ਢਾਹੁਣ ਤੋਂ ਬਾਅਦ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਵਿੱਚ ਸੈਣੀ ਦਾ ਹੱਥ ਦੱਸਿਆ ਸੀ।

Leave a Reply

Your email address will not be published. Required fields are marked *