ਜੰਗਲਾਤ ਘਪਲਾ: ਹਾਈ ਕੋਰਟ ਨੇ ਐੱਫਆਈਆਰ ਰੱਦ ਕਰਨ ਕਰਨ ਬਾਰੇ ਗਿਲਜ਼ੀਆਂ ਦੀ ਅਰਜ਼ੀ ਸੁਣਨ ਤੋਂ ਇਨਕਾਰ ਕੀਤਾ
ਮੁਹਾਲੀ: ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੀਆਂ ਲਗਾਤਾਰ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕੁੱਝ ਦਿਨ ਪਹਿਲਾਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮੁਹਾਲੀ ਦੇ ਵਿਜੀਲੈਂਸ ਥਾਣਾ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸੇ ਕੇਸ ਵਿੱਚ ਸੰਗਤ ਸਿੰਘ ਗਿਲਜ਼ੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਗਿਲਜ਼ੀਆਂ ਨੇ ਵਿਜੀਲੈਂਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਦੱਸਦਿਆਂ ਉਸ ਖ਼ਿਲਾਫ਼ ਦਰਜ ਐੱਫਆਈਆਰ ਮੁੱਢੋਂ ਰੱਦ ਕਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ। ਹਾਈ ਕੋਰਟ ਨੇ ਗਿਲਜ਼ੀਆਂ ਨੂੰ ਝਟਕਾ ਦਿੰਦਿਆਂ ਉਸ ਦੀ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਉਸ ਨੂੰ ਪਹਿਲਾਂ ਜ਼ਮਾਨਤ ਅਰਜ਼ੀ ਲਾਉਣ ਲਈ ਕਿਹਾ ਹੈ। ਗਿਲਜ਼ੀਆਂ ਅਤੇ ਧਰਮਸੋਤ ਉੱਤੇ ਜੰਗਲਾਤ ਵਿਭਾਗ ਵਿੱਚ ਠੇਕੇਦਾਰਾਂ ਤੋਂ ਪੈਸੇ ਲੈ ਕੇ ਖੈਰ ਦੇ ਦਰੱਖਤਾਂ ਦੀ ਕਟਾਈ ਦਾ ਠੇਕਾ ਦੇਣ ਦਾ ਦੋਸ਼ ਹੈ। ਧਰਮਸੋਤ ਇਸ ਸਮੇਤ ਉਸ ਦਾ ਓਐੱਸਡੀ ਚਮਕੌਰ ਸਿੰਘ ਅਤੇ ਮੀਡੀਆ ਸਲਾਹਕਾਰ ਕਮਲਜੀਤ ਸਿੰਘ ਇਸ ਸਮੇਂ ਜੇਲ੍ਹ ਵਿੱਚ ਹਨ, ਜਦੋਂਕਿ ਗਿਲਜ਼ੀਆਂ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਹੈ।