‘ਆਪ’ ਸੇਵਾ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ’ਚ ਤਬਦੀਲ ਕਰ ਕੇ ਲੋਕਾਂ ਨੂੰ ਧੋਖਾ ਦੇ ਰਹੀ ਹੈ: ਸੁਖਬੀਰ

ਚੰਡੀਗੜ੍ਹ  : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ‘ਆਪ’ ਸਰਕਾਰ ਵੱਲੋਂ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਨਿਸ਼ਾਨੇ ਲਾਏ ਹਨ। ਸੰਸਦ ਮੈਂਬਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਮਾਰਤਾਂ ਅਤੇ ਸਕੀਮਾਂ ਦੀਆਂ ਨੇਮ ਪਲੇਟਾਂ ਬਦਲ ਕੇ ਪੰਜਾਬੀਆਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ, ਜਿਵੇਂ ਕਿ ਅਕਾਲੀ ਦਲ ਸਰਕਾਰ ਵੱਲੋਂ ਸਥਾਪਿਤ ਸੇਵਾ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ’ਚ ਤਬਦੀਲ ਕਰ ਕੇ ਕੀਤਾ ਗਿਆ ਹੈ। ‘ਆਪ’ ਸਰਕਾਰ ਨੇ 13,000 ਪਿੰਡਾਂ ਵਾਲੇ ਸੂਬੇ ’ਚ 75 ਕਲੀਨਿਕ ਖੋਲ੍ਹ ਕੇ ਨਾ ਸਿਰਫ਼ ਮੁਹੱਲਾ ਕਲੀਨਿਕਾਂ ਦੀ ਵਿਵਸਥਾ ਨੂੰ ਮਜ਼ਾਕ ਬਣਾ ਦਿੱਤਾ ਹੈ, ਸਗੋਂ ਲੋਕਾਂ ਨੂੰ ਸੇਵਾ ਕੇਂਦਰਾਂ ਦੀ ਵਿਲੱਖਣ ਸਹੂਲਤ ਤੋਂ ਵੀ ਵਾਂਝਾ ਕਰ ਦਿੱਤਾ ਹੈ। ਸੇਵਾ ਕੇਂਦਰਾਂ ’ਚ ਇਕ ਛੱਤ ਹੇਠ 78 ਸੇਵਾਵਾਂ ਪ੍ਰਦਾਨ ਕਰਨ ਲਈ 2,000 ਕੇਂਦਰ ਸਥਾਪਿਤ ਕੀਤੇ ਗਏ ਸਨ।

ਬਾਦਲ ਨੇ ਇਕ ਹੋਰ ਟਵੀਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੇ ਆਪਣੇ ਵਾਅਦੇ ਤੋਂ ਮੁੱਕਰਦਿਆਂ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਸ ਸਕੀਮ ਦੀ ਨੋਟੀਫਿਕੇਸ਼ਨ ’ਚ ਬੇਸ਼ੁਮਾਰ ਸਵਾਰੀਆਂ ਕਾਰਨ 90 ਫੀਸਦੀ ਲੋਕ ਸ਼ਾਮਲ ਨਹੀਂ ਹਨ। ਇਸ ਦੇ ਉਲਟ ਸ਼੍ਰੋਮਣੀ ਅਕਾਲੀ ਦਲ ਸਰਕਾਰ ਕਮਜ਼ੋਰ ਵਰਗਾਂ ਨੂੰ ਬਿਨਾਂ ਕਿਸੇ ਸ਼ਰਤ ਦੇ 200 ਯੂਨਿਟ ਪ੍ਰਤੀ ਮਹੀਨਾ ਦਿੰਦਾ ਸੀ। ਇਹ ਬਿਲਕੁਲ ਸਸਤਾ ਹੈ ਤੇ ਮੁੱਖ ਮੰਤਰੀ ਦੇ ਰੁਤਬੇ ਨਾਲ ਮੇਲ ਨਹੀਂ ਖਾਂਦਾ। ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਸਥਿਤ ਤਿਆਰ ਹੋ ਰਹੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ ਸੀ। ਇਸ ਦੌਰਾਨ ਸਰਕਾਰ ਵੱਲੋਂ ਬਣਾਏ ਜਾ ਰਹੇ ਮੁਹੱਲਾ ਕਲੀਨਿਕ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ।

Leave a Reply

Your email address will not be published. Required fields are marked *