ਵਿਜੀਲੈਂਸ ਵੱਲੋਂ ਲੁਧਿਆਣਾ ਟੈਂਡਰ ਘਪਲੇ ਵਿਚ ਦੋ ਡੀ. ਐੱਫ. ਐੱਸ. ਸੀ. ਗ੍ਰਿਫਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿਚ ਹੋਏ ਟੈਂਡਰ ਘੁਟਾਲੇ ਵਿਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰਾਂ (ਡੀ. ਐੱਫ. ਐੱਸ. ਸੀ.) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਸਮੇਤ ਪੰਕਜ ਕੁਮਾਰ ਉਰਫ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਸਿੰਘ ਉਰਫ ਇੰਦੀ, ਦੋਵੇਂ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ ਨੂੰ ਭਗੌੜਾ ਕਰਾਰ ਦੇਣ ਵਿਰੁੱਧ ਅਦਾਲਤੀ ਕਾਰਵਾਈ ਅਰੰਭ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ, ਸੰਦੀਪ ਭਾਟੀਆ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕਾਂ/ਭਾਈਵਾਲਾਂ ਸਮੇਤ ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਅਨਾਜ ਮੰਡੀਆਂ ਵਿਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰ ਅਲਾਟ ਕਰਨ ਲਈ ਸਬੰਧਤ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ  ਵਿਰੁੱਧ ਐੱਫ. ਆਈ. ਆਰ. ਨੰਬਰ 11 ਮਿਤੀ 16-08-2022, ਆਈ. ਪੀ. ਸੀ. ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 12, 13(2) ਤਹਿਤ ਪਹਿਲਾਂ ਹੀ ਕੇਸ ਦਰਜ ਕੀਤਾ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਕੱਦਮੇ ਵਿਚ ਮੁਲਜ਼ਮ ਤੇਲੂ ਰਾਮ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕ੍ਰਿਸ਼ਨ ਲਾਲ ਧੋਤੀਵਾਲਾ ਅਤੇ ਅਨਿਲ ਜੈਨ (ਦੋਵੇਂ ਆੜ੍ਹਤੀਏ) ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਨਿਆਂਇਕ ਹਿਰਾਸਤ ਵਿਚ ਹਨ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ ਅਤੇ ਕ੍ਰਿਸ਼ਨ ਲਾਲ ਵਿਰੁੱਧ ਲੁਧਿਆਣਾ ਦੀ ਸਮਰੱਥ ਅਦਾਲਤ ਵਿਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਦੀ ਤਫਤੀਸ਼ ਦੌਰਾਨ ਵਿਜੀਲੈਂਸ ਬਿਊਰੋ ਨੇ ਅੱਜ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ ਸੁਖਵਿੰਦਰ ਸਿੰਘ ਗਿੱਲ ਤਤਕਾਲੀ ਡੀ. ਐੱਫ. ਐੱਸ. ਸੀ ਲੁਧਿਆਣਾ ਪੱਛਮੀ ਅਤੇ ਹਰਵੀਨ ਕੌਰ ਤਤਕਾਲੀ ਡੀ. ਐੱਫ. ਐੱਸ. ਸੀ. ਲੁਧਿਆਣਾ ਪੂਰਬੀ ਸਨ ਜੋ ਇਸ ਸਮੇਂ ਸੁਖਵਿੰਦਰ ਸਿੰਘ ਗਿੱਲ ਡੀ. ਐੱਫ. ਐੱਸ. ਸੀ. ਫਰੀਦਕੋਟ ਅਤੇ ਹਰਵੀਨ ਕੌਰ ਡੀ. ਐੱਫ. ਐੱਸ. ਸੀ. ਜਲੰਧਰ ਤਾਇਨਾਤ ਹਨ।

ਉਨ੍ਹਾਂ ਕਿਹਾ ਕਿ ਉਕਤ ਟੈਂਡਰਾਂ ਦੀ ਅਲਾਟਮੈਂਟ ਸਮੇਂ ਇਹ ਦੋਸ਼ੀ ਜ਼ਿਲ੍ਹਾ ਟੈਂਡਰ ਕਮੇਟੀ ਦੇ ਮੈਂਬਰ/ਕਨਵੀਨਰ ਸਨ। ਉਹ ਕਮੇਟੀ ਦੇ ਹੋਰ ਮੈਂਬਰਾਂ ਦੇ ਨਾਲ ਟੈਂਡਰਾਂ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕਰਨ ਲਈ ਜ਼ਿੰਮੇਵਾਰ ਸਨ, ਜਿਸ ਵਿਚ ਟਰਾਂਸਪੋਰਟ ਵਾਹਨਾਂ ਦੀ ਸੂਚੀ ਵੀ ਸ਼ਾਮਲ ਸੀ ਪਰ ਉਨ੍ਹਾਂ ਨੇ ਜਾਣਬੁੱਝ ਕੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਤਸਦੀਕ ਨਹੀਂ ਕਰਵਾਈ ਕਿਉਂਕਿ ਵਾਹਨਾਂ ਦੀ ਨੱਥੀ ਸੂਚੀ ਵਿਚ ਸਕੂਟਰਾਂ, ਮੋਟਰਸਾਈਕਲਾਂ ਆਦਿ ਦੇ ਨੰਬਰ ਲਿਖੇ ਗਏ ਸਨ। ਉਨ੍ਹਾਂ ਕਿਹਾ ਕਿ ਠੇਕੇਦਾਰਾਂ ਵੱਲੋਂ ਗਲਤ ਦਸਤਾਵੇਜ਼ ਪੇਸ਼ ਕਰਨ ਦੇ ਬਾਵਜੂਦ ਉਪਰੋਕਤ ਅਧਿਕਾਰੀਆਂ ਨੇ ਆਪਣੇ ਚਹੇਤੇ ਵਿਅਕਤੀਆਂ/ਠੇਕੇਦਾਰਾਂ ਤੋਂ ਰਿਸ਼ਵਤ ਲੈ ਕੇ ਟੈਂਡਰ ਅਲਾਟ ਕਰ ਦਿੱਤੇ। ਬੁਲਾਰੇ ਨੇ ਦੱਸਿਆ ਕਿ ਤਫਤੀਸ਼ ਅਨੁਸਾਰ ਸੁਖਵਿੰਦਰ ਸਿੰਘ ਡੀ. ਐੱਫ. ਐੱਸ. ਸੀ.  ਨੇ 2 ਲੱਖ ਰੁਪਏ ਅਤੇ ਇੱਕ ਆਈਫੋਨ ਰਿਸ਼ਵਤ ਵਜੋਂ ਲਿਆ ਸੀ ਅਤੇ ਹਰਵੀਨ ਕੌਰ ਡੀ. ਐੱਫ. ਐੱਸ. ਸੀ. ਨੇ ਮੁਲਜ਼ਮ ਤੇਲੂ ਰਾਮ ਠੇਕੇਦਾਰ ਤੋਂ ਠੇਕੇਦਾਰਾਂ/ਟੈਂਡਰਰਾਂ ਦਾ ਪੱਖ ਪੂਰਨ ਲਈ 3 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਿਉਰੋ ਵੱਲੋਂ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *