ਲੌਂਗੋਵਾਲ ਤੇ ਮਹਿਤਾ ਨੂੰ ਅਕਾਲ ਤਖ਼ਤ ’ਤੇ ਤਲਬ ਕਰਨ ਦੀ ਮੰਗ

ਜਲੰਧਰ : 35 ਸਿੱਖ ਜਥੇਬੰਦੀਆਂ ਤੇ ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨਜ਼ ਦੇ ਬੁਲਾਰੇ ਸੁਖਦੇਵ ਸਿੰਘ ਫਗਵਾੜਾ ਅਤੇ ਪਰਮਪਾਲ ਸਿੰਘ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਰਾਜਿੰਦਰ ਸਿੰਘ ਮਹਿਤਾ ਨੂੰ ਲਾਪਤਾ ਹੋਏ ਸਰੂਪਾਂ ਬਾਰੇ ਝੂਠ ਬੋਲਣ ਅਤੇ ਸਿੱਖ ਪੰਥ ਨੂੰ ਗੁਮਰਾਹ ਕਰਨ ਦੇ ਦੋਸ਼ ਤਹਿਤ ਸ੍ਰੀ ਅਕਾਲ ਤਖਤ ’ਤੇ ਤਲਬ ਕੀਤਾ ਜਾਵੇ। ਉਨ੍ਹਾਂ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪ੍ਰਧਾਨ ਲੌਂਗੋਵਾਲ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ ਦਰਜ ਕਰਨ ਤੋਂ ਮੁੱਕਰ ਗਏ ਹਨ ਜਿਸ ਤੋਂ ਸਪਸ਼ਟ ਹੋ ਗਿਆ ਹੈ ਕਿ ਉਹ ਸਾਰੇ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੇ ਹਨ। ਸੁਖਦੇਵ ਸਿੰਘ ਫਗਵਾੜਾ ਅਤੇ ਪਰਮਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਵਾਲ ਕੀਤਾ ਕਿ ਜੇ ਉਹ ਇਸ ਮਾਮਲੇ ਵਿਚ ਪੁਲੀਸ ਦੀ ਦਖਲਅੰਦਾਜ਼ੀ ਨਹੀਂ ਚਾਹੁੰਦੇ ਤਾਂ ਫਿਰ ਇਹ ਦੱਸਣ ਕਿ ਹਰ ਸਾਲ ਜੂਨ ਮਹੀਨੇ ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਦੌਰਾਨ ਸ਼੍ਰੋਮਣੀ ਕਮੇਟੀ ਦੀ ਮਰਜ਼ੀ ਤੋਂ ਬਿਨਾਂ ਹੀ ਦਰਬਾਰ ਸਾਹਿਬ ਪਰਿਕਰਮਾ ਵਿੱਚ ਪੁਲੀਸ ਤਾਇਨਾਤ ਕਰ ਕੇ ਨੌਜਵਾਨਾਂ ਦੀ ਆਵਾਜ਼ ਕਿਉਂ ਦੱਬੀ ਜਾਂਦੀ ਹੈ। ਜੇ ਕੋਈ ਅਕਾਲ ਤਖਤ ਸਾਹਿਬ ’ਤੇ ਅਰਦਾਸ ਕਰਦਾ ਹੈ ਤਾਂ ਦਰਬਾਰ ਸਾਹਿਬ ਪਰਿਕਰਮਾ ਵਿੱਚ ਤਾਇਨਾਤ ਪੁਲੀਸ ਮੁਲਾਜ਼ਮ ਉਸੇ ਵੇਲੇ ਕਿਵੇਂ ਗ੍ਰਿਫ਼ਤਾਰ ਕਰ ਲੈਂਦੇ ਹਨ। ਉਨ੍ਹਾਂ ਪ੍ਰਧਾਨ ਲੌਂਗੋਵਾਲ ਨੂੰ ਸਵਾਲ ਕੀਤਾ ਕਿ ਹਰ ਵੇਲੇ ਦਰਬਾਰ ਸਾਹਿਬ ਦੀ ਪਰਿਕਰਮਾ ਅੰਦਰ ਸਿਵਲ ਵਰਦੀ ’ਚ ਘੁੰਮ ਰਹੇ ਪੁਲੀਸ ਮੁਲਾਜ਼ਮਾਂ ਦਾ ਪੂਰਾ ਕੰਟਰੋਲ ਹੁੰਦਾ ਹੈ ਕੀ ਉਸ ਵੇਲੇ ਪੁਲੀਸ ਦੀ ਦਖ਼ਲਅੰਦਾਜ਼ੀ ਉਨ੍ਹਾਂ ਦੀ ਸਹਿਮਤੀ ਨਾਲ ਹੁੰਦੀ ਹੈ। ਦੋਹਾਂ ਆਗੂਆਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵੱਲੋਂ ਰਾਜਿੰਦਰ ਸਿੰਘ ਮਹਿਤਾ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦਾਅਵਾ ਕੀਤਾ ਸੀ ਕਿ ਅੱਗ ਲੱਗਣ ਵਾਲੇ ਦਿਨ ਸਿਰਫ 14 ਸਰੂਪ ਹੀ ਨੁਕਸਾਨੇ ਗਏ ਸਨ ਜਦਕਿ ਫਰਵਰੀ 2020 ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਫ਼ਿਸ ਨੋਟ ਤੋਂ ਇਹ ਗੱਲ ਸਾਬਤ ਹੋ ਗਈ ਕਿ ਉਸ ਦਿਨ 80 ਦੇ ਕਰੀਬ ਗੁਰੂ ਸਾਹਿਬ ਦੇ ਪਾਵਨ ਸਰੂਪ ਨੁਕਸਾਨੇ ਗਏ ਸਨ। ਉਨ੍ਹਾਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇਹ ਅਪੀਲ ਵੀ ਕੀਤੀ ਕਿ ਭਾਈ ਲੌਂਗੋਵਾਲ ਤੇ ਮਹਿਤਾ ਸਮੇਤ ਸਾਰੇ ਦੋਸ਼ੀਆਂ ’ਤੇ ਕਿਸੇ ਵੀ ਸਿੱਖ ਸੰਸਥਾ ਦੀ ਚੋਣ ਲੜਨ ’ਤੇ ਪਾਬੰਦੀ ਲਾਈ ਜਾਵੇ।

Leave a Reply

Your email address will not be published. Required fields are marked *