ਗੁਰੂ ਗ੍ਰੰਥ ਸਾਹਿਬ ’ਵਰਸਿਟੀ ਦੇ ਸਟਾਫ਼ ਵੱਲੋਂ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ

ਫ਼ਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਅਧਿਆਪਕਾਂ ਅਤੇ ਬਾਕੀ ਅਮਲੇ ਨੇ ਪਿਛਲੇ 6 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਅੱਜ ਇੱਥੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਜਦੋਂਕਿ ਕੱਲ੍ਹ ਉਨ੍ਹਾਂ ਉਪ ਕੁਲਪਤੀ ਦੇ ਦਫ਼ਤਰ ਨੂੰ ਤਾਲਾ ਲਗਾ ਕੇ ਰੋਸ ਪ੍ਰਗਟ ਕੀਤਾ ਸੀ। ਅੱਜ ਸਮੁੱਚੇ ਸਟਾਫ਼ ਵੱਲੋਂ ਗੇਟ ਅੱਗੇ ਦਿੱਤੇ ਧਰਨੇ ਨੂੰ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ 3 ਸਾਲ ਤੋਂ ਉਨ੍ਹਾਂ ਨੂੰ ਸਮੇਂ ਸਿਰ ਤਨਖ਼ਾਹਾਂ ਨਹੀਂ ਮਿਲ ਰਹੀਆਂ। ਉਨ੍ਹਾਂ ਦੱਸਿਆ ਕਿ ਮਾਰਚ 2020 ਤੋਂ ਬਾਅਦ ਉਨ੍ਹ੍ਵਾਂ ਨੂੰ ਹੁਣ ਤੱਕ ਤਨਖ਼ਾਹ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਦੀ ਮਾਲੀ ਹਾਲਤ ਤਰਸਯੋਗ ਬਣ ਗਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਤੁਰੰਤ ਰਹਿੰਦੀ ਸਾਰੀ ਤਨਖ਼ਾਹ ਨਾ ਦਿੱਤੀ ਅਤੇ ਅੱਗੇ ਲਈ ਸਮੇਂ ਸਿਰ ਤਨਖ਼ਾਹ ਦੇਣ ਦਾ ਭਰੋਸਾ ਨਾ ਦਿੱਤਾ ਤਾਂ ਉਹ ਸੋਮਵਾਰ ਤੋਂ ਲੜੀਵਾਰ ਭੁੱਖ ਹੜਤਾਲ ਵੀ ਸ਼ੁਰੂ ਕਰਨਗੇ। ਬੁਲਾਰਿਆਂ ਨੇ ਦੱਸਿਆ ਕਿ ਜ਼ਿਆਦਾਤਰ ਮੁਲਾਜ਼ਮ ਬੈਂਕਾਂ ਵੱਲੋਂ ਡਿਫਾਲਟਰ ਕਰਾਰ ਦੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਹ ਮਾਮਲਾ ਯੂਨੀਵਰਸਿਟੀ ਦੇ ਮੈਂਬਰ ਸਕੱਤਰ ਦਰਬਾਰਾ ਸਿੰਘ ਗੁਰੂ ਅਤੇ ਕਾਰਜਕਾਰੀ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਦੇ ਵੀ ਧਿਆਨ ਵਿਚ ਲਿਆਂਦਾ ਹੈ। 

ਕੀ ਕਹਿੰਦੇ ਹਨ ਉਪ ਕੁਲਪਤੀ

 ਇਸ ਸਬੰਧੀ ਜਦੋਂ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਸਰਕਾਰ ਵੱਲੋਂ 15 ਕਰੋੜ ਰੁਪਏ ਦੀ ਰਾਸ਼ੀ ਨਹੀਂ ਆ ਰਹੀ ਹੈ। ਇਸੇ ਤਰ੍ਹਾਂ ਕਰੋਨਾ ਕਾਰਨ ਵੀ ਮਾਲੀ ਸੰਕਟ ਆਇਆ ਹੈ, ਜਿਸ ਕਾਰਨ ਮੁਸ਼ਕਲ ਪੇਸ਼ ਆ ਰਹੀ ਹੈ। ਇਸ ਦਾ ਜਲਦੀ ਹੀ ਹੱਲ ਕੱਢ ਲਿਆ ਜਾਵੇਗਾ। 

ਜਲਦੀ ਮਸਲਾ ਹੱਲ ਕਰ ਲਿਆ ਜਾਵੇਗਾ: ਗੁਰੂ

ਯੂਨੀਵਰਸਿਟੀ ਦੇ ਮੈਂਬਰ ਸਕੱਤਰ ਦਰਬਾਰਾ ਸਿੰਘ ਗੁਰੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਉਹ ਇਸ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਸੰਪਰਕ ਕਰ ਰਹੇ ਹਨ ਅਤੇ ਜਲਦੀ ਹੀ ਮਸਲਾ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਸ਼ੁਰੂ ਕਰਨ ਦੀ ਵੀ ਅਪੀਲ ਕੀਤੀ।

# ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ #ਫ਼ਤਹਿਗੜ੍ਹ ਸਾਹਿਬ #ਤਨਖ਼ਾਹ #ਅਧਿਾਪਕ #ਧਰਨਾ #ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ #ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ #ਭੁੱਖ ਹੜਤਾਲ

Leave a Reply

Your email address will not be published. Required fields are marked *