ਨਿੱਜੀ ਥਰਮਲਾਂ ਦਾ ਘਿਰਾਓ ਜਾਰੀ ਰੱਖਣਗੇ ਕਿਸਾਨ

ਬਠਿੰਡਾ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਇੱਥੇ ਹੋਈ ਮੀਟਿੰਗ ਦੌਰਾਨ ਕੇਂਦਰੀ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਾਉਣ ਲਈ ਭਾਜਪਾ ਆਗੂਆਂ ਦੇ ਘਰਾਂ ਅਤੇ ਕਾਰਪੋਰੇਟ ਘਰਾਣਿਆਂ ਦੇ ਟੌਲ ਪਲਾਜ਼ਿਆਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼ ਅਤੇ ਨਿੱਜੀ ਥਰਮਲ ਪਲਾਂਟਾਂ ਦੀਆਂ ਅੰਦਰੂਨੀ ਰੇਲਵੇ ਲਾਈਨਾਂ ’ਤੇ ਧਰਨੇ ਫਿਲਹਾਲ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਪਰਾਲ਼ੀ ਸਾੜਨ ਲਈ ਮਜਬੂਰ ਕਿਸਾਨਾਂ ਨੂੰ ਪ੍ਰਦੂਸ਼ਣ ਦੀ ਆੜ ਹੇਠ 5 ਸਾਲ ਦੀ ਕੈਦ ਅਤੇ ਇੱਕ ਕਰੋੜ ਰੁਪਏ ਤਕ ਦੇ ਜੁਰਮਾਨੇ ਸਬੰਧੀ ਜਾਰੀ ਆਰਡੀਨੈਂਸ ਨੂੰ ਵੀ ਕਿਸਾਨਾਂ ਵਿਰੁੱਧ ‘ਬਦਲਾਖੋਰੀ ਵਾਲਾ ਫ਼ਰਮਾਨ’ ਦੱਸਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਿਰੁੱਧ ਮੌਜੂਦਾ  ਕਿਸਾਨ ਘੋਲ ਦੀ ਜਨਤਕ ਦਾਬ ਨੂੰ ਹੋਰ ਵਧਾਉਣ ਲਈ ਪੰਜਾਬ ਦੀਆਂ ਸਮੂਹ ਸੰਘਰਸ਼ਸ਼ੀਲ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਮਤਾ ਪਾਸ ਕਰ ਕੇ ਮੰਗ ਕੀਤੀ ਗਈ ਕਿ ਦਿਓਕੱਦ ਕੰਪਨੀਆਂ ਦੇ ਥਰਮਲਾਂ ਨੂੰ ਸਰਕਾਰੀ ਹੱਥਾਂ ਵਿੱਚ ਲੈ ਕੇ ਉੱਥੇ ਕੰਮ ਕਰਦੇ ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ ’ਤੇ ਪੱਕਾ ਕੀਤਾ ਜਾਵੇ। ਇਨ੍ਹਾਂ ਥਰਮਲਾਂ ਨੂੰ ਜਾਂਦਾ ਕੋਲਾ ਸਰਕਾਰੀ ਥਰਮਲਾਂ ਨੂੰ ਭੇਜ ਕੇ ਪੂਰੇ ਲੋਡ ’ਤੇ ਚਲਾਇਆ ਜਾਵੇ। ਬਠਿੰਡਾ ਦੇ ਬੰਦ ਕੀਤੇ ਥਰਮਲ ਨੂੰ ਵੀ ਮੁੜ ਚਲਾਇਆ ਜਾਵੇ। ਕਿਸਾਨਾਂ ਨੇ ਦਾਅਵਾ ਕੀਤਾ ਕਿ ਬਣਾਂਵਾਲਾ ਥਰਮਲ ਵੇਦਾਂਤਾ ਕੰਪਨੀ ਦਾ ਹੈ, ਜਿਸ ਦੀ ਸਾਲਾਨਾ ਆਮਦਨ ਇੱਕ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਹੈ।  

ਮੀਟਿੰਗ ਦੌਰਾਨ ਐਲਾਨ ਕੀਤਾ ਗਿਆ ਕਿ ਕਾਲ਼ੇ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ ਅਤੇ ਨਵੇਂ ਪ੍ਰਦੂਸ਼ਣ ਆਰਡੀਨੈਂਸ ਨੂੰ ਰੱਦ ਕਰਾਉਣ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। 5 ਨਵੰਬਰ ਦੇ ਦੇਸ਼ ਵਿਆਪੀ ਚੱਕਾ ਜਾਮ ਸਮੇਂ ਉਗਰਾਹਾਂ ਜਥੇਬੰਦੀ ਆਪਣੇ ਆਜ਼ਾਦ ਐਕਸ਼ਨ ਰਾਹੀਂ 4 ਘੰਟਿਆਂ ਲਈ 23 ਥਾਵਾਂ ’ਤੇ ਹਾਈਵੇਅ ਜਾਮ ਕਰੇਗੀ ਅਤੇ ਦੋਵਾਂ ਨਿੱਜੀ ਥਰਮਲਾਂ ਸਮੇਤ ਅਡਾਨੀ ਸਾਇਲੋ ਸਟੋਰ ਡਗਰੂ ਅਤੇ 3 ਥਾਵਾਂ ’ਤੇ ਰੇਲ ਲਾਈਨਾਂ ’ਤੇ ਵਿਸ਼ਾਲ ਇਕੱਠ ਕਰੇਗੀ। 

ਮਾਨਸਾ (ਜੋਗਿੰਦਰ ਸਿੰਘ ਮਾਨ): ਪੰਜਾਬ ਸਰਕਾਰ ਦੀ ਕੈਬਨਿਟ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਰਮਿਆਨ ਪ੍ਰਾਈਵੇਟ ਥਰਮਲਾਂ ਦੇ ਰੇਲ ਮਾਰਗਾਂ ਤੋਂ ਧਰਨੇ ਚੁਕਵਾਉਣ ਲਈ ਬੀਤੇ ਦਿਨ ਹੋਈ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਅੱਜ ਬਣਾਂਵਾਲਾ ਥਰਮਲ ਪਲਾਂਟ ਨੂੰ ਜਾਂਦੀ ਰੇਲ ਪਟੜੀ ’ਤੇ ਧਰਨਾ ਜਾਰੀ ਰਿਹਾ। ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲਾ ਵਿੱਚ ਪ੍ਰਾਈਵੇਟ ਤਾਪ ਘਰ ਤਲਵੰਡੀ ਸਾਬੋ ਪਾਵਰ ਲਿਮਟਿਡ ਅੱਗੇ ਜਥੇਬੰਦੀ ਦੇ ਬਠਿੰਡਾ ਅਤੇ ਮਾਨਸਾ ਜ਼ਿਲ੍ਹੇ ਦੇ ਕਿਸਾਨਾਂ ਨੇ ਵੱਡੀ ਪੱਧਰ ’ਤੇ ਸ਼ਮੂਲੀਅਤ ਕਰ ਕੇ ਕੋਲਾ ਨਾ ਆਉਣ ਦੇਣ ਦੀ ਮੰਗ ’ਤੇ ਮੁੜ ਮੋਹਰ ਲਗਾਈ। ਜਥੇਬੰਦਕ ਆਗੂਆਂ ਨੇ ਕਿਹਾ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਦੀ ਬਿਜਲੀ ਪੈਦਾਵਾਰ ਠੱਪ ਕਰਕੇ ਸਰਕਾਰੀ ਥਰਮਲ ਪਲਾਂਟ ਪੂਰੀ ਸਮਰੱਥਾ ਨਾਲ ਚਲਾਉਣ ਅਤੇ ਵੇਚੇ ਜਾ ਰਹੇ ਬਠਿੰਡਾ ਥਰਮਲ ਪਲਾਂਟ ਨੂੰ ਮੁੜ ਚਾਲੂ ਕਰਵਾਊਣ ਲਈ ਜੰਗ ਜਾਰੀ ਰਹੇਗੀ।

ਬਣਾਂਵਾਲਾ ਥਰਮਲ ਪਲਾਂਟ ਨੂੰ ਜਾਂਦੀਆਂ ਰੇਲਵੇ ਲਾਈਨਾਂ ’ਤੇ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਜਗਦੇਵ ਸਿੰਘ ਜੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਥਰਮਲ ਸਰਕਾਰੀ ਕੰਟਰੋਲ ਵਿੱਚ ਲੈਣੇ ਚਾਹੀਦੇ ਹਨ ਅਤੇ ਨੈਸ਼ਨਲ ਗਰਿੱਡ ਤੋਂ ਬਿਜਲੀ ਖਰੀਦ ਕੇ ਲੋਕਾਂ ਨੂੰ ਪੂਰੀ ਸਪਲਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਿਜਲੀ ਦੇ ਰੇਟ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਉਸ ਵੇਲੇ ਦੀਆਂ ਸਰਕਾਰਾਂ ਨਾਲ ਮਿਲ ਕੇ ਕੀਤੇ ਗੁਪਤ ਸਮਝੌਤਿਆਂ ਕਾਰਨ ਹੀ ਵਧੇ ਹੋਏ ਹਨ, ਜਿਸ ਕਰਕੇ ਲੋਕਾਂ ਨੂੰ ਇਨ੍ਹਾਂ ਤਾਪ ਘਰਾਂ ਖ਼ਿਲਾਫ਼ ਮੈਦਾਨ ਵਿੱਚ ਉਤਰਨਾ ਚਾਹੀਦਾ ਹੈ ਤਾਂ ਜੋ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੀ ਜੰਗ ਦੇ ਨਾਲ-ਨਾਲ ਇਨ੍ਹਾਂ ਕਾਰਪੋਰੇਟ ਘਰਾਣਿਆਂ ਦਾ ਵੀ ਸਫ਼ਾਇਆ ਕੀਤਾ ਜਾ ਸਕੇ।

ਇਸ ਮੌਕੇ ਜਸਵਿੰਦਰ ਕੌਰ ਝੇਰਿਆਂਵਾਲੀ, ਮਹਿੰਦਰ ਕੌਰ, ਰਾਣੀ ਕੌਰ ਭੰਮੇ, ਰਾਜਿੰਦਰ ਸਿੰਘ ਬੱਗੀ, ਹਰਚੰਦ ਸਿੰਘ ਘੁਦੂਵਾਲਾ ਨੇ ਵੀ ਸੰਬੋਧਨ ਕੀਤਾ।

Leave a Reply

Your email address will not be published. Required fields are marked *