ਮੁਲਤਾਨੀ ਕੇਸ: ਪੰਜਾਬ ਸਰਕਾਰ ਨੇ ਸੁਮੇਧ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਅਰਜ਼ੀ ਵਾਪਸ ਲਈ

ਐਸ.ਏ.ਐਸ. ਨਗਰ (ਮੁਹਾਲੀ) : ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਗਾਇਬ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਸਿੱਖ ਨੌਜਵਾਨ ਨੂੰ ਘਰੋਂ ਅਗਵਾ ਕਰਨ, ਲਾਸ਼ ਖੁਰਦ-ਬੁਰਦ ਕਰਨ ਦੀ ਧਾਰਾ ਸਬੰਧੀ ਮਿਲੀ ਅਗਾਊਂ ਜ਼ਮਾਨਤ ਰੱਦ ਕਰਨ ਬਾਰੇ ਪੰਜਾਬ ਸਰਕਾਰ ਨੇ ਅੱਜ ਅਚਾਨਕ ਯੂ-ਟਰਨ ਲੈਂਦਿਆਂ ਆਪਣੀ ਅਰਜ਼ੀ ਵਾਪਸ ਲੈ ਲਈ ਹੈ। ਜਾਣਕਾਰੀ ਅਨੁਸਾਰ ਅਦਾਲਤ ਨੇ ਕੁਝ ਸਮਾਂ ਪਹਿਲਾਂ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਧਾਰਾ 364, 201 ਅਤੇ 120ਬੀ ਵਿੱਚ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕੀਤੀ ਸੀ ਅਤੇ ਸਾਬਕਾ ਡੀਜੀਪੀ ਨੂੰ ਪੁਲੀਸ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਸਨ। ਸੈਣੀ ਨੂੰ ਇਹ ਵੀ ਹਦਾਇਤ ਕੀਤੀ ਸੀ ਕਿ ਅਦਾਲਤ ਨੂੰ ਬਿਨਾਂ ਦੱਸੇ ਉਹ ਆਪਣੇ ਘਰ ਤੋਂ ਬਿਲਕੁਲ ਬਾਹਰ ਨਹੀਂ ਜਾਣਗੇ, ਬਸ਼ਰਤੇ ਉਨ੍ਹਾਂ ਨੂੰ ਕੋਈ ਮੈਡੀਕਲ ਐਮਰਜੈਂਸੀ ਨਾ ਹੋਵੇ।

ਜਾਣਕਾਰੀ ਅਨੁਸਾਰ ਮੁਹਾਲੀ ਅਦਾਲਤ ਵੱਲੋਂ ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਜਾਣ ਮਗਰੋਂ ਉਸ ਵੱਲੋਂ ਅਦਾਲਤ ਅਤੇ ਸਿਟ ਨੂੰ ਕੁਝ ਦੱਸੇ ਬਿਨਾਂ ਘਰ ਤੋਂ ਗਾਇਬ ਹੋ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਸੈਣੀ ਦੀ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ। ਚੇਤੇ ਰਹੇ ਕਿ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਮਗਰੋਂ ਸੈਣੀ ਜ਼ੈੱਡ ਪਲੱਸ ਸੁਰੱਖਿਆ ਛੱਤਰੀ ਛੱਡ ਕੇ ਆਪਣੇ ਘਰੋਂ ਅਚਾਨਕ ਰੂਪੋਸ਼ ਹੋ ਗਿਆ ਸੀ।

ਪੰਜਾਬ ਸਰਕਾਰ ਅਤੇ ਪੁਲੀਸ ਦਾ ਮੰਨਣਾ ਹੈ ਕਿ ਸਾਬਕਾ ਪੁਲੀਸ ਮੁਖੀ ਨੇ ਆਪਣੇ ਘਰੋਂ ਗਾਇਬ ਹੋ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ, ਲਿਹਾਜ਼ਾ ਉਸ ਦੀ ਜ਼ਮਾਨਤ ਰੱਦ ਕੀਤੀ ਜਾਵੇ। ਪਰ ਹੁਣ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਰੌਸ਼ਨੀ ਵਿੱਚ ਸੈਣੀ ਦੀ ਜ਼ਮਾਨਤ ਰੱਦ ਕਰਵਾਉਣ ਲਈ ਦਾਇਰ ਅਰਜ਼ੀ ਵਾਪਸ ਲੈ ਲਈ ਹੈ। ਸਰਕਾਰੀ ਵਕੀਲ ਨੇ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਸੈਣੀ ਨੂੰ ਆਰਜ਼ੀ ਰਾਹਤ ਦੇਣ ਸਬੰਧੀ ਜਾਰੀ ਹੁਕਮਾਂ ਵਿੱਚ ਉਸ ਖ਼ਿਲਾਫ਼ ਦਰਜ ਸਾਰੀਆਂ ਧਾਰਾਵਾਂ ਅਤੇ ਨੁਕਤਿਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਕਾਰਨ ਸਰਕਾਰ ਨੇ ਆਪਣੀ ਅਰਜ਼ੀ ਵਾਪਸ ਲੈ ਲਈ ਹੈ।

Leave a Reply

Your email address will not be published. Required fields are marked *