ਦੁਕਾਨਦਾਰਾਂ ਤੇ ਵਪਾਰੀਆਂ ਨੂੰ ਕਾਲੀ ਦੀਵਾਲੀ ਮਨਾਉਣ ਦਾ ਸੱਦਾ

ਅੰਮ੍ਰਿਤਸਰ : ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਇੱਥੇ ਸ਼ਹਿਰ ਦੇ ਦੁਕਾਨਦਾਰਾਂ ਨੂੰ ਕਾਲੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਸਮੇਤ ਹੋਰ ਕਿਸਾਨ ਆਗੂ ਅੰਮ੍ਰਿਤਸਰ ਦੇ ਹਾਲ ਬਾਜ਼ਾਰ, ਹਾਲ   ਗੇਟ ਤੇ ਹੋਰ ਇਲਾਕਿਆਂ ਵਿੱਚ ਦੁਕਾਨਦਾਰਾਂ ਨੂੰ ਮਿਲੇ ਅਤੇ ਉਨ੍ਹਾਂ ਕੋਲੋਂ ਕਾਲੀ ਦੀਵਾਲੀ ਮਨਾਉਣ ਲਈ ਸਹਿਯੋਗ ਮੰਗਿਆ। ਕਿਸਾਨਾਂ ਨੇ ਦੁਕਾਨਾਂ ’ਤੇ ਕਾਲੇ ਝੰਡੇ ਲਾਏ ਅਤੇ ਕਾਲੀ ਦੀਵਾਲੀ ਦੇ ਪੋਸਟਰ ਵੀ ਵੰਡੇ। ਕਿਸਾਨ ਆਗੂ ਨੇ ਆਖਿਆ ਕਿ ਕਿਸਾਨਾਂ ਵੱਲੋਂ ਇਸ ਵਾਰ ਪ੍ਰਧਾਨ ਮੰਤਰੀ ਦੇ ਪੁਤਲੇ ਸਾੜ ਕੇ ਕਾਲੀ ਦੀਵਾਲੀ ਮਨਾਈ ਜਾਵੇਗੀ। ਇਸ ਤੋਂ ਪਹਿਲਾਂ ਕਿਸਾਨਾਂ ਨੇ ਦਸਹਿਰੇ ਮੌਕੇ ਵੀ ਪ੍ਰਧਾਨ ਮੰਤਰੀ ਤੇ ਹੋਰ ਕਾਰਪੋਰੇਟ ਘਰਾਣਿਆਂ ਦੇ ਮਾਲਕਾਂ ਦੇ ਪੁਤਲੇ ਫੂਕੇ ਸਨ।

ਇਸੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ’ਤੇ ਚੱਲ ਰਿਹਾ ‘ਰੇਲ ਰੋਕੋ ਅੰਦੋਲਨ’ ਅੱਜ 40ਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਰਣਜੀਤ ਸਿੰਘ ਕਲੇਰਬਾਲਾ ਅਤੇ ਸਕੱਤਰ ਸਿੰਘ ਕੋਟਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੀਆਂ ਜਾ ਰਹੀਆਂ ਮਾਰੂ ਨੀਤੀਆਂ ਨੇ ਹਰ ਵਰਗ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ, ਜਿਸ ਲਈ ਉਹ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮਿਲ ਕੇ ਕਾਲੀ ਦੀਵਾਲੀ ਮਨਾਉਣਗੇ। ਉਨ੍ਹਾਂ ਭਾਜਪਾ ਦੇ ਸੰਸਦ ਮੈਂਬਰ ਸਨੀ ਦਿਓਲ ਵੱਲੋਂ ਜਾਰੀ ਬਿਆਨ ਦੀ ਨਿਖੇਧੀ ਕਰਦਿਆਂ  ਤੁਰੰਤ ਊਸਦੇ ਅਸਤੀਫ਼ੇ ਦੀ ਮੰਗ ਕੀਤੀ।

ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਆਏ ਸੱਦੇ ਨੂੰ ਠੁਕਰਾਇਆ

 ਕੇਂਦਰੀ ਮੰਤਰੀ ਪਿਊਸ਼ ਗੋਇਲ ਅਤੇ ਨਰਿੰਦਰ ਤੋਮਰ ਵੱਲੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਲਈ ਮਿਲੇ ਸੱਦੇ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੋਰ ਕਮੇਟੀ ਦੀ ਦੇਰ ਰਾਤ ਤੱਕ ਚੱਲੀ ਮੀਟਿੰਗ ਮਗਰੋਂ ਠੁਕਰਾ ਦਿੱਤਾ ਹੈ। ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਵੱਲੋਂ ਮਿਲੇ ਸੱਦੇ ਵਿੱਚ ਲਿਖਿਆ ਗਿਆ ਹੈ ਕਿ ਪੰਜਾਬ ਵਿੱਚ ਅੰਦੋਲਨ ਚੱਲ ਰਿਹਾ ਹੈ, ਜਿਸ ਲਈ ਖੇਤੀਬਾੜੀ ਸਬੰਧੀ ਮੁਸ਼ਕਲਾਂ ਉੱਪਰ ਗੱਲਬਾਤ ਕਰਨ ਲਈ ਸੱਦਾ ਦਿੱਤਾ ਜਾਂਦਾ ਹੈ। ਕਮੇਟੀ ਨੇ ਸੱਦੇ ਨੂੰ ਨਕਾਰਦਿਆਂ ਤਰਕ ਦਿੱਤਾ ਕਿ 250 ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਭਰ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਚੱਲ ਰਿਹਾ ਹੈ ਪਰ ਕੇਂਦਰ ਸਰਕਾਰ ਸਿਰਫ਼ ਪੰਜਾਬ ਅੰਦੋਲਨ ਚੱਲਣ ਦੀ ਗੱਲ ਕਹਿ ਕੇ ਜਥੇਬੰਦੀਆਂ ਵਿੱਚ ਫੁੱਟ ਪਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਭਾਰਤ ਦੀਆਂ ਸਾਰੀਆਂ ਜਥੇਬੰਦੀਆਂ ਦੇ ਨੁਮਾਇੰਦੇ ਸੱਦ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੰਜਾਬੀਆਂ ਦੇ ਸੰਘਰਸ਼ ਨੂੰ ਢਾਹ ਲਾਉਣਾ ਚਾਹੁੰਦੀ ਹੈ, ਜੋ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਰੇਲ ਪਟੜੀਆਂ ਖਾਲੀ ਹੋਣ ਦੇ ਬਾਵਜੂਦ ਕੇਂਦਰ ਵੱਲੋਂ ਮਾਲ ਗੱਡੀਆਂ ਨਾ ਚਲਾਉਣ ਅਤੇ ਬਿਹਾਰ ਚੋਣ ਜਿੱਤਣ ਮਗਰੋਂ ਖੇਤੀ ਕਾਨੂੰਨ ਠੀਕ ਹੋਣ ਦੇ ਦਾਅਵੇ ਕਰਨ ਦੇ ਰੋਸ ਵਜੋਂ ਮੀਟਿੰਗ ਵਿੱਚ ਜਥੇਬੰਦੀ ਨੇ ਮੀਟਿੰਗ ’ਚ ਨਾ ਜਾਣ ਦਾ ਫ਼ੈਸਲਾ ਕੀਤਾ ਹੈ।

 ‘ਕਾਰਪੋਰੇਟ ਘਰਾਣਿਆਂ ਦੇ ਕਹਿਣ ’ਤੇ ਕਿਸਾਨ ਮਸਲੇ ਨੂੰ ਉਲਝਾ ਰਹੀ ਹੈ ਕੇਂਦਰ ਸਰਕਾਰ’ 

ਅੰਮ੍ਰਿਤਸਰ: ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਧਰਨਾ ਦੇ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਕਹਿਣ ’ਤੇ ਕਿਸਾਨ ਮਸਲੇ ਨੂੰ ਉਲਝਾ ਰਹੀ ਹੈ। ਅੱਜ 43ਵੇਂ ਦਿਨ  ਧਰਨੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਮਸਲੇ ਨੂੰ ਕਾਰਪੋਰੇਟ ਘਰਾਣਿਆਂ ਦੇ ਕਹਿਣ ’ਤੇ ਉਲਝਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਪੁਲੀਸ ਕਮਿਸ਼ਨਰ ਨੇ ਕਾਰਪੋਰੇਟ ਘਰਾਣਿਆਂ ਦੇ ਕਹਿਣ ’ਤੇ ਜੰਤਰ-ਮੰਤਰ ’ਤੇ 26 ਤੇ 27 ਨਵੰਬਰ ਨੂੰ ਕਿਸਾਨਾਂ ਨੂੰ ਧਰਨਾ ਪ੍ਰਦਰਸ਼ਨ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ, ਜੋ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਕਿਸਾਨ 26 ਤੇ 27 ਨਵੰਬਰ ਦੇ ਦਿੱਲੀ ਧਰਨੇ ਨੂੰ ਕਾਮਯਾਬ ਕਰਨ ਲਈ ਦ੍ਰਿੜ੍ਹ ਹਨ ਤੇ ਇਸ ਤੋਂ ਪਿੱਛੇ ਨਹੀਂ ਹਟਣਗੇ। 

Leave a Reply

Your email address will not be published. Required fields are marked *