ਸੁਮੇਧ ਸੈਣੀ ਖਿ਼ਲਾਫ਼ ਗਿ੍ਰਫ਼ਤਾਰੀ ਵਾਰੰਟ ਜਾਰੀ

ਫ਼ਰੀਦਕੋਟ : ਬਹਿਬਲ ਗੋਲੀ ਕਾਂਡ ਵਿੱਚ ਅੱਜ ਸਥਾਨਕ ਅਦਾਲਤ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਜ਼ਮਾਨਤਯੋਗ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਸਾਬਕਾ ਡੀਜੀਪੀ ਨੂੰ ਅੱਜ ਉਸ ਅੱਗੇ ਪੇਸ਼ ਹੋਣ ਲਈ ਕਿਹਾ ਸੀ, ਪਰ ਅਦਾਲਤੀ ਹੁਕਮਾਂ ਦੇ ਬਾਵਜੂਦ ਉਹ ਹਾਜ਼ਰ ਨਹੀਂ ਹੋਇਆ। ਉਧਰ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਵੀ ਅਦਾਲਤ ਵਿੱਚ ਪੇਸ਼ ਹੋਣਾ ਸੀ, ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਆਪਣੇ ਇੱਕ ਹੁਕਮ ਵਿੱਚ ਆਈਜੀ ਨੂੰ ਅਦਾਲਤ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ, ਜਿਸ ਕਰਕੇ ਜੁਡੀਸ਼ੀਅਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਦੇਰ ਸ਼ਾਮ ਆਈਜੀ ਖ਼ਿਲਾਫ਼ ਜਾਰੀ ਜ਼ਮਾਨਤਯੋਗ ਵਰੰਟਾਂ ਦਾ ਹੁਕਮ ਵਾਪਸ ਲੈ ਲਿਆ। ਵਿਸ਼ੇਸ਼ ਜਾਂਚ ਟੀਮ (ਸਿਟ) ਨੇ 15 ਜਨਵਰੀ ਨੂੰ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਖਿਲਾਫ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿਸ ਮਗਰੋਂ ਜੁਡੀਸ਼ੀਅਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਦੋਵਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਹਾਲਾਂਕਿ ਇਨ੍ਹਾਂ ਵਿੱਚੋਂ ਕੋਈ ਵੀ ਅਧਿਕਾਰੀ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਬਹਿਬਲ ਕਾਂਡ ਵਿੱਚ ਪੇਸ਼ ਹੋਏ ਚਲਾਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪੰਜਾਬ ਦੇ ਹਰਿਆਣਾ ਹਾਈ ਕੋਰਟ ਦੇ ਜੱਜ ਗਰੀਸ਼ ਅਗਨੀਹੋਤਰੀ ਨੇ ਉਮਰਾਨੰਗਲ ਨੂੰ ਅੱਜ ਅਦਾਲਤ ਵਿੱਚ ਪੇਸ਼ ਹੋਣ ਤੋਂ ਛੋਟ ਦਿੰਦਿਆਂ ਇਸ ਮਾਮਲੇ ਦੀ ਸੁਣਵਾਈ 26 ਫਰਵਰੀ ਤੱਕ ਟਾਲ ਦਿੱਤੀ ਹੈ।