ਚੌਤਰਫ਼ੇ ਵਿਰੋਧ ਪਿੱਛੋਂ ਕੇਜਰੀਵਾਲ ਪ੍ਰੋ. ਭੁੱਲਰ ਮਾਮਲੇ ’ਤੇ ਬੋਲਿਆ- ਛੇਤੀ ਹੋਵੇਗੀ ਮੀਟਿੰਗ

ਅੰਮ੍ਰਿਤਸਰ: ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਸਿੱਖ ਬੰਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਸੈਂਟੈਂਸ ਰੀਵਿਊ ਬੋਰਡ ਦੀ ਅਗਲੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ। ਇਹ ਖੁਲਾਸਾ ਅੱਜ ਇੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਕੇਜਰੀਵਾਲ ਨੇ ਦੱਸਿਆ ਕਿ ਇਸ ਮਾਮਲੇ ਬਾਰੇ ਉਨ੍ਹਾਂ ਗ੍ਰਹਿ ਵਿਭਾਗ ਨੂੰ ਆਦੇਸ਼ ਦਿੱਤੇ ਹਨ ਕਿ ਸੈਂਟੈਂਸ ਰੀਵਿਊ ਬੋਰਡ ਦੀ ਅਗਲੀ ਮੀਟਿੰਗ ਤੁਰੰਤ ਰੱਖੀ ਜਾਵੇ ਤੇ ਇਹ ਮਾਮਲਾ ਏਜੰਡੇ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਭੁੱਲਰ ਦੀ ਰਿਹਾਈ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅੰਤਮ ਫੈਸਲਾ ਦਿੱਲੀ ਦੇ ਲੈਫਟੀਨੈਂਟ ਜਨਰਲ ਵੱਲੋਂ  ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਥਾਪਤ ਹੋਣ ਮਗਰੋਂ ਸਰਕਾਰ ਦੇ ਹਰੇਕ ਦਫਤਰ ਵਿਚ ਮੁੱਖ ਮੰਤਰੀ ਦੀ ਤਸਵੀਰ ਦੀ ਥਾਂ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਤਸਵੀਰ ਲਗਾਈ ਜਾਵੇਗੀ। ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਵਿਚਾਲੇ ਚੱਲ ਰਹੇ ਮੁਕਾਬਲੇ ਦੌਰਾਨ ਇਕ ਦੂਜੇ ਖ਼ਿਲਾਫ਼ ਹੋ ਰਹੀ ਦੂਸ਼ਣਬਾਜ਼ੀ ਬਾਰੇ ਉਨ੍ਹਾਂ ਕਿਹਾ ਕਿ ਇਸ ਨਾਲ ਲੋਕ ਮੁੱਦੇ ਦਬਣਗੇ।

ਇਸ ਦੌਰਾਨ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਹੈ। ਸਿੱਖ ਆਗੂ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਖ਼ਿਲਾਫ਼ ਰੋਸ ਵਿਖਾਵਾ ਕਰ ਰਹੇ ਸਨ। ਸਿੱਖ ਪ੍ਰਦਰਸ਼ਨਕਾਰੀ ਸ੍ਰੀ ਕੇਜਰੀਵਾਲ ਦੇ ਕਾਫ਼ਲੇ ਦੇ ਸਾਹਮਣੇ ਪ੍ਰਦਰਸ਼ਨ ਕਰਨਾ ਚਾਹੁੰਦੇ ਸਨ ਪਰ ਪੁਲੀਸ ਨੇ ਉਨ੍ਹਾਂ ਨੂੰ ਰੋਕ ਕੇ ਰੱਖਿਆ ਅਤੇ ਕਾਰਾਂ ਕੋਲ ਨਹੀਂ ਜਾਣ ਦਿੱਤਾ। 

Leave a Reply

Your email address will not be published. Required fields are marked *