ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ ਖਿਲਾਫ਼ ਸੁਪਰੀਮ ਕੋਰਟ ਪੁੱਜੇ ਕਿਸਾਨ ਪਰਿਵਾਰ

ਨਵੀਂ ਦਿੱਲੀ: ਲਖੀਮਪੁਰ ਖੀਰੀ ਵਿਚ ਜੀਪ ਹੇਠ ਦਰੜੇ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਅੱਜ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ਇਸ ਕੇਸ ਵਿੱਚ ਮੁੱਖ ਮੁਲਜ਼ਮ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈ ਕੋਰਟ ਵੱਲੋਂ ਜ਼ਮਾਨਤ ਦੇਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਪੀੜਤ ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਹਾਈ ਕੋਰਟ ਦੇ 10 ਫਰਵਰੀ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ ਕਿਉਂਕਿ ਯੂਪੀ ਸਰਕਾਰ, ਜਿੱਥੇ ਮੁਲਜ਼ਮ ਤੇ ਉਸ ਦੇ ਪਿਤਾ ਦੀ ਪਾਰਟੀ ਸੱਤਾ ਵਿੱਚ ਹੈ, ਇਸ ਫੈਸਲੇ ਖ਼ਿਲਾਫ਼ ਬੋਲਣ ’ਚ ਨਾਕਾਮ ਰਹੀ ਹੈ। ਚੇਤੇ ਰਹੇ ਕਿ ਪਿਛਲੇ ਸਾਲ 3 ਅਕਤੂਬਰ ਨੂੰ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਫੇਰੀ ਖਿਲਾਫ਼ ਵਿਰੋਧ ਕਰ ਰਹੇ ਕਿਸਾਨਾਂ ਦੇ ਇਕ ਸਮੂਹ ਨੂੰ ਜੀਪ ਨੇ ਦਰੜ ਦਿੱਤਾ ਸੀ। ਇਸ ਜੀਪ ਨੂੰ ਕਥਿਤ ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਪੁੱਤਰ ਆਸ਼ੀਸ਼ ਮਿਸ਼ਰਾ ਚਲਾ ਰਿਹਾ ਸੀ। ਇਸ ਹਾਦਸੇ ’ਚ ਚਾਰ ਕਿਸਾਨਾਂ ਤੇ ਇਕ ਸਥਾਨਕ ਪੱਤਰਕਾਰ ਦੀ ਜਾਨ ਜਾਂਦੀ ਰਹੀ ਸੀ। ਇਸ ਘਟਨਾ ਮਗਰੋਂ ਭੜਕੀ ਹਿੰਸਾ ’ਚ ਤਿੰਨ ਹੋਰ ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ।

Leave a Reply

Your email address will not be published. Required fields are marked *