‘ਆਪ’ ਦੀ ਬੰਪਰ ਜਿੱਤ ਤੋਂ ਬਾਅਦ ਨਵੀਂ ਸਰਕਾਰ ਦੇ ਗਠਨ ’ਤੇ ਚਰਚਾ ਤੇਜ਼, ਇਹ ਚਿਹਰੇ ਹੋ ਸਕਦੇ ਨੇ ਕੈਬਨਿਟ ਦਾ ਹਿੱਸਾ

ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਦੇ ਨਾਲ ਹੀ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਸੁਨਾਮੀ ਤੋਂ ਬਾਅਦ ਬਣਨ ਜਾ ਰਹੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਚ ਕਈ ਅਜਿਹੇ ਨੇਤਾ ਹਨ, ਜਿਨ੍ਹਾਂ ਨੂੰ ਅਹਿਮ ਜ਼ਿੰਮੇਵਾਰੀਆਂ ਮਿਲਣ ਦੀਆਂ ਮਜ਼ਬੂਤ ਸੰਭਾਵਨਾਵਾਂ ਹਨ। ਇਨ੍ਹਾਂ ਵਿਚ ਦੂਜੀ ਵਾਰ ਚੋਣ ਜਿੱਤਣ ਵਾਲੇ ਮੌਜੂਦਾ ਨੇਤਾ ਵਿਰੋਧੀ ਧਿਰ ਹਰਪਾਲ ਸਿੰਘ ਚੀਮਾ, ਉਪ ਨੇਤਾ ਵਿਰੋਧੀ ਧਿਰ ਸਰਬਜੀਤ ਕੌਰ ਮਾਣੂੰਕੇ, ਸਭ ਤੋਂ ਵੱਡੇ ਵੋਟ ਫਰਕ ਨਾਲ ਚੋਣ ਜਿੱਤਣ ਵਾਲੇ ਅਮਨ ਅਰੋੜਾ, ਪ੍ਰਿੰਸੀਪਲ ਬੁੱਧਰਾਮ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਗੁਰਮੀਤ ਸਿੰਘ ਮੀਤ ਹੇਅਰ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਹਰਜੋਤ ਸਿੰਘ ਬੈਂਸ, ਗੁਰਿੰਦਰ ਸਿੰਘ ਗੈਰੀ ਵੜਿੰਗ, ਡਾ. ਬਲਬੀਰ ਸਿੰਘ, ਨੀਨਾ ਮਿੱਤਲ, ਅਨਮੋਲ ਗਗਨ ਮਾਨ, ਕੁਲਵੰਤ ਸਿੰਘ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਵੀ ਨਾਂ ਸ਼ਾਮਲ ਹਨ।

ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਜਿਹੜੇ ਉਮੀਦਵਾਰਾਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਦਿੱਗਜ ਆਗੂਆਂ ਨੂੰ ਕਰਾਰੀ ਹਾਰ ਦਿੱਤੀ ਹੈ, ਉਨ੍ਹਾਂ ਨੂੰ ਗਠਿਤ ਹੋਣ ਵਾਲੀ ਸਰਕਾਰ ਵਿਚ ਅਹਿਮ ਜ਼ਿੰਮੇਵਾਰੀਆਂ ਮਿਲ ਸਕਦੀਆਂ ਹਨ। ਪਾਰਟੀ ਦੇ ਇਕ ਸੀਨੀਅਰ ਆਗੂ ਮੁਤਾਬਕ ਜਿਨ੍ਹਾਂ ਉਮੀਦਵਾਰਾਂ ਨੇ ਚਰਨਜੀਤ ਸਿੰਘ ਚੰਨੀ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਵਰਗੇ ਦਿੱਗਜ ਲੀਡਰਾਂ ਨੂੰ ਹਰਾਇਆ ਹੈ ਉਨ੍ਹਾਂ ਨੂੰ ਹਰ ਹਾਲ ਵਿਚ ਨਵੀਂ ਬਣਨ ਵਾਲੀ ਸਰਕਾਰ ਵਿਚ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।

Leave a Reply

Your email address will not be published. Required fields are marked *