ਪੰਜਾਬ ਵਿਧਾਨ ਸਭਾ ‘ਚ ਦਿੱਲੀ ਏਅਰਪੋਰਟ ਜਾਂਦੀਆਂ ਬੱਸਾਂ ‘ਤੇ ਪਿਆ ਰੌਲਾ, ਆਪਸ ‘ਚ ਭਿੜੇ ਭੁੱਲਰ ਤੇ ਬਾਜਵਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ ਤੋਂ ਦਿੱਲੀ ਏਅਰਪੋਰਟ ਨੂੰ ਚਲਾਈਆਂ ਗਈਆਂ ਬੱਸਾਂ ਨੂੰ ਲੈ ਕੇ ਰੌਲਾ-ਰੱਪਾ ਪੈ ਗਿਆ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਸਿੱਧੀਆਂ ਬੱਸਾਂ ਚਲਾਈਆਂ ਗਈਆਂ ਹਨ ਤਾਂ ਇਸ ‘ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਹੁਤ ਪੁਰਾਣੇ ਸਮੇਂ ਤੋਂ ਦਿੱਲੀ ਏਅਰਪੋਰਟ ਲਈ ਨਿੱਜੀ ਅਤੇ ਸਰਕਾਰੀ ਬੱਸਾਂ ਚਲਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਵੀ ਇਨ੍ਹਾਂ ਬੱਸਾਂ ਨੂੰ ਚਲਾਉਣ ਲਈ ਦਿੱਲੀ ਜਾ ਕੇ ਵਾਰ-ਵਾਰ ਮਨਜ਼ੂਰੀ ਲੈਣ ਦੀ ਕੋਸ਼ਿਸ਼ ਕੀਤੀ ਸੀ। ਇਸ ‘ਤੇ ਜਵਾਬ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਇਨ੍ਹਾਂ ਬੱਸਾਂ ਨੂੰ ਚਲਾਉਣ ਲਈ ਅਖ਼ੀਰਲੇ 2 ਮਹੀਨੇ ਕੋਸ਼ਿਸ਼ ਕੀਤੀ ਸੀ ਪਰ ਅਸੀਂ ਵੀ ਲਗਾਤਾਰ 3 ਮਹੀਨਿਆਂ ਤੋਂ ਇਹ ਕੋਸ਼ਿਸ਼ ਕਰ ਰਹੇ ਸੀ ਅਤੇ 3 ਮਹੀਨਿਆਂ ਬਾਅਦ ਜਾ ਕੇ ਇਹ ਬੱਸਾਂ ਸ਼ੁਰੂ ਹੋ ਸਕੀਆਂ ਹਨ। ਉਨ੍ਹਾਂ ਕਿਹਾ ਕਿ ਬੱਸਾਂ ਚਲਾਉਣ ਲਈ ਕਾਂਗਰਸ ਸਰਕਾਰ ਨੇ ਅਖ਼ੀਰ ‘ਚ ਕੋਸ਼ਿਸ਼ ਕੀਤੀ, ਜੋ ਕਿ ਉਸ ਦਾ ਸਿਆਸੀ ਸਟੰਟ ਸੀ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪਹਿਲੇ 5 ਸਾਲ ਕਾਂਗਰਸ ਨੇ ਇਹ ਕੋਸ਼ਿਸ਼ ਕਿਉਂ ਨਹੀਂ ਕੀਤੀ।
ਕਾਂਗਰਸੀ ਮੰਤਰੀਆਂ ਨੇ 13 ਵਾਰ ਦਿੱਲੀ ਸਰਕਾਰ ਨੂੰ ਚਿੱਠੀਆਂ ਲਿਖੀਆਂ : ਰਾਜਾ ਵੜਿੰਗ
ਰਾਜਾ ਵੜਿੰਗ ਨੇ ਟਰਾਂਸਪੋਰਟ ਮੰਤਰੀ ਨੂੰ ਪੁੱਛਿਆ ਕਿ ਟਰਾਂਸਪੋਰਟ ਮੰਤਰੀ ਮੁਤਾਬਕ ਸੁਪਰੀਮ ਕੋਰਟ ਨੇ ਇਨ੍ਹਾਂ ਬੱਸਾਂ ਨੂੰ ਜੇਕਰ ਚਲਾਉਣ ਦੇ ਹੁਕਮ ਦਿੱਤੇ ਹਨ ਤਾਂ ਉਹ ਇਹ ਹੁਕਮ ਦਿਖਾਉਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਏਅਰਪੋਰਟ ਅਥਾਰਟੀ ਨੂੰ ਚਿੱਠੀ ਲਿਖੀ ਸੀ, ਜਿਸ ਦਾ ਜਵਾਬ ਆਇਆ ਅਤੇ ਇਹ ਸਭ ਕੁੱਝ ਆਨ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਹ ਬੱਸਾਂ ਹੁਣ ਸਰਕਾਰ ਵੱਲੋਂ ਆਪਣੀ ਮਨਮਰਜ਼ੀ ਨਾਲ ਚਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਕੋਈ ਸੁਪਰੀਮ ਕੋਰਟ ਦੇ ਬੱਸਾਂ ਨੂੰ ਲੈ ਕੇ ਹੁਕਮ ਜਾਂ ਦਿੱਲੀ ਏਅਰਪੋਰਟ ਅਥਾਰਟੀ ਦੀ ਚਿੱਠੀ ਜੇਕਰ ਉਨ੍ਹਾਂ ਕੋਲ ਹੈ ਤਾਂ ਇਸ ਨੂੰ ਦਿਖਾਉਣ।