ਲੋਕ ਰੋਹ ਅਗੇ ਭਗਵੰਤ ਮਾਨ ਸਰਕਾਰ ਨੂੰ ਆਖ਼ਰ ਝੁਕਣਾ ਪਿਆ, ਮੱਤੇਵਾੜਾ ਪ੍ਰਾਜੈਕਟ ਹੋਵੇਗਾ ਰੱਦ

ਚੰਡੀਗੜ੍ਹ/ਲੁਧਿਆਣਾ : ਲੁਧਿਆਣਾ ਦੇ ਮੱਤੇਵਾੜਾ ਜੰਗਲਾਂ ’ਤੇ ਚੱਲ ਰਹੇ ਵਿਵਾਦ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ, ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਇਸ ਦੇ ਵਿਰੋਧ ਵਿਚ ਜ਼ਬਰਦਸਤ ਪ੍ਰਦਰਸ਼ਨ ਹੋਇਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਸੰਘਰਸ਼ ਦੀ ਅਗਵਾਈ ਕਰ ਰਹੀ ਸੰਘਰਸ਼ ਪਬਲਿਕ ਐਕਸ਼ਨ ਕਮੇਟੀ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਮੱਤੇਵਾੜਾ ਪ੍ਰੋਜੈਕਟ ਨੂੰ ਰੱਦ ਕਰਨ ’ਤੇ ਸਹਿਮਤੀ ਬਣ ਗਈ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।

ਐਤਵਾਰ ਨੂੰ ਵੱਡੇ ਪੱਧਰ ’ਤੇ ਹੋਇਆ ਸੀ ਵਿਰੋਧ ਪ੍ਰਦਰਸ਼ਨ
ਦੱਸਣਯੋਗ ਹੈ ਕਿ ਸਤਲੁਜ ਦਰਿਆ ਦੇ ਨਜ਼ਦੀਕ ਮੱਤੇਵਾੜਾ ਜੰਗਲ ਦੀ ਜ਼ਮੀਨ ਉਪਰ ਕਥਿਤ ਤੌਰ ’ਤੇ ਲਾਏ ਜਾਣ ਵਾਲੇ ਮੈਗਾ ਟੈਕਸਟਾਈਲ ਪਾਰਕ ਦੇ ਵਿਰੋਧ ’ਚ ਸਤਲੁਜ ਅਤੇ ਮੱਤੇਵਾੜਾ ਲਈ ਪਬਲਿਕ ਐਕਸ਼ਨ ਕਮੇਟੀ (ਪੀ. ਏ. ਸੀ.) ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਐਤਵਾਰ ਨੂੰ ਇਸ ਵਿਰੋਧ ਪ੍ਰਦਰਸ਼ਨ ’ਚ ਪੰਜਾਬ ਭਰ ਤੋਂ ਵਾਤਾਵਰਣ ਪ੍ਰੇਮੀ, ਕਿਸਾਨ ਜਥੇਬੰਦੀਆਂ, ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੇ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ। ਮੱਤੇਵਾੜਾ ਟੈਕਸਟਾਈਲ ਪ੍ਰਾਜੈਕਟ ਦਾ ਵਿਰੋਧ ਕਰਨ ਲਈ ਮੈਂਬਰ ਪਾਰਲੀਮੈਂਟ ਸੰਗਰੂਰ ਸਿਮਰਨਜੀਤ ਸਿੰਘ ਮਾਨ, ਕਿਸਾਨ ਆਗੂ ਬਲਦੇਵ ਸਿੰਘ ਸਿਰਸਾ, ਬਲਵੀਰ ਸਿੰਘ ਰਾਜੇਵਾਲ, ਨੌਜਵਾਨ ਸਮਾਜ ਸੇਵੀ ਲੱਖਾ ਸਿਧਾਣਾ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਹਲਕਾ ਸਾਹਨੇਵਾਲ ਇੰਚਾਰਜ ਵਿਕਰਮ ਸਿੰਘ ਬਾਜਵਾ, ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ, ਸਾਬਕਾ ਐੱਮ. ਪੀ. ਡਾ. ਧਰਮਵੀਰ ਗਾਂਧੀ, ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਮਹੇਸ਼ਇੰਦਰ ਸਿੰਘ ਗਰੇਵਾਲ, ਹਰਦੇਵ ਅਰਸੀ ਸਮੇਤ ਹੋਰ ਹਜ਼ਾਰਾਂ ਨੁਮਾਇੰਦੇ ਮੱਤੇਵਾੜਾ ਵਿਖੇ ਪਹੁੰਚੇ ਹੋਏ ਸਨ।

Leave a Reply

Your email address will not be published. Required fields are marked *