ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 100 ਕਰੋੜ ਰੁਪਏ ਜਾਰੀ

ਸਰਕਾਰੀ ਖੰਡ ਮਿੱਲਾਂ ਦੇ ਰਹਿੰਦੇ ਬਕਾਏ 15 ਸਤੰਬਰ ਤੱਕ ਅਦਾ ਕੀਤੇ ਜਾਣਗੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬਾ ਸਰਕਾਰ ਨੇ ਅੱਜ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ 100 ਕਰੋੜ ਰੁਪਏ ਜਮ੍ਹਾ ਕਰ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਸ਼ੂਗਰਫੈੱਡ ਵੱਲੋਂ ਅੱਜ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਫੰਡ ਟਰਾਂਸਫਰ ਕੀਤੇ ਗਏ।
ਸ਼ੂਗਰਫੈੱਡ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਅਦਾ ਕੀਤੀ ਜਾਣ ਵਾਲੀ ਬਕਾਇਆ ਰਾਸ਼ੀ ਹੁਣ 195.60 ਕਰੋੜ ਰੁਪਏ ਹੈ। ਇਸ ਵਿੱਚੋਂ 100 ਕਰੋੜ ਰੁਪਏ ਇਸ ਸਾਲ 31 ਅਗਸਤ ਤੱਕ ਅਦਾ ਕੀਤੇ ਜਾਣਗੇ ਅਤੇ ਬਾਕੀ 95.60 ਕਰੋੜ ਰੁਪਏ  ਦੀ ਅਦਾਇਗੀ 15 ਸਤੰਬਰ ਤੱਕ  ਕਰ ਦਿੱਤੀ ਜਾਵੇਗੀ।
ਇਸ ਤੋਂ ਬਾਅਦ ਅਜਨਾਲਾ, ਬਟਾਲਾ, ਬੁੱਢੇਵਾਲ, ਭੋਗਪੁਰ, ਫਾਜ਼ਿਲਕਾ, ਗੁਰਦਾਸਪੁਰ, ਮੋਰਿੰਡਾ, ਨਕੋਦਰ ਅਤੇ ਨਵਾਂਸ਼ਹਿਰ ਵਿਖੇ ਸਰਕਾਰੀ ਮਾਲਕੀ ਵਾਲੀਆਂ 9 ਖੰਡ ਮਿੱਲਾਂ ਵੱਲ ਕੋਈ ਬਕਾਇਆ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਇਸ 100 ਕਰੋੜ ਰੁਪਏ ਦੀ ਅਦਾਇਗੀ ਨਾਲ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ 619.62 ਕਰੋੜ ਰੁਪਏ ਦੀ ਬਕਾਇਆ ਗੰਨੇ ਦੀ ਅਦਾਇਗੀ ਵਿੱਚੋਂ 424.02 ਕਰੋੜ ਰੁਪਏ ਪਹਿਲਾਂ ਹੀ ਅਦਾ ਕਰ ਚੁੱਕੀ ਹੈ। ਇਹ ਅਦਾਇਗੀਆਂ 2021-22 ਸੀਜ਼ਨ ਦੀਆਂ ਹਨ।

ਬੁਲਾਰੇ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ ਕਿ 2022-23 ਦੇ ਆਗਾਮੀ ਗੰਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਦੀਆਂ ਬਕਾਇਆ ਅਦਾਇਗੀਆਂ ਬਿਨਾਂ ਕਿਸੇ ਦੇਰੀ ਤੋਂ ਕਰ ਦਿੱਤੀਆਂ ਜਾਣ।

Leave a Reply

Your email address will not be published. Required fields are marked *