ਸੁਖਪਾਲ ਖਹਿਰਾ ਦਾ CM ਮਾਨ ਤੇ ਧਾਲੀਵਾਲ ਨੂੰ ਚੈਲੰਜ, ਜਾਣੋ ਪੂਰਾ ਮਾਮਲਾ

ਜਲੰਧਰ: ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਗਏ ਕਬਜ਼ਿਆਂ ਨੂੰ ਛੁਡਾਉਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਲੈ ਕੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ’ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਹੁਣ ਸੁਖਪਾਲ ਸਿੰਘ ਖਹਿਰਾ ਨੇ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਅਧੀਨ ਆਉਂਦੀ ਪੰਚਾਇਤੀ ਜ਼ਮੀਨ ਨੂੰ ਛੁਡਾਉਣ ਨੂੰ ਲੈ ਕੇ ਭਗਵੰਤ ਮਾਨ ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਚੈਲੰਜ ਕਰਦਿਆਂ ਕਿਹਾ ਹੈ ਕਿ ਉਹ ਫਗਵਾੜਾ ਦੇ ਹਰਦਾਸਪੁਰਾ ਦੀ ਪੰਚਾਇਤੀ ਜ਼ਮੀਨ ਨੂੰ ਛੁਡਵਾਉਣ।

ਉਨ੍ਹਾਂ ਇਹ ਵੀ ਕਿਹਾ ਕਿ ਮੈਨੂੰ ਇਹ ਵੀ ਪਤਾ ਲੱਗਾ ਹੈ ਕਿ ਹਰਦਾਸਪੁਰਾ ਦੇ ਸਰਪੰਚ ਨੂੰ ਅਸ਼ੋਕ ਮਿੱਤਲ ਵੱਲੋਂ ਡੀ.ਡੀ.ਪੀ.ਓ. ਦੀ ਅਦਾਲਤ ’ਚ ਕੇਸ ਨਾ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ। ਕੀ ਭਗਵੰਤ ਮਾਨ ਦੀ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਹਟਾਉਣ ਦੀ ਮੁਹਿੰਮ ਸਿਰਫ਼ ਸਿਮਰਨਜੀਤ ਸਿੰਘ ਮਾਨ ਅਤੇ ਹੋਰਾਂ ਸਿਆਸੀ ਵਿਰੋਧੀਆਂ ਤੱਕ ਹੀ ਸੀਮਤ ਹੈ ? ਇਥੇ ਇਹ ਦੱਸਣਯੋਗ ਹੈ ਕਿ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਮਾਲਕ ਅਸ਼ੋਕ ਮਿੱਤਲ ਹਨ, ਜੋਕਿ ਰਾਜ ਸਭਾ ਮੈਂਬਰ ਹਨ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਦੀ ਮਲਕੀਅਤ ਵਾਲੀ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਫਗਵਾੜਾ ਪੰਚਾਇਤੀ ਜ਼ਮੀਨਾਂ ਨੂੰ ਕਥਿਤ ਤੌਰ ’ਤੇ ਹੜੱਪਣ ਦੇ ਮਾਮਲੇ ’ਚ ਸ਼ੱਕ ਦੇ ਘੇਰੇ ’ਚ ਹਨ। ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਹੁਣ ਵੇਖਣਾ ਇਹ ਹੈ ਕਿ ਅਰਵਿੰਦ ਕੇਜਰੀਵਾਲ ਆਪਣੇ ਰਾਜ ਸਭਾ ਮੈਂਬਰ ਖ਼ਿਲਾਫ਼ ਕਾਰਵਾਈ ਕਰਨਗੇ ਜਾਂ ਸਿਰਫ ਮੂਕ ਦਰਸ਼ਕ ਬਣ ਕੇ ਵੇਖਦੇ ਰਹਿਣਗੇ।

ਦਰਅਸਲ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਜਲੰਧਰ ਵੱਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜਲੰਧਰ ਪੂਰਬੀ ਨੂੰ ਇਕ ਪੱਤਰ ਲਿਖਿਆ ਗਿਆ ਸੀ, ਜਿਸ ’ਚ ਮਾਣਯੋਗ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਪੰਜਾਬ 3-6-2022 ਵੱਲੋਂ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਅਧੀਨ ਆਉਂਦੀ ਪੰਚਾਇਤੀ ਜ਼ਮੀਨ ਛੁਡਵਾਉਣ ਸਬੰਧੀ ਕਾਰਵਾਈ ਕਰਨ ਲਈ ਆਦੇਸ਼ ਦਿੱਤੇ ਗਏ ਸਨ ਅਤੇ ਕਿਹਾ ਗਿਆ ਸੀ ਕਿ ਆਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਹੁਣ ਤੱਕ ਇਸ ਸਬੰਧੀ ਹੋਈ ਕਾਰਵਾਈ ਬਾਰੇ ਦਫ਼ਤਰ ’ਚ ਬਿਨਾਂ ਕਿਸੇ ਦੇਰੀ ਦੇ ਸੂਚਿਤ ਕੀਤਾ ਜਾਵੇ ਤਾਂ ਜੋ ਇਸ ਸਬੰਧੀ ਕਾਰਵਾਈ ਕੀਤੀ ਜਾ ਸਕੇ।

Leave a Reply

Your email address will not be published. Required fields are marked *