ਸੁਖਬੀਰ ਬਾਦਲ ਨੂੰ ਪੰਥ ’ਚੋਂ ਛੇਕਿਆ ਜਾਵੇ: ਜਾਖੜ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਡੇਰਾ ਸਿਰਸਾ ਦੀ ਅਹਿਮ ਕਮੇਟੀ ਦੇ ਨੁਮਾਇੰਦਿਆਂ ਵੱਲੋਂ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀਆਂ ਦੀ ਮਦਦ ਕਰਨ ਦੇ ਖੁਲਾਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਡੇਰਾ ਸਿਰਸਾ ਦਾ ਗੱਠਜੋੜ ਬੇਪਰਦ ਹੋ ਗਿਆ ਹੈ। ਜਾਖੜ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਅਤੇ ਸ਼ਰਧਾਲੂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ਾਂ ’ਚ ਘਿਰੇ ਹੋਏ ਹਨ। ਸ੍ਰੀ ਜਾਖੜ ਨੇ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸੁਖਬੀਰ ਸਿੰਘ ਬਾਦਲ ਦੀ ਡੇਰਾ ਸੱਚਾ ਸੌਦਾ ਨਾਲ ਸਾਂਝ ਜਨਤਕ ਹੋਣ ਮਗਰੋਂ ਬਾਦਲਾਂ ਨੂੰ ਪੰਥ ਵਿੱਚੋਂ ਛੇਕਣ ਦੀ ਕਾਰਵਾਈ ਆਰੰਭ ਕਰਨ। ਇਸ ਮੌਕੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਡੇਰੇ ਦੇ ਪੈਰੋਕਾਰਾਂ ਵੱਲੋਂ ਜਨਤਕ ਤੌਰ ’ਤੇ ਇਹ ਮੰਨਣ ਕਿ ਡੇਰੇ ਨੇ 2017 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਵੋਟਾਂ ਪਾਈਆਂ ਸਨ, ਤੋਂ ਬਾਅਦ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਵੋਟਾਂ ਲਈ ਡੇਰੇ ਨਾਲ ਸੌਦਾ ਕੀਤਾ। ਕਾਂਗਰਸ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਹੁਣ ਤੱਕ ਤਾਂ ਇਸ ਬਾਰੇ ਲੋਕਾਂ ਦੇ ਮਨਾਂ ਵਿਚ ਸ਼ੱਕ ਹੀ ਸੀ, ਪਰ ਡੇਰੇ ਨੇ ਪ੍ਰੈੱਸ ਕਾਨਫਰੰਸ ਕਰਕੇ ਲੋਕਾਂ ਦੇ ਸ਼ੱਕ ਨੂੰ ਸੱਚ ਵਿਚ ਬਦਲ ਦਿੱਤਾ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਦੁੱਖਦਾਈ ਘਟਨਾਵਾਂ, ਬਹਿਬਲ ਕਲਾਂ ਗੋਲੀਕਾਂਡ, ਡੇਰਾ ਮੁਖੀ ਲਈ ਮੁਆਫੀਨਾਮਾ ਅਤੇ ਡੇਰਾ ਮੁਖੀ ਦੀ ਫਿਲਮ ਨੂੰ ਪੰਜਾਬ ਵਿਚ ਚਲਾਉਣ ਦੀ ਆਗਿਆ ਦੇਣੀ ਵਰਗੀਆਂ ਘਟਨਾਵਾਂ ਦੀ ਲੜੀ ਹੁਣ ਆਪਣੇ ਆਪ ਸਾਰਾ ਸੱਚ ਬਿਆਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2015 ਤੋਂ ਬਾਅਦ ਵਾਪਰੀਆਂ ਉਕਤ ਘਟਨਾਵਾਂ ਦੀ ਅਪਰਾਧਿਕ ਪੱਖਾਂ ਤੋਂ ਤਾਂ ਪੁਲੀਸ ਜਾਂਚ ਕਰ ਰਹੀ ਹੈ ਅਤੇ ਕਾਨੂੰਨ ਆਪਣਾ ਕੰਮ ਕਰੇਗਾ, ਪਰ ਡੇਰੇ ਦੇ ਉਪਰੋਕਤ ਖੁਲਾਸੇ ਮਗਰੋਂ ਹੁਣ ਸੁਖਬੀਰ ਸਿੰਘ ਬਾਦਲ ਦੀ ਪੰਥ ਦੋਖੀ ਵਿਅਕਤੀ ਨਾਲ ਸਾਂਝ ਪ੍ਰਗਟ ਹੋ ਗਈ ਹੈ। ਉਨ੍ਹਾਂ ਸਮੂਹ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਅਕਾਲ ਤਖਤ ਤੋਂ ਵਰਜੇ ਜਾਣ ਦੇ ਬਾਵਜੂਦ ਪੰਥ ਵਿਰੋਧੀਆਂ ਨਾਲ ਗੂੜੀਆਂ ਸਾਂਝਾ ਰੱਖਣ ਦੇ ਦੋਸ਼ਾਂ ਤਹਿਤ ਪੰਥ ਵਿੱਚੋਂ ਛੇਕਿਆ ਜਾਵੇ।

Leave a Reply

Your email address will not be published. Required fields are marked *