ਯੂਥ ਅਕਾਲੀ ਦਲ ਵੱਲੋਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ, ਵਿਧਾਨ ਸਭਾ ਤੱਕ ਮਾਰਚ ਕੱਢ ਦਿੱਤੀਆਂ ਗ੍ਰਿਫ਼ਤਾਰੀਆਂ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਿਧਾਇਕ ਵਿੰਗ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਭਾਜਪਾ ਵੱਲੋਂ ਰਿਸ਼ਵਤਖੋਰੀ ਦੇ ਦੋਸ਼ਾਂ ਦਾ ਸਿਆਸੀ ਲਾਹਾ ਖੱਟਣ ਵਾਸਤੇ ਪਿਛਲੇ ਦਰਵਾਜਿਓਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸਦਾ ਮਕਸਦ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਧਾਨ ਸਭਾ ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ‘ਚ ਲਾਹਾ ਲੈਣ ਵੱਲ ਸੇਧਤ ਹੈ। ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਵਿਸ਼ਵਾਸ ਮਤਾ ਪੇਸ਼ ਕਰਨ ਦਾ ਮਕਸਦ ਪੰਜਾਬ ਦੇ ਭੱਖਦੇ ਮਸਲਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨਾ ਹੈ। ਉਹਨਾਂ ਨੇ ਕਿਸੇ ਵੀ ਵਿਰੋਧੀ ਪਾਰਟੀ ਵੱਲੋਂ ਮੰਗ ਨਾ ਕਰਨ ਦੇ ਬਾਵਜੂਦ ਵਿਧਾਨ ਸਭਾ ‘ਚ ਵਿਸ਼ਵਾਸ ਮਤਾ ਪੇਸ਼ ਕਰਨ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ‘ਆਪ’ ਸਰਕਾਰ ਨੂੰ ਕੁੱਲ 117 ‘ਚੋਂ 92 ਵਿਧਾਇਕਾਂ ਦੀ ਹਮਾਇਤ ਹਾਸਲ ਹੈ ਤੇ ਇਹ ਮਤਾ ਪੇਸ਼ ਕਰਨਾ ਸਾਬਤ ਕਰਦਾ ਹੈ ਕਿ ਇਸਦਾ ਮਕਸਦ ਸਿਰਫ਼ ਸਿਆਸੀ ਹੈ ਨਾ ਕਿ ਪੰਜਾਬ ਦੇ ਅਸਲ ਮੁੱਦਿਆਂ ਨੂੰ ਹੱਲ ਕਰਨਾ।

ਇਯਾਲੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪਿਛਲੇ ਦਰਵਾਜ਼ੇ ਰਾਹੀਂ ਵਿਸ਼ਵਾਸ ਮਤਾ ਪੇਸ਼ ਕੀਤਾ ਹੈ। ਉਹਨਾਂ ਕਿਹਾ ਕਿ ਉਹ ਬਿਜ਼ਨੈੱਸ ਸਲਾਹਕਾਰ ਕਮੇਟੀ ਦੀ ਮੀਟਿੰਗ ‘ਚ ਸ਼ਾਮਲ ਹੋਏ ਸਨ ਤੇ ਸਦਨ ਦੇ ਏਜੰਡੇ ਨੂੰ ਤੈਅ ਕਰਨ ਸਮੇਂ ਕਿਸੇ ਵਿਸ਼ਵਾਸ ਮਤ ਨੁੰ ਪੇਸ਼ ਕਰਨ ਦੀ ਕੋਈ ਗੱਲ ਨਹੀਂ ਹੋਈ। ਭਾਜਪਾ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ 25 ਕਰੋੜ ਰੁਪਏ ਪ੍ਰਤੀ ਵਿਧਾਇਕ ਦੇਣ ਦੀ ਪੇਸ਼ਕਸ਼ ਬਾਰੇ ਇਯਾਲੀ ਨੇ ਕਿਹਾ ਕਿ ਭਾਵੇਂ ਇਸ ਸਬੰਧ ‘ਚ 14 ਸਤੰਬਰ ਨੂੰ ਡੀ. ਜੀ. ਪੀ. ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਹਾਲੇ ਤੱਕ ਮਾਮਲੇ ‘ਚ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਜਿਹੜੇ ਲੋਕਾਂ ਨੇ ਰਿਸ਼ਵਤ ਦੀ ਪੇਸ਼ਕਸ਼ ਕੀਤੀ, ਉਹਨਾਂ ਦੇ ਨਾਵਾਂ ਦਾ ਖੁਲਾਸਾ ਵੀ ਹਾਲੇ ਤੱਕ ਨਹੀਂ ਕੀਤਾ ਗਿਆ ਤੇ ਨਾ ਹੀ ਕੇਸ ‘ਚ ਕੋਈ ਗ੍ਰਿਫ਼ਤਾਰੀ ਹੋਈ ਹੈ।

ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਸੂਬੇ ਤੇ ਇਸਦੇ ਲੋਕਾਂ ਨੁੰ ਦਰਪੇਸ਼ ਮੁੱਦਿਆਂ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਵਿਧਾਨ ਸਭਾ ‘ਚ ਅਕਾਲੀ ਦਲ ਨੂੰ ਕੋਈ ਸਮਾਂ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਸਰਕਾਰ ਨੁੰ ਸਿਰਫ਼ ਆਪਣੀ ਗੱਲ ਕਹਿ ਕੇ ਸਦਨ ਮੁਲਤਵੀ ਕਰਨ ਦੀ ਥਾਂ ਸੁਣਨ ਦਾ ਮਾਦਾ ਵੀ ਰੱਖਣਾ ਚਾਹੀਦਾ ਹੈ।  ਉਹਨਾਂ ਕਿਹਾ ਕਿ ਖੇਤੀਬਾੜੀ ਖੇਤਰ ਨੁੰ ਦਰਪੇਸ਼ ਸੰਕਟ, ਅਮਨ ਕਾਨੁੰਨ ਵਿਵਸਥਾ ਭੰਗ ਹੋਣ ਸਮੇਤ ਕਈ ਮਸਲੇ ਹਨ ਜਿਹਨਾਂ ’ਤੇ ਚਰਚਾ ਹੋਣੀ ਚਾਹੀਦੀ ਹੈ ਤੇ ਜਿਹਨਾਂ ਵਿਚ ਨਸ਼ੇ ਦੀ ਸਪਲਾਈ ਤੇ ਗੈਰ ਕਾਨੂੰਨੀ ਮਾਇਨਿੰਗ ਵੀ ਸ਼ਾਮਲ ਹੈ, ਪਰ ਇਹਨਾਂ ’ਤੇ ਕੋਈ ਚਰਚਾ ਨਹੀਂ ਕਰਵਾਈ ਗਈ।

ਇਸ ਤੋਂ ਪਹਿਲਾਂ ਯੂਥ ਅਕਾਲੀ ਆਗੂਆਂ ਨੇ ਵਿਧਾਨ ਸਭਾ ਤੱਕ ਮਾਰਚ ਕੀਤਾ ਤੇ ਗ੍ਰਿਫਤਾਰੀਆਂ ਦਿੱਤੀਆਂ ਤੇ ਮੰਗ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੁੰ ਕੀਤੇ ਵਾਅਦੇ ਮੁਤਾਬਕ 1500 ਰੁਪਏ ਪ੍ਰਤੀ ਏਕੜ ਦੇਣ, ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਸਮੇਤ ਹੋਰ ਕਿਸਾਨੀ ਮੰਗਾਂ ਪੂਰੀਆਂ ਕੀਤੀਆਂ ਜਾਣ। ਇਹਨਾਂ ਪ੍ਰਦਰਸ਼ਨਕਾਰੀਆਂ ਨੇ ਇਹ ਵੀ ਮੰਗ ਕੀਤੀ ਕਿ ਲੰਪੀ ਚਮੜੀ ਰੋਗ ਕਾਰਨ ਪਸ਼ੂ ਗੁਆਉਣ ਵਾਲੇ ਡੇਅਰੀ ਫਾਰਮਰਾਂ ਨੁੰ 50 ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ।

ਯੂਥ ਆਗੂ ਜਿਹਨਾਂ ਦੀ ਅਗਵਾਈ ਪਰਮਬੰਸ ਸਿੰਘ ਰੋਮਾਣਾ ਤੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਕਰ ਰਹੇ ਸਨ, ਨੇ ਇਹ ਵੀ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਕੀਤੇ ਵਾਅਦੇ ਮੁਤਾਬਕ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦੇਵੇ ਅਤੇ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੇ ਸਾਰੀਆਂ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਜਾਵੇ।

Leave a Reply

Your email address will not be published. Required fields are marked *