ਪੰਜਾਬ-ਹਰਿਆਣਾ ਦੀਆਂ ਜਥੇਬੰਦੀਆਂ ਨੇ ਵਰਵਰਾ ਰਾਓ ਦੀ ਰਿਹਾਈ ਮੰਗੀ

ਚੰਡੀਗੜ੍ਹ : ਭੀਮਾ-ਕੋਰੇਗਾਉਂ ਕੇਸ ਤਹਿਤ ਜੇਲ੍ਹ ਵਿੱਚ ਡੱਕੇ ਤੇਲਗੂ ਸ਼ਾਇਰ, ਲੇਖਕ ਅਤੇ ਸਮਾਜਿਕ ਕਾਰਕੁਨ ਵਰਵਰਾ ਰਾਓ ਸਮੇਤ ਹੋਰਨਾਂ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਜਮਹੂਰੀ ਅਧਿਕਾਰ ਸਭਾ, ਪਲਸ ਮੰਚ, ਪ੍ਰਗਤੀਸ਼ੀਲ ਲੇਖਕ ਸੰਘ ਸਮੇਤ ਵੱਖ-ਵੱਖ ਜਥੇਬੰਦੀਆਂ ਨੇ ਪੰਜਾਬ ਅਤੇ ਹਰਿਆਣਾ ਵਿੱਚ ਰੋਸ ਮੁਜ਼ਾਹਰੇ ਕੀਤੇ। ਜਮਹੂਰੀ ਹੱਕਾਂ ਲਈ ਲੜਦੀਆਂ ਜਥੇਬੰਦੀਆਂ ਦੇ ਆਗੂਆਂ ਨੇ 81 ਸਾਲਾ ਇਨਕਲਾਬੀ ਕਵੀ ਵਰਵਰਾ ਰਾਓ ਦੀ ਦਿਨੋਂ-ਦਿਨ ਵਿਗੜ ਰਹੀ ਸਿਹਤ ਨੂੰ ਵੇਖਦਿਆਂ ਰਿਹਾਅ ਕਰਨ ਅਤੇ ਉਨ੍ਹਾਂ ਦਾ ਇਲਾਜ ਵਧੀਆ ਹਸਪਤਾਲ ਵਿੱਚ ਕਰਵਾਉਣ ਦੀ ਮੰਗ ਕੀਤੀ। ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੱਦੇ ’ਤੇ ਜਮਹੂਰੀ ਅਧਿਕਾਰ ਸਭਾ (ਹਰਿਆਣਾ), ਤਰਕਸ਼ੀਲ ਸੁਸਾਇਟੀ ਪੰਜਾਬ, ਪ੍ਰਗਤੀਸ਼ੀਲ ਲੇਖਕ ਸੰਘ (ਹਰਿਆਣਾ), ਪੰਜਾਬ ਸਟੂਡੈਂਟਸ ਯੂਨੀਅਨ, ਨੌਜਵਾਨ ਭਾਰਤ ਸਭਾ, ਇਨਕਲਾਬੀ ਕੇਂਦਰ ਪੰਜਾਬ, ਬੀ.ਕੇ.ਯੂ. (ਡਕੌਂਦਾ), ਲੋਕ ਸੰਗਰਾਮ ਮੋਰਚਾ, ਪਲਸ ਮੰਚ, ਡੀ.ਟੀ.ਐੱਫ, ਡੀ.ਐੱਮ.ਐੱਫ., ਟੈਕਨੀਕਲ ਐਂਡ ਮਕੈਨੀਕਲ ਵਰਕਰਜ਼ ਯੂਨੀਅਨ, ਵਰਗ ਚੇਤਨਾ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ), ਪੇਂਡੂ ਮਜ਼ਦੂਰ ਯੂਨੀਅਨ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਇਨਕਲਾਬੀ ਜਮਹੂਰੀ ਮੋਰਚਾ, ਬੀ.ਕੇ.ਯੂ (ਕ੍ਰਾਂਤੀਕਾਰੀ), ਇਨਕਲਾਬੀ ਮਜ਼ਦੂਰ ਕੇਂਦਰ, ਬੀ.ਕੇ.ਯੂ. (ਉਗਰਾਹਾਂ), ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਹੋਰ ਜਮਹੂਰੀ ਜਨਤਕ ਜਥੇਬੰਦੀਆਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋ. ਏ.ਕੇ. ਮਲੇਰੀ, ਜਨਰਲ ਸਕੱਤਰ ਪ੍ਰੋ. ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਕਿਹਾ ਕਿ ਪ੍ਰੋ. ਵਰਵਰਾ ਰਾਓ ਦੀ ਗੰਭੀਰ ਸਰੀਰਕ/ਮਾਨਸਿਕ ਹਾਲਤ ਅਤੇ ਕਰੋਨਾ ਇਨਫੈਕਸ਼ਨ ਦੇ ਮੱਦੇਨਜ਼ਰ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਾਉਣਾ ਹੀ ਕਾਫ਼ੀ ਨਹੀਂ ਹੈ। ਉਨ੍ਹਾਂ ਨੂੰ ਤੁਰੰਤ ਰਿਹਾਅ ਕਰਕੇ ਪਰਿਵਾਰ ਦੀ ਨਿਗਰਾਨੀ ਹੇਠ ਏਮਸ ਵਰਗੇ ਹਸਪਤਾਲ ਵਿੱਚ ਇਲਾਜ ਲਈ ਲਿਜਾਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਿੰਸਾ ਲਈ ਅਸਲ ਜ਼ਿੰਮੇਵਾਰ ਆਰਐੱਸਐੱਸ ਹੈ ਤੇ ਜ਼ਿੰਮੇਵਾਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ‘ਯੂਏਪੀਏ’ ਅਤੇ ਹੋਰ ਕਾਲੇ ਕਾਨੂੰਨ ਵਾਪਸ ਲਏ ਜਾਣ। ਕਰੋਨਾ ਦੇ ਬਹਾਨੇ ਲੋਕਾਂ ਦੇ ਆਪਣੇ ਹਿੱਤਾਂ ਦੀ ਰਾਖੀ ਲਈ ਇਕੱਠੇ ਹੋਣ ਅਤੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਉੱਪਰ ਹਮਲੇ ਬੰਦ ਕੀਤੇ ਜਾਣ। ਇਸੇ ਤਰ੍ਹਾਂ ਜਮਹੂਰੀ ਅਧਿਕਾਰ ਸਭਾ ਦੇ ਆਗੂਆਂ ਵੱਲੋਂ ਸੰਤ ਨਗਰ, ਸਿਰਸਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਗਤੀਸ਼ੀਲ ਲੇਖਕ ਸੰਘ ਦੀ ਬਰਨਾਲਾ ਇਕਾਈ ਦੀ ਮੀਟਿੰਗ ਵਿੱਚ ਵਰਵਰਾ ਰਾਓ ਸਮੇਤ ਹੋਰਨਾਂ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ ਕੀਤੀ ਗਈ।

ਪੰਜਾਬ ਲੋਕ ਸੱਭਿਆਚਾਰਕ ਮੰਚ (ਪਲਸ ਮੰਚ) ਦੇ ਪ੍ਰਧਾਨ ਅਮੋਲਕ ਸਿੰਘ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਪੰਜਾਬ ਦੀ ਵਿਦਿਆਰਥੀ ਅਤੇ ਇਨਕਲਾਬੀ ਜਮਹੂਰੀ ਲਹਿਰ ਦੇ ਸਿਰਮੌਰ ਆਗੂ ਪ੍ਰਿਥੀਪਾਲ ਸਿੰਘ ਰੰਧਾਵਾ ਦੇ ਸ਼ਹੀਦੀ ਦਿਹਾੜੇ ’ਤੇ 18 ਜੁਲਾਈ ਤੋਂ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ 31 ਜੁਲਾਈ ਤੱਕ ‘ਕਲਮ, ਕਲਾ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰੋਂ’ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ। ਇਸ ਮੁਹਿੰਮ ਵਿੱਚ ਪਲਸ ਮੰਚ ਅਤੇ ਇਸ ਦੀਆਂ ਸੰਗੀ-ਸਾਥੀ ਸੰਸਥਾਵਾਂ ਦੇਸ਼ ਦੇ ਨਾਮਵਰ ਕਵੀਆਂ, ਬੁੱਧੀਜੀਵੀਆਂ, ਲੇਖਕਾਂ, ਸਾਹਿਤਕਾਰਾਂ ’ਤੇ ਦਰਜ ਕੀਤੇ ਝੂਠੇ ਕੇਸ ਰੱਦ ਕਰਨ ਅਤੇ ਉਨ੍ਹਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਲਈ ਆਵਾਜ਼ ਬੁਲੰਦ ਕਰਨਗੀਆਂ।

ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਦੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਯੋਗੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਕੇਂਦਰ ਦੇ ਸੰਯੋਜਕ ਮੱਖਣ ਕੁਹਾੜ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਪਣੀ ਫਾਸ਼ੀਵਾਦੀ ਵਿਚਾਰਧਾਰਾ ਦਾ ਵਿਰੋਧ ਕਰਨ ਵਾਲੇ ਲੇਖਕ, ਚਿੰਤਕਾਂ ਅਤੇ ਸਮਾਜਿਕ ਨਿਆਂ ਤੇ ਆਜ਼ਾਦੀ ਦੀ ਮੰਗ ਕਰਨ ਵਾਲੇ ਸੱਭਿਆਚਾਰਕ ਕਾਮਿਆਂ ਨੂੰ ਝੂਠੇ ਕੇਸਾਂ ਵਿੱਚ ਨਾਮਜ਼ਦ ਕਰ ਰਹੀ ਹੈ। ਜਮਹੂਰੀ ਅਧਿਕਾਰ ਸਭਾ ਪਟਿਅਾਲਾ ਵੱਲੋਂ ਸਭਾ ਦੇ ਪ੍ਰਧਾਨ ਪ੍ਰੋਫੈਸਰ ਰਣਜੀਤ ਸਿੰਘ ਘੁੰਮਣ, ਸਕੱਤਰ ਵਿਧੂ ਸ਼ੇਖਰ ਭਾਰਦਵਾਜ, ਤਰਸੇਮ ਗੋਇਲ, ਰਾਜੀਵ ਲੋਹਟਬੱਦੀ ਅਤੇ ਸੁੱਚਾ ਸਿਘ ਚੀਮਾ ਨੇ ਰੋਸ ਮੁਜ਼ਾਹਰੇ ਵਿੱਚ ਹਿੱਸਾ ਲਿਆ। 

Leave a Reply

Your email address will not be published. Required fields are marked *