ਦਰਬਾਰ ਸਾਹਿਬ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਸ਼ਰੇਆਮ ਘੁੰਮ ਰਹੇ, ਸਿੱਖਾਂ ਨਾਲ ਪੱਖਪਾਤ ਕਰ ਰਹੀ ਸਰਕਾਰ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਰਬਾਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਅੱਜ ਵੀ ਭਾਰੀ ਸੁਰੱਖਿਆ ਹੇਠ ਬਾਹਰ ਘੁੰਮ ਰਹੇ ਹਨ। ਇਨ੍ਹਾਂ ‘ਤੇ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜੇਕਰ ਕੋਈ ਕਿਸੇ ਨੂੰ ਧਮਕੀਆਂ ਦਿੰਦਾ ਹੈ ਤਾਂ ਉਸ ‘ਤੇ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਜੇਲ੍ਹ ਭੇਜ ਦਿੱਤਾ ਜਾਂਦਾ ਹੈ। ਪਰ ਇੱਥੇ ਸ੍ਰੀ ਦਰਬਾਰ ਸਾਹਿਬ ਨੂੰ ਉਡਾਉਣ ਦੇ ਨਾਲ-ਨਾਲ ਸਿੱਖ ਕੌਮ ਨੂੰ ਤਬਾਹ ਕਰਨ ਦੀ ਚੁਣੌਤੀ ਦਿੱਤੀ ਜਾ ਰਹੀ ਹੈ ਅਤੇ ਇਸ ਬਾਰੇ ਕੁਝ ਨਹੀਂ ਕਿਹਾ ਜਾ ਰਿਹਾ।

ਜਥੇਦਾਰ ਨੇ ਕਿਹਾ ਕਿ ਜੇਕਰ ਕਿਸੇ ਗੈਰ-ਹਿੰਦੂ ਨੇ ਮੰਦਰ ਨੂੰ ਉਡਾਉਣ ਦੀ ਧਮਕੀ ਦਿੱਤੀ ਹੁੰਦੀ ਤਾਂ ਹੁਣ ਤਕ ਉਸ ਨੂੰ ਜੇਲ੍ਹ ‘ਚ ਬੰਦ ਕਰ ਦਿੱਤਾ ਜਾਣਾ ਸੀ। ਉਨ੍ਹਾਂ ਲੋਕਾਂ ਵਿਰੁੱਧ ਕਾਰਵਾਈ ਨਾ ਕਰਨ ਨਾਲ ਦੁਨੀਆ ਨੂੰ ਇਹ ਸਪੱਸ਼ਟ ਹੋ ਗਿਆ ਹੈ ਕਿ ਕਿਤੇ ਨਾ ਕਿਤੇ ਸਰਕਾਰ ਵੱਲੋਂ ਸਿੱਖਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਇੰਟਰਨੈੱਟ ਮੀਡੀਆ ‘ਤੇ ਪਿਛਲੇ ਕਾਫੀ ਸਮੇਂ ਤੋਂ ਸਿੱਖਾਂ ਖਿਲਾਫ ਨਫਰਤ ਭਰਿਆ ਪ੍ਰਚਾਰ ਚੱਲ ਰਿਹਾ ਹੈ। ਸਿੱਖਾਂ ਦੀ ਨਸਲਕੁਸ਼ੀ ਕਰਨ ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀਆਂ ਖੁੱਲ੍ਹੇਆਮ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਪੂਰੇ ਮਾਹੌਲ ਵਿੱਚ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ।

ਇਸ ਦੇ ਨਾਲ ਹੀ ਉਨ੍ਹਾਂ ਭਾਰਤ ਸਰਕਾਰ ਨੂੰ ਉਨ੍ਹਾਂ ਦੇ ਮਸਲੇ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ। ਜੇਕਰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਨੂੰ ਅਖੰਡ ਰੱਖਣਾ ਹੈ ਤਾਂ ਇਸ ਲਈ ਕਾਨੂੰਨ ਬਣਾਉਣਾ ਪਵੇਗਾ। ਕਿਸੇ ਨਾਲ ਕੋਈ ਪੱਖਪਾਤ ਨਹੀਂ ਕਰਨਾ ਪਵੇਗਾ।

Leave a Reply

Your email address will not be published. Required fields are marked *