ਭਾਜਪਾ ਦੀ ਕੋਰ ਕਮੇਟੀ ’ਚ ਕਿਸਾਨ ਅੰਦੋਲਨਾਂ ਬਾਰੇ ਮੰਥਨ

ਚੰਡੀਗੜ੍ਹ : ਭਾਜਪਾ ਦੀ ਪੰਜਾਬ ਇਕਾਈ ਨੇ ਦਸਹਿਰੇ ਮੌਕੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕਣ ਦਾ ਸਖ਼ਤ ਨੋਟਿਸ ਲਿਆ ਹੈ। ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਅੱਜ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਮੰਥਨ ਕੀਤਾ ਗਿਆ। ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਸਾਬਕਾ ਮੰਤਰੀ ਵਿਜੈ ਸਾਂਪਲਾ ਵੀ ਸ਼ਾਮਲ ਸਨ। ਊਂਜ ਆਗੂਆਂ ਨੇ ਮੀਟਿੰਗ ਦੇ ਵੇਰਵਿਆਂ ਦੀ ਭਾਫ ਨਹੀਂ ਨਿਕਲਣ ਦਿੱਤੀ। ਸੂਤਰ ਦੱਸਦੇ ਹਨ ਕਿ ਮੀਟਿੰਗ ਵਿੱਚ ਮੁੱਖ ਤੌਰ ’ਤੇ ਦਸਹਿਰੇ ਮੌਕੇ ਪ੍ਰਧਾਨ ਮੰਤਰੀ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਵਿਚਾਰ ਚਰਚਾ ਕੀਤੀ ਗਈ। ਖੇਤੀ ਕਾਨੂੰਨਾਂ ਨੂੰ ਲੈ ਕੇ ਅਗਲੀ ਰਣਨੀਤੀ ਘੜਨ ਬਾਰੇ ਵੀ ਵਿਚਾਰ ਵਟਾਂਦਰਾ ਹੋਇਆ। ਇਸੇ ਦੌਰਾਨ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਰਾਜਪਾਲ ਪੰਜਾਬ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਦਸਹਿਰੇ ਮੌਕੇ ਪ੍ਰਧਾਨ ਮੰਤਰੀ ਦਾ ਅਪਮਾਨ ਕਰਨ ਵਾਲੇ ਲੋਕਾਂ ’ਤੇ ਪੁਲੀਸ ਕੇਸ ਦਰਜ ਕੀਤੇ ਜਾਣ।

ਸ੍ਰੀ ਚੁੱਘ ਨੇ ਕਿਹਾ ਕਿ ਪੰਜਾਬ ਭਗਵਾਨ ਬਾਲਮੀਕ ਦੀ ਧਰਤੀ ਹੈ ਅਤੇ ਰਮਾਇਣ ਦੀ ਪ੍ਰੰਪਰਾ ਅਨੁਸਾਰ ਦਸਹਿਰੇ ਦਾ ਤਿਉਹਾਰ ਮਨਾਇਆ ਜਾਂਦਾ ਹੈ। ਪਵਿੱਤਰ ਉਤਸਵ ਮੌਕੇ ਸ਼ਰਾਰਤੀ ਅਨਸਰਾਂ ਵੱਲੋਂ ਪੁਲੀਸ ਦੀ ਹਾਜ਼ਰੀ ਵਿਚ ਪ੍ਰਧਾਨ ਮੰਤਰੀ ਦੇ ਸਨਮਾਨ ਨੂੰ ਸੱਟ ਮਾਰੀ ਗਈ ਹੈ ਅਤੇ ਇਸ ਨਾਲ 24 ਮੁਲਕਾਂ ਵਿਚ ਵਸਦੇ 125 ਕਰੋੜ ਹਿੰਦੂਆਂ ਦੀ ਧਾਰਮਿਕ ਆਸਥਾ ਨੂੰ ਠੇਸ ਪਹੁੰਚੀ ਹੈ। ਪ੍ਰਧਾਨ ਮੰਤਰੀ ਦੀ ਫੋਟੋ ਦਾ ਗਲਤ ਇਸਤੇਮਾਲ ਕੀਤਾ ਗਿਆ ਹੈ ਅਤੇ ਪੁਲੀਸ ਦੀ ਹਾਜ਼ਰੀ ਵਿਚ ਹੋਏ ਅਪਮਾਨ ਨੇ ਭਾਈਚਾਰਕ ਸਾਂਝ ਨੂੰ ਸੱਟ ਮਾਰੀ ਹੈ। ਉਨ੍ਹਾਂ ਗਵਰਨਰ ਤੋਂ ਫੌਰੀ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ।

ਸੋਨੀਆ-ਰਾਹੁਲ ਦੀ ਸ਼ਹਿ ’ਤੇ ਮੋਦੀ ਦਾ ਅਪਮਾਨ ਕੀਤਾ: ਚੁੱਘ

ਭਾਜਪਾ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਸਿਖਰਲੇ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਖੁਸ਼ ਕਰਨ ਲਈ ਸ਼ਹਿ ਦੇ ਕੇ ਦਸਹਿਰੇ ਮੌਕੇ ਪ੍ਰਧਾਨ ਮੰਤਰੀ ਦਾ ਅਪਮਾਨ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਨੇ ਤਿਊਹਾਰ ਮੌਕੇ ਨੀਵੇਂ ਪੱਧਰ ਦੀ ਸਿਆਸਤ ਖੇਡੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਸਿਆਸਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *