ਕੈਪਟਨ ਵੱਲੋਂ ਵਿਧਾਇਕਾਂ ਨਾਲ ਜੰਤਰ-ਮੰਤਰ ’ਤੇ ਧਰਨਾ

ਨਵੀਂ ਦਿੱਲੀ : ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਅਤੇ ਪੰਜਾਬ ’ਚ ਰੇਲ ਗੱਡੀਆਂ ਬੰਦ ਕਰਨ ਦੇ ਵਿਰੋਧ ਸਮੇਤ ਹੋਰ ਮਸਲਿਆਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਧਾਇਕਾਂ ਨੇ ਅੱਜ ਦਿੱਲੀ ਦੇ ਜੰਤਰ-ਮੰਤਰ ’ਤੇ ਧਰਨਾ ਦਿੱਤਾ। ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਇਨਕਾਰ ਕਰਨ ਮਗਰੋਂ   ਪੰਜਾਬ ਦੇ ਕਿਸਾਨਾਂ ਦੀ ਰਾਖੀ ਲਈ ਮਿਸ਼ਨ ਸ਼ੁਰੂ ਕੀਤਾ ਗਿਆ।

ਕੈਪਟਨ ਕਾਂਗਰਸ ਦੇ ਕੁਝ ਸੰਸਦ ਮੈਂਬਰਾਂ ਨਾਲ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਸਮਾਧ ਰਾਜਘਾਟ ’ਤੇ ਗਏ ਅਤੇ ਫਿਰ ਸ਼ਰਧਾਂਜਲੀ ਭੇਟ ਕਰਨ ਮਗਰੋਂ ਧਰਨੇ ਵਿੱਚ ਸ਼ਾਮਲ ਹੋਏ। ਰਾਜਘਾਟ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਦੇਸ਼ ਦੇ ਮੁਖੀ ਹਨ ਅਤੇ ਪੰਜਾਬ ਦੇ ਵਿਧਾਇਕ ਉਨ੍ਹਾਂ ਨੂੰ ਤਾਜ਼ਾ ਹਾਲਾਤ ਬਾਰੇ ਦੱਸਣਾ ਚਾਹੁੰਦੇ ਸਨ। ਉਨ੍ਹਾਂ ਕਿਹਾ,‘‘ਸਾਨੂੰ ਉਮੀਦ ਸੀ ਕਿ ਰਾਸ਼ਟਰਪਤੀ ਸਾਡੀ ਗੱਲ ਸੁਣਨ ਮਗਰੋਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ ਪਰ ਉਨ੍ਹਾਂ ਮਿਲਣ ਦਾ ਸਮਾਂ ਹੀ ਨਹੀਂ ਦਿੱਤਾ ਗਿਆ।’’ ਇਸ ਤੋਂ ਪਹਿਲਾਂ ਪੰਜਾਬ ਭਵਨ ’ਚ ਕਾਂਗਰਸੀ ਵਿਧਾਇਕ, ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ, ਪੰਜਾਬੀ ਏਕਤਾ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਤੇ ਜਗਦੀਪ ਸਿੰਘ, ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਇਕੱਠੇ ਹੋਏ ਅਤੇ ਪੈਦਲ ਹੀ ਜੰਤਰ-ਮੰਤਰ ਵੱਲ ਵੱਖ-ਵੱਖ ਟੋਲਿਆਂ ਵਿੱਚ ਰਵਾਨਾ ਹੋਏ। ਕੈਪਟਨ ਨੇ ਕੇਂਦਰ ਸਰਕਾਰ ਦੀ ਨਿੰਦਾ ਕਰਦੇ ਹੋਏ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਦੀ ਭੂਮਿਕਾ ’ਤੇ ਵੀ ਸਵਾਲੀਆ ਨਿਸ਼ਾਨ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਸੂਬੇ ਦੇ ਸੋਧ ਬਿੱਲਾਂ ਨੂੰ ਅਜੇ ਤਕ ਰਾਸ਼ਟਰਪਤੀ ਕੋਲ ਨਹੀਂ ਭੇਜਿਆ ਗਿਆ ਜਦੋਂ ਕਿ ਉਨ੍ਹਾਂ ਦੀ ਭੂਮਿਕਾ ਸਿਰਫ਼ ‘ਡਾਕਖ਼ਾਨੇ’ ਵਾਲੀ ਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਲ ਪਹਿਲਾਂ ਸੌਂਪੇ ਗਏ ਪੰਜਾਬ ਰਾਜ ਲੈਜਿਸਲੇਚਰ (ਪ੍ਰੀਵੈਨਸ਼ਨ ਆਫ਼ ਡਿਸਕੁਆਲੀਫਿਕੇਸ਼ਨ) ਬਿੱਲ ਨੂੰ ਵੀ ਅਜੇ ਤੱਕ ਨਹੀਂ ਭੇਜਿਆ ਗਿਆ। ਉਨ੍ਹਾਂ ਦੋਸ਼ ਲਾਇਆ,‘‘ਕੇਂਦਰ ਵੱਲੋਂ ਪੰਜਾਬ ਨਾਲ ਮਤਰੇਇਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਮਾਰਚ ਤੋਂ ਜੀਐੱਸਟੀ ਅਤੇ ਸੰਵਿਧਾਨਕ ਗਾਰੰਟੀ ਦੇ 10 ਹਜ਼ਾਰ ਕਰੋੜ ਰੁਪਏ ਬਕਾਇਆ ਹਨ। ਆਫ਼ਤ ਰਾਹਤ ਫੰਡ ਵੀ ਬੰਦ ਕੀਤਾ ਹੋਇਆ ਹੈ ਤੇ ਪੰਜਾਬ ਕੋਲ ਪੈਸਾ ਤੇ ਭੰਡਾਰ ਖ਼ਤਮ ਹੋ ਗਏ ਹਨ।’’ ਉਨ੍ਹਾਂ ਯਾਦ ਕਰਵਾਇਆ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅਕਾਲੀਆਂ ਦੀ ਸਰਕਾਰ ਹੁੰਦੇ ਵੀ ਪੰਜਾਬ ਨੂੰ ਪੂਰੀ ਤਵੱਜੋ ਦਿੱਤੀ ਸੀ।

ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਾਰਟੀ ਦੇ ਸੰਸਦ ਮੈਂਬਰਾਂ ਨੇ ਵੀ ਵੱਖ-ਵੱਖ ਕੇਂਦਰੀ ਮੰਤਰੀਆਂ ਪਾਸੋਂ ਮਿਲਣ ਲਈ ਸਮਾਂ ਮੰਗਿਆ ਹੈ। ਉਨ੍ਹਾਂ ਖੁਦ ਰੇਲਵੇ ਮੰਤਰੀ ਪਿਯੂਸ਼ ਗੋਇਲ ਨਾਲ ਗੱਲ ਕੀਤੀ ਹੈ ਜਿਨ੍ਹਾਂ ਮਾਲ ਗੱਡੀਆਂ ਦੀ ਸੁਰੱਖਿਆ ਦੀ ਗਾਰੰਟੀ ਦੇਣ ਲਈ ਆਖਿਆ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਦੋ ਪ੍ਰਾਈਵੇਟ ਪਲਾਂਟਾਂ, ਜਿੱਥੇ ਉਨ੍ਹਾਂ ਅਜੇ ਵੀ ਨਾਕਾਬੰਦੀ ਕੀਤੀ ਹੋਈ ਹੈ, ਨੂੰ ਛੱਡ ਕੇ ਬਾਕੀ ਥਾਵਾਂ ’ਤੇ ਸਾਰੀਆਂ ਗੱਡੀਆਂ ਚਲਾਉਣ ਦੀ ਆਗਿਆ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ  ਕੇਂਦਰੀ ਕਾਨੂੰਨਾਂ ’ਤੇ ਪਾਖੰਡਬਾਜ਼ੀ ਕਰ ਰਹੇ ਹਨ ਅਤੇ ਪੰਜਾਬ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ਨਾਲ ਸਾਂਝ ਪਾ ਲੈਣਗੇ।‘ਅਸੀਂ ਦਿੱਲੀ ਵਿੱਚ ਕੇਂਦਰ ਨਾਲ ਟਕਰਾਅ ਲਈ ਨਹੀਂ ਸਗੋਂ ਗਰੀਬ ਕਿਸਾਨਾਂ ਲਈ ਇਨਸਾਫ਼ ਦੀ ਲੜਾਈ ਲੜਨ ਲਈ ਆਏ ਹਾਂ।’’ ਉਨ੍ਹਾਂ ਤਤਕਾਲੀ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਮਿਸਾਲ ਦਿੱਤੀ ਜਿਨ੍ਹਾਂ ਅਰੁਣ ਜੇਤਲੀ ਦੇ ਸੁਝਾਅ ’ਤੇ ਧਾਰਾ 254 (ii) ਤਹਿਤ ਭਾਜਪਾ ਦੇ ਸ਼ਾਸਨ ਵਾਲੇ ਸੂਬਿਆਂ ਵੱਲੋਂ ਪਾਸ ਕੀਤੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਸੀ। ਕੈਪਟਨ ਨੇ ਕਿਹਾ ਕਿ ਕਿਸੇ ਵੀ ਸਰਕਾਰ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਜਾਂ ਲੋਕਾਂ ਦੀ ਰੋਜ਼ੀ-ਰੋਟੀ ਨੂੰ ਲੱਤ ਮਾਰਨ ਨਾਲ ਰੋਹ ਤੇ ਗੁੱਸਾ ਪੈਦਾ ਹੋਣਾ ਸੁਭਾਵਿਕ ਹੈ। ਉਨ੍ਹਾਂ ਪੰਜਾਬੀਆਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਯਾਦ ਕਰਵਾਉਂਦਿਆਂ ਕਿਹਾ ਕਿ ਇਸ ਸਰਹੱਦੀ ਖੇਤਰ ਦੇ ਛੋਟੇ ਕਿਸਾਨਾਂ ਲਈ ਬਣੇ ਰਵਾਇਤੀ ਕਿਸਾਨ ਆੜ੍ਹਤੀਆ ਸਿਸਟਮ ਨੂੰ ਨਾ ਤੋੜਿਆ ਜਾਵੇ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਹੋਣ ਦੇ ਨਾਤੇ, ਉਹ ਸਰਹੱਦਾਂ ’ਤੇ ਹੋਣ ਵਾਲੇ ਖਤਰੇ ਤੋਂ ਜਾਣੂ ਹਨ ਅਤੇ ਪਾਕਿਸਤਾਨ ਤੋਂ ਹਰ ਰੋਜ਼ 1 ਤੋਂ 3 ਡਰੋਨ ਪੰਜਾਬ ’ਚ ਆਊਂਦੇ ਹਨ।

ਕੈਪਟਨ ਨੇ ਜਾਂਚ ਏਜੰਸੀਆਂ ਵੱਲੋਂ ਭੇਜੇ ਨੋਟਿਸਾਂ ’ਤੇ ਸਵਾਲ ਉਠਾਏ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਇਨਕਮ ਟੈਕਸ ਵਿਭਾਗ ਵੱਲੋਂ ਉਨ੍ਹਾਂ ਸਮੇਤ ਪਰਿਵਾਰਕ ਮੈਂਬਰਾਂ ਨੂੰ ਜਾਰੀ ਕੀਤੇ ਗਏ ਵੱਖ-ਵੱਖ ਨੋਟਿਸਾਂ ਦੇ ਸਮੇਂ ’ਤੇ ਸਵਾਲ ਉਠਾਏ ਹਨ। ਜੰਤਰ-ਮੰਤਰ ’ਤੇ ਦਿੱਤੇ ਗਏ      ਧਰਨੇ ਦੌਰਾਨ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ, ਖੁਦ ਨੂੰ (ਕੈਪਟਨ) ਅਤੇ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਨੂੰ ਆਮਦਨ ਕਰ ਵਿਭਾਗ ਪਾਸੋਂ ਨੋਟਿਸ ਪ੍ਰਾਪਤ ਹੋਏ ਹਨ। ਇੱਥੋਂ ਤੱਕ ਕਿ ਉਨ੍ਹਾਂ ਦੀਆਂ ਦੋ ਪੋਤਰੀਆਂ, ਜਿਨ੍ਹਾਂ ਵਿੱਚੋਂ ਇਕ ਲਾਅ ਦੀ ਵਿਦਿਆਰਥਣ ਹੈ ਤੇ ਦੂਜੀ ਦੀ ਮੰਗਣੀ ਹੋਣ ਵਾਲੀ ਹੈ, ਅਤੇ ਅੱਲ੍ਹੜ ਉਮਰ ਦੇ ਪੋਤਰੇ ਨੂੰ ਵੀ ਨਹੀਂ ਬਖਸ਼ਿਆ ਗਿਆ ਹੈ ਤੇ ਉਨ੍ਹਾਂ ਨੂੰ ਵੀ ਨੋਟਿਸ ਪ੍ਰਾਪਤ ਹੋਏ ਹਨ। ਕੈਪਟਨ ਨੇ ਕਿਹਾ ਕਿ ਨੋਟਿਸ ਜਾਰੀ ਕਰਨ ਦਾ ਸਮਾਂ ਸ਼ੱਕੀ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਖੇਤੀ ਸੋਧ ਬਿੱਲ ਪਾਸ ਕੀਤੇ ਗਏ ਹਨ ਜਿਸ ਮਗਰੋਂ ਕੇਂਦਰੀ ਏਜੰਸੀਆਂ ਨੇ ਇਹ ਨੋਟਿਸ ਜਾਰੀ ਕੀਤੇ ਹਨ। ਸੂਤਰਾਂ ਮੁਤਾਬਕ ਬੱਚਿਆਂ ਨੂੰ ‘ਆਈਟੀ’ ਵੱਲੋਂ ਨੋਟਿਸ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਨ ਦੇ ਇਕ-ਦੋ ਦਿਨ ਹੀ ਬਾਅਦ ਜਾਰੀ ਕੀਤੇ ਗਏ ਹਨ। ਅੰਦੋਲਨ ਕਰ ਰਹੇ ਕਿਸਾਨਾਂ ਨੂੰ ‘ਸ਼ਹਿਰੀ ਨਕਸਲਵਾਦੀ’ ਠਹਿਰਾਏ ਜਾਣ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਕੈਪਟਨ ਨੇ ਉਨ੍ਹਾਂ ਦੀ ਸਰਕਾਰ ਉਪਰ ਕਿਸਾਨਾਂ ਨੂੰ ਪ੍ਰਦਰਸ਼ਨ ਲਈ ਭੜਕਾਉਣ ਦੇ ਲਾਏ ਗਏ ਦੋਸ਼ ਵੀ ਰੱਦ ਕੀਤੇ। ਉਨ੍ਹਾਂ ਕਿਹਾ ਕਿ ਕੇਂਦਰ ਨੇ ਕਿਸਾਨਾਂ ਦੀ ਰੋਜ਼ੀ-ਰੋਟੀ ’ਤੇ ਲੱਤ ਮਾਰੀ ਹੈ ਅਤੇ ਸਾਰੇ ਬਖੇੜੇ ਕੇਂਦਰ ਸਰਕਾਰ ਨੇ ਖੜ੍ਹੇ ਕੀਤੇ ਹਨ। ‘ਅਸਲ ਵਿੱਚ ਕਿਸਾਨਾਂ ਨੂੰ ਆਜ਼ਾਦੀ ਦੇਣ ਦੀ ਬਜਾਏ ਉਨ੍ਹਾਂ ਨੂੰ ਕਾਰਪੋਰੇਟਾਂ ਦੇ ਚੁੰਗਲ ਵਿੱਚ ਫਸਾਇਆ ਜਾ ਰਿਹਾ ਹੈ। ਸਿਰਫ ਪੰਜਾਬ ਦੇ ਕਿਸਾਨਾਂ ਨਾਲ ਹੀ ਨਹੀਂ ਸਗੋਂ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਵਰਗੇ ਹੋਰ ਸੂਬਿਆਂ ਦੇ ਕਿਸਾਨਾਂ ਨਾਲ ਵੀ ਘੋਰ ਬੇਇਨਸਾਫੀ ਕੀਤੀ ਜਾ ਰਹੀ ਹੈ।’ ਮੁੱਖ ਮੰਤਰੀ ਨੇ ‘ਆਪ’ ਦੇ ਦੋਗਲੇਪਣ ’ਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਪਾਰਟੀ ਦੇ ਵਿਧਾਇਕ ਮਤੇ ਦੀ ਕਾਪੀ ਤੇ ਸੋਧ ਬਿੱਲ ਰਾਜਪਾਲ ਨੂੰ ਸੌਂਪਣ ਲਈ ਉਨ੍ਹਾਂ ਨਾਲ ਕਿਉਂ ਗਏ ਸਨ। ਉਨ੍ਹਾਂ ਕਿਹਾ ਕਿ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਬਿੱਲਾਂ ਦੇ ਪੱਖ ਵਿੱਚ ਵੋਟ ਪਾਈ ਸੀ। 

ਕੇਂਦਰ ਰੇਲ ਗੱਡੀਆਂ ਚਲਾਉਣ ਦਾ ਚਾਹਵਾਨ: ਜੇਪੀ ਨੱਢਾ

ਨਵੀਂ ਦਿੱਲੀ: ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਸੂਬੇ ਵਿੱਚ ਮਾਲ ਗੱਡੀਆਂ ਨਿਯਮਤ ਤੌਰ ’ਤੇ ਰੋਕੇ ਜਾਣ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੈਦਾ ਹੋਈ    ਸਥਿਤੀ ਲਈ ਜ਼ਿੰਮੇਵਾਰ ਹੈ ਅਤੇ ਉਹ ਖੇਤੀ ਕਾਨੂੰਨਾਂ ਵਿਰੁੱਧ ਸ਼ਰੇਆਮ ਅੰਦੋਲਨਕਾਰੀਆਂ ਦੀ ਹੌਸਲਾ ਅਫਜ਼ਾਈ ਕਰ ਰਹੇ ਹਨ। ਸ੍ਰੀ ਨੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਸੂਬੇ ਵਿੱਚ ਰੇਲ ਗੱਡੀਆਂ ਚਲਾਉਣ ਲਈ ਉਤਸੁਕ ਹੈ, ਪਰ ਤੁਸੀਂ  ਅਤੇ ਤੁਹਾਡੀ ਸਰਕਾਰ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਅ ਰਹੇ।

Leave a Reply

Your email address will not be published. Required fields are marked *