ਕੈਪਟਨ ਨੇ ਜਾਂਚ ਏਜੰਸੀਆਂ ਵੱਲੋਂ ਭੇਜੇ ਨੋਟਿਸਾਂ ’ਤੇ ਸਵਾਲ ਉਠਾਏ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਇਨਕਮ ਟੈਕਸ ਵਿਭਾਗ ਵੱਲੋਂ ਉਨ੍ਹਾਂ ਸਮੇਤ ਪਰਿਵਾਰਕ ਮੈਂਬਰਾਂ ਨੂੰ ਜਾਰੀ ਕੀਤੇ ਗਏ ਵੱਖ-ਵੱਖ ਨੋਟਿਸਾਂ ਦੇ ਸਮੇਂ ’ਤੇ ਸਵਾਲ ਉਠਾਏ ਹਨ। ਜੰਤਰ-ਮੰਤਰ ’ਤੇ ਦਿੱਤੇ ਗਏ ਧਰਨੇ ਦੌਰਾਨ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ, ਖੁਦ ਨੂੰ (ਕੈਪਟਨ) ਅਤੇ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਨੂੰ ਆਮਦਨ ਕਰ ਵਿਭਾਗ ਪਾਸੋਂ ਨੋਟਿਸ ਪ੍ਰਾਪਤ ਹੋਏ ਹਨ। ਇੱਥੋਂ ਤੱਕ ਕਿ ਉਨ੍ਹਾਂ ਦੀਆਂ ਦੋ ਪੋਤਰੀਆਂ, ਜਿਨ੍ਹਾਂ ਵਿੱਚੋਂ ਇਕ ਲਾਅ ਦੀ ਵਿਦਿਆਰਥਣ ਹੈ ਤੇ ਦੂਜੀ ਦੀ ਮੰਗਣੀ ਹੋਣ ਵਾਲੀ ਹੈ, ਅਤੇ ਅੱਲ੍ਹੜ ਉਮਰ ਦੇ ਪੋਤਰੇ ਨੂੰ ਵੀ ਨਹੀਂ ਬਖਸ਼ਿਆ ਗਿਆ ਹੈ ਤੇ ਉਨ੍ਹਾਂ ਨੂੰ ਵੀ ਨੋਟਿਸ ਪ੍ਰਾਪਤ ਹੋਏ ਹਨ। ਕੈਪਟਨ ਨੇ ਕਿਹਾ ਕਿ ਨੋਟਿਸ ਜਾਰੀ ਕਰਨ ਦਾ ਸਮਾਂ ਸ਼ੱਕੀ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਖੇਤੀ ਸੋਧ ਬਿੱਲ ਪਾਸ ਕੀਤੇ ਗਏ ਹਨ ਜਿਸ ਮਗਰੋਂ ਕੇਂਦਰੀ ਏਜੰਸੀਆਂ ਨੇ ਇਹ ਨੋਟਿਸ ਜਾਰੀ ਕੀਤੇ ਹਨ। ਸੂਤਰਾਂ ਮੁਤਾਬਕ ਬੱਚਿਆਂ ਨੂੰ ‘ਆਈਟੀ’ ਵੱਲੋਂ ਨੋਟਿਸ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਨ ਦੇ ਇਕ-ਦੋ ਦਿਨ ਹੀ ਬਾਅਦ ਜਾਰੀ ਕੀਤੇ ਗਏ ਹਨ। ਅੰਦੋਲਨ ਕਰ ਰਹੇ ਕਿਸਾਨਾਂ ਨੂੰ ‘ਸ਼ਹਿਰੀ ਨਕਸਲਵਾਦੀ’ ਠਹਿਰਾਏ ਜਾਣ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਕੈਪਟਨ ਨੇ ਉਨ੍ਹਾਂ ਦੀ ਸਰਕਾਰ ਉਪਰ ਕਿਸਾਨਾਂ ਨੂੰ ਪ੍ਰਦਰਸ਼ਨ ਲਈ ਭੜਕਾਉਣ ਦੇ ਲਾਏ ਗਏ ਦੋਸ਼ ਵੀ ਰੱਦ ਕੀਤੇ। ਉਨ੍ਹਾਂ ਕਿਹਾ ਕਿ ਕੇਂਦਰ ਨੇ ਕਿਸਾਨਾਂ ਦੀ ਰੋਜ਼ੀ-ਰੋਟੀ ’ਤੇ ਲੱਤ ਮਾਰੀ ਹੈ ਅਤੇ ਸਾਰੇ ਬਖੇੜੇ ਕੇਂਦਰ ਸਰਕਾਰ ਨੇ ਖੜ੍ਹੇ ਕੀਤੇ ਹਨ। ‘ਅਸਲ ਵਿੱਚ ਕਿਸਾਨਾਂ ਨੂੰ ਆਜ਼ਾਦੀ ਦੇਣ ਦੀ ਬਜਾਏ ਉਨ੍ਹਾਂ ਨੂੰ ਕਾਰਪੋਰੇਟਾਂ ਦੇ ਚੁੰਗਲ ਵਿੱਚ ਫਸਾਇਆ ਜਾ ਰਿਹਾ ਹੈ। ਸਿਰਫ ਪੰਜਾਬ ਦੇ ਕਿਸਾਨਾਂ ਨਾਲ ਹੀ ਨਹੀਂ ਸਗੋਂ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਵਰਗੇ ਹੋਰ ਸੂਬਿਆਂ ਦੇ ਕਿਸਾਨਾਂ ਨਾਲ ਵੀ ਘੋਰ ਬੇਇਨਸਾਫੀ ਕੀਤੀ ਜਾ ਰਹੀ ਹੈ।’ ਮੁੱਖ ਮੰਤਰੀ ਨੇ ‘ਆਪ’ ਦੇ ਦੋਗਲੇਪਣ ’ਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਪਾਰਟੀ ਦੇ ਵਿਧਾਇਕ ਮਤੇ ਦੀ ਕਾਪੀ ਤੇ ਸੋਧ ਬਿੱਲ ਰਾਜਪਾਲ ਨੂੰ ਸੌਂਪਣ ਲਈ ਉਨ੍ਹਾਂ ਨਾਲ ਕਿਉਂ ਗਏ ਸਨ। ਉਨ੍ਹਾਂ ਕਿਹਾ ਕਿ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਬਿੱਲਾਂ ਦੇ ਪੱਖ ਵਿੱਚ ਵੋਟ ਪਾਈ ਸੀ।