ਮੁੱਖ ਮੰਤਰੀ ਦੀ ਕਿਸਾਨ ਧਿਰਾਂ ਨਾਲ ਮੀਟਿੰਗ ਅੱਜ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਗੱਡੀਆਂ ਦੀ ਆਵਾਜਾਈ ਬਹਾਲੀ ਲਈ ਮੁੜ ਮੋਰਚਾ ਸੰਭਾਲ ਲਿਆ ਹੈ। ਇਸੇ ਕੜੀ ਤਹਿਤ ਮੁੱਖ ਮੰਤਰੀ 21 ਨਵੰਬਰ ਨੂੰ ਬਾਅਦ ਦੁਪਹਿਰ ਡੇਢ ਵਜੇ ਤੀਹ ਕਿਸਾਨ ਧਿਰਾਂ ਨਾਲ ਇੱਥੇ ਪੰਜਾਬ ਭਵਨ ’ਚ ਮੀਟਿੰਗ ਕਰਨਗੇ। ਮੁੱਖ ਮੰਤਰੀ ਦਫਤਰ ਵੱਲੋਂ ਅੱਜ ਕਿਸਾਨ ਧਿਰਾਂ ਨੂੰ ਇਸ ਮੀਟਿੰਗ ਦਾ ਸੱਦਾ ਪੱਤਰ ਭੇਜ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਕਿਸਾਨ ਧਿਰਾਂ ਵੱਲੋਂ ਪਹਿਲਾਂ ਕਿਸਾਨ ਭਵਨ ’ਚ ਮੀਟਿੰਗ ਕਰਕੇ ਰਣਨੀਤੀ ਤਿਆਰ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਮੁੱਖ ਮੰਤਰੀ ਨਾਲ ਭਲਕੇ ਮੀਟਿੰਗ ’ਚ ਕਿਸਾਨ ਧਿਰਾਂ ਮਾਲ ਗੱਡੀਆਂ ਦੇ ਨਾਲ ਮੁਸਾਫ਼ਰ ਗੱਡੀਆਂ ਚਲਾਏ ਜਾਣ ਦੀ ਸਹਿਮਤੀ ਦੇ ਸਕਦੀਆਂ ਹਨ ਕਿਉਂਕਿ ਦੋ ਦਿਨ ਪਹਿਲਾਂ 14 ਕਿਸਾਨ ਧਿਰਾਂ ਅੰਦਰੋਂ ਅੰਦਰੀਂ ਇਸ ਗੱਲ ਲਈ ਰਜ਼ਾਮੰਦ ਸਨ ਕਿ ਮਾਲ ਗੱਡੀਆਂ ਦੇ ਨਾਲ ਯਾਤਰੀ ਗੱਡੀਆਂ ਚਲਾ ਦਿੱਤੀਆਂ ਜਾਣ।

ਮੁੱਖ ਮੰਤਰੀ ਪਿਛਲੇ ਕੁਝ ਦਿਨਾਂ ਤੋਂ ਕੇਂਦਰ ਸਰਕਾਰ ਅਤੇ ਕਿਸਾਨ ਧਿਰਾਂ ਨੂੰ ਅਪੀਲਾਂ ਕਰਕੇ ਸੰਤੁਲਨ ਬਣਾਉਣ ’ਚ ਲੱਗੇ ਹੋਏ ਹਨ। ਮੁੱਖ ਮੰਤਰੀ ਵੱਲੋਂ ਭਲਕੇ ਕਿਸਾਨ ਧਿਰਾਂ ਨਾਲ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਸ਼ਰਤ ਮੰਨਣ ਦੀ ਗੱਲ ਲਈ ਆਖਿਆ ਜਾਵੇਗਾ। ਮੁੱਖ ਮੰਤਰੀ ਭਲਕੇ ਮੀਟਿੰਗ ਵਿੱਚ ਕਿਸਾਨ ਧਿਰਾਂ ਅੱਗੇ ਸੂਬੇ ਦੀ ਮਾਲੀ ਮੰਦੀ ਦੀ ਗੱਲ ਰੱਖਣਗੇ ਤੇ ਉਨ੍ਹਾਂ ਵੱਲੋਂ ਅੱਜ ਸੂਬੇ ਦੀ ਆਰਥਿਕਤਾ ਨਾਲ ਜੁੜੇ ਅੰਕੜਿਆਂ ਦਾ ਖਾਕਾ ਤਿਆਰ ਕਰਾਇਆ ਗਿਆ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਭਲਕੇ ਕੋਵਿਡ ਸਮੀਖਿਆ ਮੀਟਿੰਗ ਵੀ ਰੱਖੀ ਗਈ ਹੈ ਜਿਸ ਤਹਿਤ ਮੁੱਖ ਮੰਤਰੀ ਡਾਕਟਰਾਂ ਅਤੇ ਸਿਹਤ ਕਰਮੀਆਂ ਨਾਲ ਸਵੇਰੇ 11 ਵਜੇ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕਰਨਗੇ। ਮੁੱਖ ਮੰਤਰੀ ਭਲਕੇ 117 ਵੈੱਲਨੈੱਸ ਸੈਂਟਰਾਂ ਦਾ ਉਦਘਾਟਨ ਵੀ ਕਰਨਗੇ।

ਕਿਸਾਨ ਧਿਰਾਂ ਦੇ ਕੋਆਰਡੀਨੇਟਰ ਡਾ. ਦਰਸ਼ਨਪਾਲ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਧਿਰਾਂ ਵੱਲੋਂ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ ਜਾਵੇਗੀ ਜਿਸ ’ਚ ਆਪਸੀ ਸਹਿਮਤੀ ਨਾਲ ਫ਼ੈਸਲਾ ਲਿਆ ਜਾਵੇਗਾ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਸੱਦਾ ਪੱਤਰ ਮਿਲ ਗਿਆ ਹੈ ਅਤੇ ਸਭ ਧਿਰਾਂ ਆਪਸੀ ਸਹਿਮਤੀ ਨਾਲ ਅਗਲਾ ਫ਼ੈਸਲਾ ਲੈਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਵਤੀਰਾ ਅੜਨ ਵਾਲਾ ਜਿਸ ਕਰਕੇ ਕਿਸਾਨ ਪੂਰੀ ਤਰ੍ਹਾਂ ਕੌਮੀ ਅੰਦੋਲਨ ਦੀ ਤਿਆਰੀ ਵਿਚ ਜੁਟੇ ਹੋਏ ਹਨ।

ਕੈਪਟਨ ਨੇ ਪ੍ਰਧਾਨ ਮੰਤਰੀ ਨਾਲ ਮੀਟਿੰਗ ਲਈ ਸਮਾਂ ਮੰਗਿਆ

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਦਫਤਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਵਾਸਤੇ ਸਮਾਂ ਮੰਗਿਆ ਹੈ ਅਤੇ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਨੂੰ ਵੀ ਮਿਲਣਾ ਚਾਹੁੰਦੇ ਹਨ। ਸੂਤਰ ਦੱਸਦੇ ਹਨ ਕਿ ਕੇਂਦਰ ਸਰਕਾਰ ਹੁਣ ਮੁੱਖ ਮੰਤਰੀ ਪੰਜਾਬ ਨੂੰ ਮੀਟਿੰਗ ਲਈ ਸਮਾਂ ਦੇਣ ਵਾਸਤੇ ਤਿਆਰ ਜਾਪਦੀ ਹੈ ਪਰ ਉਸ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਕਿਸਾਨ ਧਿਰਾਂ ਨਾਲ ਮਸ਼ਵਰਾ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਕਿਸਾਨ ਧਿਰਾਂ ਦੇ ‘ਦਿੱਲੀ ਚੱਲੋ’ ਅੰਦੋਲਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੁੱਖ ਮੰਤਰੀ ਨੂੰ ਮਿਲਣ ਦਾ ਸਮਾਂ ਦੇ ਸਕਦੇ ਹਨ।

ਕਿਸਾਨ ਜਥੇਬੰਦੀਆਂ ਅੱਜ ਊਲੀਕਣਗੀਆਂ ਅਗਲੀ ਰਣਨੀਤੀ

ਚੰਡੀਗੜ੍ਹ (ਦਵਿੰਦਰ ਪਾਲ):ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਦੇ ਅੰਦੋਲਨ ਨੂੰ ਦੋ ਮਹੀਨਿਆਂ ਦਾ ਸਮਾਂ ਢੁੱਕਣ ਜਾ ਰਿਹਾ ਹੈ। ਸੂਬੇ ਵਿੱਚ 24 ਸਤੰਬਰ ਤੋਂ ਸ਼ੁਰੂ ਹੋਏ ਸੰਘਰਸ਼ ਦੌਰਾਨ ਅੱਜ ਵੀ ਕਿਸਾਨਾਂ ਨੇ ਸੂਬੇ ’ਚ 100 ਤੋਂ ਵੱਧ ਥਾਵਾਂ ’ਤੇ ਧਰਨੇ ਦਿੱਤੇ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵੱਲੋਂ 26 ਅਤੇ 27 ਨਵੰਬਰ ਦੇ ਦਿੱਲੀ ਚੱਲੋ ਪ੍ਰੋਗਰਾਮ ਲਈ ਵੀ ਪਿੰਡ-ਪਿੰਡ ਲਾਮਬੰਦੀ ਕੀਤੀ ਜਾ ਰਹੀ ਹੈ। ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ 21 ਨਵੰਬਰ ਨੂੰ ਚੰਡੀਗੜ੍ਹ ’ਚ ਮੀਟਿੰਗ ਕਰਕੇ ਅਗਲੀ ਰਣਨੀਤੀ ਉਲੀਕਣਗੀਆਂ। ਕਿਸਾਨ ਜਥੇਬੰਦੀਆਂ ਵੱਲੋਂ ਪੱਕੇ ਮੋਰਚੇ ਦੀ ਸੰਭਾਵਨਾ ਦੇ ਮੱਦੇਨਜ਼ਰ ਵੱਡੇ ਪੱਧਰ ’ਤੇ ਰਸਦ ਵੀ ਇਕੱਠੀ ਕੀਤੀ ਜਾਣ ਲੱਗੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ 30 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ 60 ਦੇ ਕਰੀਬ ਥਾਵਾਂ ’ਤੇ ਧਰਨੇ ਦਿੱਤੇ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੱਖਰੇ ਤੌਰ ’ਤੇ 45 ਦੇ ਕਰੀਬ ਥਾਵਾਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਵੀ ਦਰਜਨ ਦੇ ਕਰੀਬ ਥਾਵਾਂ ’ਤੇ ਧਰਨੇ ਜਾਰੀ ਹਨ। ਕਿਸਾਨਾਂ ਵੱਲੋਂ ਟੌਲ ਪਲਾਜ਼ਿਆਂ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ, ਭਾਜਪਾ ਆਗੂਆਂ ਦੇ ਘਰਾਂ ਅਤੇ ਸ਼ਾਪਿੰਗ ਮਾਲਜ਼ ਦੇ ਮੂਹਰੇ ਧਰਨੇ ਜਾਰੀ ਹਨ। ਸੂਬੇ ਵਿੱਚ ਝੋਨੇ ਦੀ ਕਟਾਈ ਤਕਰੀਬਨ ਖਤਮ ਹੋਣ ਅਤੇ ਕਣਕ ਦੀ ਬੀਜਾਈ ਦੀ ਅੱਧੋਂ ਵੱਧ ਨਿੱਬੜਨ ਮਗਰੋਂ ਹੁਣ ਕਿਸਾਨਾਂ ਦੇ ਧਰਨਿਆਂ ’ਚ ਮੁੜ ਤੋਂ ਭਾਰੀ ਇਕੱਠ ਹੋਣ ਲੱਗੇ ਹਨ।

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਦੇਸ਼ ਵਿਆਪੀ ਰੂਪ ਧਾਰ ਗਿਆ ਹੈ। ਦੇਸ਼ ਦੀਆਂ 500 ਜਥੇਬੰਦੀਆਂ ਇੱਕ ਝੰਡੇ ਹੇਠ ਇਕੱਠੀਆਂ ਹੋ ਗਈਆਂ ਹਨ। ਧਰਨਿਆਂ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਭੁਲੇਖੇ ’ਚ ਨਾ ਰਹੇ ਕਿ ਐਵੇਂ ਅਣਗੌਲਿਆਂ ਕਰਨ ਨਾਲ ਕਿਸਾਨ ਸੰਘਰਸ਼ ਮੱਠਾ ਪੈ ਜਾਵੇਗਾ, ਸਗੋਂ ਇਹ ਅੰਦੋਲਨ ਦੇਸ਼ ਭਰ ’ਚ ਮਜ਼ਬੂਤ ਹੋ ਕੇ ਸਰਕਾਰ ਨੂੰ ਲੋਕ-ਮਾਰੂ ਕਾਨੂੰਨ ਵਾਪਿਸ ਲੈਣ ਲਈ ਮਜਬੂਰ ਕਰ ਦੇਵੇਗਾ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮੋਦੀ ਦੇ ਜੋਟੀਦਾਰ ਕਾਰਪੋਰੇਟ ਘਰਾਣਿਆਂ ਦੇ ਪੰਜਾਬ ਵਿੱਚ ਪੈਰ ਨਹੀਂ ਲੱਗਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *