‘ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਕੋਝੀਆਂ ਚਾਲਾਂ ਚੱਲ ਰਿਹਾ ਹੈ ਕੇਂਦਰ’

ਚੰਡੀਗੜ੍ਹ : ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁਧ ਚੱਲ ਰਹੇ ਸੰਘਰਸ਼ ਦੌਰਾਨ ਅੱਜ ਕਿਸਾਨ ਬੁਲਾਰਿਆਂ ਨੇ ਮੋਦੀ ਸਰਕਾਰ ਦੇ ਮੰਤਰੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂਂ ਕਿਸਾਨੀ ਅੰਦੋਲਨ ਨੂੰ ਮਾਓਵਾਦੀਆਂ ਦੇ ਹੱਥਾਂ ’ਚ ਚਲੇ ਜਾਣ ਦੀ ਖੇਡੀ ਜਾ ਰਹੀ ਚਾਲ ਦੀ ਨਿੰਦਾ ਕੀਤੀ ਹੈ। ਸੂਬੇ ਵਿੱਚ 100 ਤੋਂ ਵੱਧ ਥਾਵਾਂ ’ਤੇ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਭਾਜਪਾ ਪੂਰੀ ਤਰ੍ਹਾਂ ਬੌਖਲਾ ਗਈ ਹੈ ਤੇ ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਹੱਥਕੰਡੇ ਅਪਣਾ ਰਹੀ ਹੈ। ਕੇਂਦਰੀ ਮੰਤਰੀ ਪਿਯੂਸ਼ ਗੋਇਲ ਵੱਲੋਂ ਕੀਤੀਆਂ ਟਿੱਪਣੀਆਂ ਬਾਰੇ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਭਾਜਪਾ ਵੱਲੋਂ ਪਹਿਲਾਂ ਕਿਸਾਨੀ ਅੰਦੋਲਨ ’ਤੇ ਖ਼ਾਲਿਸਤਾਨ ਦਾ ਠੱਪਾ ਲਾਉਣ ਦੇ ਯਤਨ ਕੀਤੇ ਗਏ ਸਨ ਪ੍ਰੰਤੂ ਸੱਤਾਧਾਰੀ ਧਿਰ ਨੂੰ ਮੂੰਹ ਦੀ ਖਾਣੀ ਪਈ ਸੀ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਲੰਘੀ ਰਾਤ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਕਰਕੇ ਠੰਢ ਦਾ ਜ਼ੋਰ ਵਧ ਗਿਆ ਪ੍ਰੰਤੂ ਸੰੰਘਰਸ਼ੀ ਅਖਾੜਿਆਂ ਵਿੱਚ ਕਿਸਾਨਾਂ ਦੇ ਹੌਸਲਿਆਂ ’ਤੇ ਕੋਈ ਅਸਰ ਨਾ ਪਿਆ। ਸੂਬੇ ਵਿੱਚ ਕਿਸਾਨਾਂ ਨੇ ਅੱਜ ਭਾਜਪਾ ਆਗੂਆਂ ਦੇ ਘਰਾਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ, ਟੌਲ ਪਲਾਜ਼ਿਆਂ ਅਤੇ ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਨੂੰ ਘੇਰਿਆ।
ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਨੇ ਜੀਓ ਦੇ ਸਿਮ ਬਦਲਾਉਣੇ ਸ਼ੁਰੂ ਕਰ ਦਿੱਤੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਭਾਜਪਾਈ ਕਾਰਪੋਰੇਟਰਾਂ ਨੂੰ ਖੁਸ਼ ਕਰਨ ਲਈ ਕਿਸਾਨਾਂ ਦੇ ਸੰਘਰਸ਼ ਨੂੰ ਨਕਸਲੀ, ਮਾਓਵਾਦੀ, ਖ਼ਾਲਿਸਤਾਨੀ ਦੱਸ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਚਾਲ ਚੱਲ ਰਹੀ ਹੈ ਜਦਕਿ ਖੇਤੀ ਵਿਰੋਧੀ ਕਾਨੂੰਨ ’ਚ ਨਿਰੋਲ ਕਿਸਾਨੀ ਹੋਣ ਕਰਕੇ ਪੂਰੇ ਭਾਰਤ ਦੇ ਕਿਸਾਨ ਸ਼ਾਮਲ ਹਨ ਅਤੇ ਦੇਸ਼ ਦੇ ਹਰ ਵਰਗ ਤੋਂ ਹਮਾਇਤ ਮਿਲ ਰਹੀ ਹੈ।
14 ਨੂੰ ਡੀਸੀ ਦਫਤਰ ਘੇਰਨ ਦੀਆਂ ਤਿਆਰੀਆਂ
ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ 14 ਦਸੰਬਰ ਨੂੰ ਡੀਸੀ ਦਫ਼ਤਰਾਂ ਦੇ ਘਿਰਾਓ ਦੀ ਤਿਆਰੀ ਲਈ ਪੰਜਾਬ ਭਰ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਦੀ ਮੁਹਿੰਮ ਵਿੱਢੀ ਹੈ। ਇਸ ਤਹਿਤ 800 ਤੋਂ ਵੱਧ ਪਿੰਡਾਂ ਵਿੱਚ ਮੋਟਰਸਾਈਕਲ, ਟਰੈਕਟਰ ਮਾਰਚ, ਮੀਟਿੰਗਾਂ, ਰੈਲੀਆਂ ਕੀਤੀਆਂ ਗਈਆਂ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਤਰਸੇਮ ਪੀਟਰ, ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਕੇਂਦਰ ਸਰਕਾਰ ਕੋਝੀਆਂ ਚਾਲਾਂ ਚੱਲ ਰਹੀ ਹੈ।