ਭਾਜਪਾ ਸਰਕਾਰ ਕਿਸਾਨਾਂ ਨਾਲ ਕਈ ਵਾਰ ਵਾਅਦੇ ਕਰ ਕੇ ਮੁੱਕਰੀ: ਸਾਈਨਾਥ

ਨਵੀਂ ਦਿੱਲੀ : ਉੱਘੇ ਅਰਥ ਸ਼ਾਸਤਰੀ ਤੇ ਖੇਤੀ ਮਾਮਲਿਆਂ ਦੇ ਮਾਹਿਰ ਪੀ. ਸਾਈਨਾਥ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਝੂਠ ਬੋਲਣ ਦਾ ਦੋਸ਼ ਲਾਉਂਦਿਆਂ ਸਿੰਘੂ ਬਾਰਡਰ ਤੋਂ ਕਿਸਾਨਾਂ ਨੂੰ ਸੰਘਰਸ਼ ਜਿੱਤਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਭਾਜਪਾ ਨੂੰ 2014 ਵਿਚ ਬਹੁਮੱਤ ਨਾਲ ਜਿਤਾਉਣ ਵਿਚ ਅਹਿਮ ਯੋਗਦਾਨ ਦਿੱਤਾ ਕਿਉਂਕਿ ਪਾਰਟੀ ਨੇ ਸਵਾਮੀਨਾਥਨ ਰਿਪੋਰਟ ਲਾਗੂ ਕਰ ਕੇ 12 ਮਹੀਨੇ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਦਾ ਵਾਅਦਾ ਚੋਣ ਮਨੋਰਥ ਪੱਤਰ ਵਿੱਚ ਕੀਤਾ ਸੀ। ਪਰ ਹੁਣ ਇਸੇ ਪਾਰਟੀ ਦੀ ਸਰਕਾਰ ਨੇ ਅਦਾਲਤ ਵਿੱਚ ਹਲਫ਼ੀਆ ਬਿਆਨ ਦਿੱਤਾ ਹੈ ਕਿ ਇਹ ਚੰਗਾ ਨਹੀਂ ਹੈ ਇਸ ਨਾਲ ਖੇਤੀ ਬਾਜ਼ਾਰ ਖਰਾਬ ਹੋਵੇਗਾ। ਉਨ੍ਹਾਂ ਕਿਹਾ ਕਿ ਮੁੜ 2016 ਵਿਚ ਕੇਂਦਰ ਸਰਕਾਰ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਤੋਂ ਮੁੱਕਰ ਗਈ ਤੇ 2017 ਵਿਚ ਸਵਾਮੀਨਾਥਨ ਰਿਪੋਰਟ ਦੇ ਵਾਅਦੇ ਬਾਰੇ ਸਰਕਾਰ ਨੇ ਕਿਹਾ ਕਿ ਇਸ ਨੂੰ ਹੁਣ ਭੁੱਲ ਜਾਣਾ ਚਾਹੀਦਾ ਹੈ। ਸਾਈਨਾਥ ਨੇ ਕਿਹਾ ਕਿ ਤਤਕਾਲੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਸਵਾਮੀਨਾਥਨ ਕਮੇਟੀ ਅਨੁਸਾਰ ਖਾਦਾਂ, ਬਿਜਲੀ ਤੇ ਉਤਪਾਦਨ ਲਾਗਤ ਤੈਅ ਕਰਨ ਬਾਰੇ ਕਿਹਾ ਸੀ। ਇਸੇ ਤਰ੍ਹਾਂ 2018 ਵਿੱਚ ਤਤਕਾਲੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਹ ਕਹਿ ਕੇ ਪੱਲਾ ਝਾੜ ਲਿਆ ਸੀ ਕਿ ਚੋਣਾਂ ਤੋਂ ਪਹਿਲਾਂ ਹਰ ਪਾਰਟੀ ਵਾਅਦੇ ਕਰਦੀ ਹੈ। ਉਨ੍ਹਾਂ ਕਿਹਾ ਕਿ ਧਰਨਿਆਂ ’ਤੇ ਬੈਠੇ ਕਿਸਾਨ ਦੇਸ਼ ਦੇ ਹੋਰਨਾਂ ਕਿਸਾਨਾਂ ਦੇ ਹੱਕਾਂ ਲਈ ਲੜ ਰਹੇ ਹਨ।

Leave a Reply

Your email address will not be published. Required fields are marked *