ਭਾਜਪਾ ਸੱਤਾ ਦੀ ਭੁੱਖ ’ਚ ਸਰਕਾਰਾਂ ਡੇਗਣ ਉੱਤੇ ਉਤਾਰੂ: ਅਮਰਿੰਦਰ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਭਾਜਪਾ ਲੋਕਰਾਜੀ ਤਰੀਕੇ ਨਾਲ ਬਣੀਆਂ ਸਰਕਾਰਾਂ ਨੂੰ ਡੇਗਣ ’ਤੇ ਉਤਾਰੂ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਭਾਜਪਾ ਦੀ ਲੀਡਰਸ਼ਿਪ ਰਾਜਪਾਲ ਦੇ ਅਹੁਦੇ ਦੀ ਮਰਿਆਦਾ ਘਟਾਉਣ ’ਚ ਜੁਟੀ ਹੋਈ ਹੈ। ਦੱਸਣਯੋਗ ਹੈ ਕਿ ਪੰਜਾਬ ਭਾਜਪਾ ਨੇ ਟਵੀਟ ਕਰਕੇ ਕਿਹਾ ਸੀ ਕਿ ਮੁੱਖ ਮੰਤਰੀ ਪੰਜਾਬ ਨੂੰ ਇੱਕ ਹੋਰ ਪੱਛਮੀ ਬੰਗਾਲ ਬਣਾਉਣ ਦੇ ਰਾਹ ਪਏ ਹੋਏ ਹਨ। ਮੁੱਖ ਮੰਤਰੀ ਨੇ ਜੁਆਬ ’ਚ ਕਿਹਾ ਕਿ ਭਾਜਪਾ ਸੱਤਾ ਦੀ ਭੁੱਖ ਵਿਚ ਆਪਣੇ ਸੌੜੇ ਹਿੱਤਾਂ ਲਈ ਰਾਜਪਾਲ ਦਫ਼ਤਰ ਦੀ ਦੁਰਵਰਤੋਂ ਕਰ ਰਹੀ ਹੈ। ਕੈਪਟਨ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਜੋ ਵਾਪਰ ਰਿਹਾ ਹੈ ਉਹ ਮਹਾਰਾਸ਼ਟਰ ਵਿੱਚ ਵੀ ਵਾਪਰਿਆ ਅਤੇ ਹੁਣ ਇਹ ਸਭ ਪੰਜਾਬ ਵਿਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੈਪਟਨ ਨੇ ਕਿਹਾ ਕਿ ਭਾਜਪਾ ਅਜਿਹੇ ਸੂਬਿਆਂ ਵਿੱਚ ਸੱਤਾ ਵਿੱਚ ਆਉਣ ਲਈ ਹਰ ਹਥਕੰਡਾ ਵਰਤ ਰਹੀ ਹੈ ਜਿੱਥੇ ਉਹ ਸੱਤਾ ਵਿੱਚ ਨਹੀਂ ਹੈ। ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜਪਾਲ ਸੰਵਿਧਾਨਕ ਰਵਾਇਤ ਅਨੁਸਾਰ ਸੂਬੇ ਦਾ ਸਰਪ੍ਰਸਤ ਹੁੰਦਾ ਹੈ ਪਰ ਸਾਰੇ ਪ੍ਰਸ਼ਾਸਕੀ ਅਧਿਕਾਰ ਮੁੱਖ ਮੰਤਰੀ ਕੋਲ ਹੁੰਦੇ ਹਨ। ਇਸ ਗੱਲ ਤੋਂ ਭਾਜਪਾ ਪੂਰੀ ਤਰ੍ਹਾਂ ਅਣਜਾਣ ਜਾਪਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੱਗਦਾ ਹੈ ਕਿ ਭਾਜਪਾ ਆਗੂ ਇਹ ਨਹੀਂ ਜਾਣਦੇ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਵੀ ਗ੍ਰਹਿ ਮੰਤਰੀ ਹੋਣ ਕਰ ਕੇ ਉਨ੍ਹਾਂ ਦੀ ਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਨੇਤਾ ਦੋਸ਼ ਲਾਉਂਦੇ ਹਨ ਕਿ ਸੂਬੇ ਵਿਚ ਕਿਸਾਨਾਂ ਦੇ ਗੁੱਸੇ ਨੂੰ ਭੜਕਾਉਣ ਵਾਲੀਆਂ ਘਟਨਾਵਾਂ ਸੱਤਾਧਾਰੀ ਕਾਂਗਰਸ ਦੇ ਇਸ਼ਾਰੇ ’ਤੇ ਵਾਪਰੀਆਂ ਹਨ। ਇਸ ਤਰ੍ਹਾਂ ਤਾਂ ਉਨ੍ਹਾਂ ਨੂੰ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਵਾਪਰੀਆਂ ਘਟਨਾਵਾਂ ਲਈ ਸੱਤਾਧਾਰੀ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਉਣਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ 40 ਦਿਨਾਂ ਤੋਂ ਕੜਾਕੇ ਦੀ ਠੰਢ ਵਿਚ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਰੋਸ ਮੁਜ਼ਾਹਰਾ ਕਰ ਰਹੇ ਹਨ ਤੇ ਭਾਜਪਾ ਵਲੋਂ ਸੌੜੀ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਝੂਠ ਤੇ ਸਿਆਸੀ ਹੱਥਕੰਡੇ ਅਪਣਾਉਣ ਦੀ ਥਾਂ ਭਾਜਪਾ ਨੂੰ ਕਿਸਾਨਾਂ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਗ਼ੌਰ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਹੁਣ ਵੀ ਸਮਾਂ ਨਾ ਵਾਚਿਆ ਗਿਆ ਤਾਂ ਭਵਿੱਖੀ ਸਮਾਂ ਭਾਰਤ ਦੇ ਹਿੱਤਾਂ ਲਈ ਬਹੁਤ ਮੰਦਭਾਗਾ ਤੇ ਵਿਨਾਸ਼ਕਾਰੀ ਹੋਵੇਗਾ।

Leave a Reply

Your email address will not be published. Required fields are marked *