ਕਾਂਗਰਸ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ

ਨਵੀਂ ਦਿੱਲੀ : ਕਾਂਗਰਸ ਨੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਕਿਸਾਨਾਂ ਦੀ ਹਮਾਇਤ ’ਚ ਅੱਜ ਦੇ ਦਿਨ ਨੂੰ ‘ਕਿਸਾਨ ਅਧਿਕਾਰ ਦਿਵਸ’ ਵਜੋਂ ਮਨਾਉਂਦਿਆਂ ਦੇਸ਼ ਭਰ ’ਚ ਰਾਜ ਭਵਨਾਂ ਦਾ ਘਿਰਾਓ ਕੀਤਾ। ਇਸ ਦੌਰਾਨ ਹਿਮਾਚਲ ਪ੍ਰਦੇਸ਼, ਯੂਪੀ, ਰਾਜਸਥਾਨ ਅਤੇ ਹੋਰ ਸੂਬਿਆਂ ’ਚ ਕਾਂਗਰਸ ਵੱਲੋਂ ਰਾਜਭਵਨ ਘੇਰਨ ਦੀ ਕੋਸ਼ਿਸ਼ ਕੀਤੀ ਗਈ। ਕਈ ਥਾਵਾਂ ’ਤੇ ਪੁਲੀਸ ਨੇ ਅੱਗੇ ਵੱਧ ਰਹੇ ਕਾਂਗਰਸ ਵਰਕਰਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ। 

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਹਮਾਇਤ ’ਚ ਕੌਮੀ ਰਾਜਧਾਨੀ ’ਚ ਪਾਰਟੀ ਵੱਲੋਂ ਕੀਤੇ ਪ੍ਰਦਰਸ਼ਨਾਂ ਦੀ ਅਗਵਾਈ ਕਰਦਿਆਂ ਉਪ ਰਾਜਪਾਲ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਕਾਂਗਰਸ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੱਕ ਚੁੱਪ ਨਹੀਂ ਬੈਠੇਗੀ। ਉਪ ਰਾਜਪਾਲ ਦੀ ਰਿਹਾਇਸ਼ ਬਾਹਰ ਕੀਤੇ ਪ੍ਰਦਰਸ਼ਨਾਂ ਮੌਕੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਤੇ ਦਿੱਲੀ ਕਾਂਗਰਸ ਦੇ ਹੋਰ ਆਗੂ ਵੀ ਮੌਜੂਦ ਸਨ। 

ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣਾ ਪਏਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਕਾਨੂੰਨ ਕਿਸਾਨਾਂ ਦੀ ਮਦਦ ਲਈ ਨਹੀਂ ਬਲਕਿ ਕਿਸਾਨਾਂ ਨੂੰ ਖਤਮ ਕਰਨ ਲਈ ਬਣਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਆਪਣੇ ਪੂੰਜੀਵਾਦੀ ਮਿੱਤਰਾਂ ਨੂੰ ਲਾਭ ਪਹੁੰਚਾਉਣ ਦੇ ਇਰਾਦੇ ਨਾਲ ਲੈ ਕੇ ਆਈ ਹੈ। ਕਾਂਗਰਸ ਆਗੂ ਨੇ ਚੇਤਾਵਨੀ ਦਿੱਤੀ ਕਿ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਕਾਂਗਰਸ ਪਾਰਟੀ ਪਿੱਛੇ ਨਹੀਂ ਹਟੇਗੀ। ਉਪ ਰਾਜਪਾਲ ਦੇ ਘਰ ਦੀ ਘੇਰਾਬੰਦੀ ਮੌਕੇ ਦਿੱਲੀ ਕਾਂਗਰਸ ਦੇ ਪ੍ਰਧਾਨ ਅਨਿਲ ਕੁਮਾਰ ਤੋਂ ਇਲਾਵਾ ਏਬੀਕੇ ਕਮੇਟੀ ਦੇ ਸਕੱਤਰ ਜਨਰਲ ਕੇ.ਸੀ. ਵੇਣੂਗੋਪਾਲ, ਦਿੱਲੀ ਇੰਚਾਰਜ ਸ਼ਕਤੀਸਿੰਘ ਗੋਹਿਲ, ਸਾਬਕਾ ਸੰਸਦ ਮੈਂਬਰ ਰਮੇਸ਼ ਕੁਮਾਰ, ਕ੍ਰਿਸ਼ਨਾ ਤੀਰਥ ਤੇ ਉਦਿਤ ਰਾਜ, ਦਿੱਲੀ ਸਰਕਾਰ ਦੇ ਸਾਬਕਾ ਮੰਤਰੀ, ਸਾਬਕਾ ਵਿਧਾਇਕ, ਕਾਰਪੋਰੇਟਰ, ਜ਼ਿਲ੍ਹਾ ਪ੍ਰਧਾਨ, ਸਾਬਕਾ ਕਾਰਪੋਰੇਟਰ, ਬਲਾਕ ਪ੍ਰਧਾਨ ਤੇ ਕਾਂਗਰਸੀ ਵਰਕਰ ਮੌਜੂਦ ਸਨ। ਰਾਹੁਲ ਮਗਰੋਂ ਜੰਤਰ ਮੰਤਰ ’ਤੇ ਪਿਛਲੇ ਇਕ ਮਹੀਨੇ ਤੋਂ ਕਿਸਾਨਾਂ ਦੀ ਹਮਾਇਤ ’ਚ ਧਰਨਾ ਲਾਈ ਕਾਂਗਰਸੀ ਸੰਸਦ ਮੈਂਬਰਾਂ ਤੇ ਹੋਰਨਾਂ ਵਿਧਾਇਕਾਂ ਨੂੰ ਵੀ ਮਿਲੇ। ਰਾਹੁਲ ਨੇ ਇਥੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਕਦਰ ਨਹੀਂ ਕਰਦੇ ਤੇ ਨਵੇਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਕਿਸਾਨਾਂ ਨੂੰ ਥਕਾਉਣਾ ਚਾਹੁੰਦੇ ਹਨ। ਸਾਬਕਾ ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਕਿ ਸਰਕਾਰ ਇਸ ਮਸਲੇ ਨੂੰ ਲਮਕਾਉਣ ਦੀ ਜੁਗਤ ਨਾਲ ਹੀ ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਨਾਲ ਗੱਲਬਾਤ ਕਰ ਰਹੀ ਹੈ। 

Leave a Reply

Your email address will not be published. Required fields are marked *