ਖੇਤੀ ਕਾਨੂੰਨ ਰੱਦ ਹੋਣ ਤੱਕ ਘਰ ਵਾਪਸੀ ਨਹੀਂ: ਟਿਕੈਤ

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਮੁੱਖ ਬੁਲਾਰੇ ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨਾਂ ’ਤੇ ਲੀਕ ਮਾਰਨ, ਐੱਮਐੱਸਪੀ ’ਤੇ ਫ਼ਸਲਾਂ ਦੀ ਖਰੀਦ ਦੀ ਕਾਨੂੰਨੀ ਗਾਰੰਟੀ, ਕਿਸਾਨ ਆਗੂਆਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਤੇ ਜੇਲ੍ਹਾਂ ’ਚ ਬੰਦ ਕਿਸਾਨਾਂ ਤੇ ਹੋਰਨਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਕਿਸਾਨ ਉਦੋਂ ਤੱਕ ਘਰਾਂ ਨੂੰ ਨਹੀਂ ਪਰਤਣਗੇ। ਬੀਕੇਯੂ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੇ ਰਾਹ ਪਈ ਹੋਈ ਹੈ ਤੇ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਮੌਕੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਹਿੰਸਾ ਉਸੇ ਕੜੀ ਦਾ ਹਿੱਸਾ ਸੀ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨ ਪਾਲ ਨੇ ਕਿਹਾ ਕਿ ਕਿਸਾਨਾਂ ਨੂੰ ਨਿਰਾਸ਼ ਕਰਨ ਵਾਲੀ ਹਰਿਆਣਾ ਦੀ ਖੱਟਰ ਸਰਕਾਰ ਨੂੰ ਨੈਤਿਕ ਤੌਰ ’ਤੇ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਇਹ ਤਿੰਨੇ ਆਗੂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ’ਤੇ ਜਬਰੀ ਥੋਪੇ ਜਾ ਰਹੇ ਤਿੰਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚਰਖੀ ਦਾਦਰੀ ’ਚ ਕਿੱਟਲਾਣਾ ਟੌਲ ਪਲਾਜ਼ਾ ’ਤੇ ਜੁੜੀ ਮਹਾਪੰਚਾਇਤ ਨੂੰ ਸੰਬੋਧਨ ਕਰ ਰਹੇ ਸਨ। ਮਹਾਪੰਚਾਇਤ ਸਾਂਗਵਾਨ ਖਾਪ ਅਤੇ ਵਿਧਾਨ ਸਭਾ ਹਲਕਾ ਚਰਖੀ ਦਾਦਰੀ ਤੋਂ ਵਿਧਾਇਕ ਸੋਮਵੀਰ ਸਾਂਗਵਾਨ ਵੱਲੋਂ ਵਿਉਂਤੀ ਗਈ ਸੀ।  ਮਹਾਪੰਚਾਇਤ ਵਿੱਚ ਸਰਬਸੰਮਤੀ ਨਾਲ ਪੰਜ ਮਤੇ ਵੀ ਪਾਸ ਕੀਤੇ ਗਏ। 3 ਫਰਵਰੀ ਨੂੰ ਜੀਂਦ ਵਿੱਚ ਹੋਈ ਖਾਪ ਮਹਾਪੰਚਾਇਤ ਤੋਂ ਸਬਕ ਲੈਂਦਿਆਂ ਐਤਕੀਂ ਇੱਟਾਂ ਦੀ ਸਟੇਜ ਤਿਆਰ ਕੀਤੀ ਗਈ ਸੀ।

ਟਿਕੈਤ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀ ਅਗਵਾਈ ਵਿੱਚ ਸ਼ੁਰੂ ਹੋਇਆ ਕਿਸਾਨੀ ਸੰਘਰਸ਼ ਅੱਜ ਜਨ ਅੰਦੋਲਨ ਦਾ ਰੂਪ ਧਾਰ ਚੁੱਕਿਆ ਹੈ। ਇਸ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਦੇ ਏਕੇ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਤੇ ਕਦੇ ਧਰਮ ਦੇ ਨਾਮ ’ਤੇ ਵੰਡਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਇਕ ਹੈ, ਜਿਸ ਕਰਕੇ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਇਸ ਮੌਕੇ ਸਰਬਸੰਮਤੀ ਨਾਲ ਪੰਜ ਮਤੇ ਪਾਸ ਕੀਤੇ ਗਏ। ਇਨ੍ਹਾਂ ਵਿੱਚ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ, ਐੱਮਐੱਸਪੀ ’ਤੇ ਫ਼ਸਲਾਂ ਦੀ ਯਕੀਨੀ ਖਰੀਦ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, ਕਿਸਾਨਾਂ ’ਤੇ ਦਰਜ ਕੀਤੇ ਝੂਠੇ ਕੇਸ ਰੱਦ ਕਰਨਾ ਅਤੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਰਿਹਾਅ ਕਰਨਾ ਸ਼ਾਮਲ ਹਨ। 

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ ਅਤੇ ਉਨ੍ਹਾਂ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਠੰਢੀਆਂ ਰਾਤਾਂ ਵਿੱਚ ਸੰਘਰਸ਼ ਕਰ ਰਿਹਾ ਹੈ, ਪਰ ਕੇਂਦਰ ਸਰਕਾਰ ਉਨ੍ਹਾਂ ਨਾਲ ਗੱਲ ਕਰਨ ਲਈ ਵੀ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਕੇਂਦਰ ਦੀਆਂ ਘਟੀਆ ਚਾਲਾਂ ਨੂੰ ਸਮਝ ਚੁੱਕਿਆ ਹੈ ਅਤੇ ਉਹ ਪਿੱਛੇ ਹਟਣ ਵਾਲਾ ਨਹੀਂ ਹੈ।

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲੇ ਦਿਨ ਤੋਂ ਇਸ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ‘ਖਾਲਿਸਤਾਨ’, ‘ਪਾਕਿਸਤਾਨ’ ਅਤੇ ‘ਮਾਓਵਾਦੀਆਂ ਦਾ ਸੰਘਰਸ਼’ ਦੱਸਦੀ ਆ ਰਹੀ ਹੈ। ਉਸ ਤੋਂ ਬਾਅਦ ਗਣਤੰਤਰ ਦਿਵਸ ਵਾਲੇ ਦਿਨ ਸ਼ਰਾਰਤ ਕਰਕੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਕਮਜ਼ੋਰ ਹੋਣ ਦੀ ਥਾਂ ਹੋਰ ਭਖਦਾ ਜਾ ਰਿਹਾ ਹੈ ਤੇ ਇਸ ਵਿੱਚ ਦੇਸ਼ ਭਰ ਤੋਂ ਲੋਕ ਸ਼ਮੂਲੀਅਤ ਕਰ ਰਹੇ ਹਨ। ਰਾਜੇਵਾਲ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਤਿੰਨੇ ਕਾਨੂੰਨਾਂ ਨੂੰ ਰੱਦ ਕਰਕੇ ਅਤੇ ਫ਼ਸਲਾਂ ਦੀ ਐੱਮਐੱਸਪੀ ’ਤੇ ਯਕੀਨਨ ਖਰੀਦ ਵਾਲਾ ਕਾਨੂੰਨ ਲੈ ਕੇ ਆਵੇ। ਜਦੋਂ ਤੱਕ ਸਰਕਾਰ ਕਿਸਾਨਾਂ ਦੀ ਮੰਗ ਨਹੀਂ ਮੰਨੇਗੀ ਤਾਂ ਇਹ ਸੰਘਰਸ਼ ਜਾਰੀ ਰਹੇਗਾ।

Leave a Reply

Your email address will not be published. Required fields are marked *