ਹਰਿਆਣਾ ਦੇ ਧਰਨਿਆਂ ’ਚ ਔਰਤਾਂ ਦੀ ਸ਼ਮੂਲੀਅਤ ਵਧੀ

ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਕੌਮੀ ਰਾਜਧਾਨੀ ਦੀ ਬਰੂਹਾਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਦਾ ਅਸਰ ਦੇਸ਼ ਭਰ ਵਿੱਚ ਵਿਖਾਈ ਦੇਣ ਲੱਗਾ ਹੈ। ਜਿੱਥੇ ਵੱਡੀ ਗਿਣਤੀ ਲੋਕ ਆਪਣੇ ਪਰਿਵਾਰਾਂ ਸਣੇ ਕਿਸਾਨਾਂ ਦੀ ਹਮਾਇਤ ਵਿੱਚ ਧਰਨੇ ਦੇ ਰਹੇ ਹਨ, ਉਥੇ ਹਰਿਆਣਾ ਦੇ ਟੌਲ ਪਲਾਜ਼ਿਆਂ ’ਤੇ ਚੱਲ ਰਹੇ ਧਰਨਿਆਂ ਅਤੇ ਕਿਸਾਨ ਮਹਾਪੰਚਾਇਤਾਂ ਵਿੱਚ ਔਰਤਾਂ ਦੀ ਸ਼ਮੂਲੀਅਤ ਪਹਿਲਾਂ ਨਾਲੋਂ ਵੱਧ ਗਈ ਹੈ।

ਸੂਬੇ ਭਰ ਵਿੱਚ ਹੋਈਆਂ ਕਿਸਾਨ ਮਹਾਪੰਚਾਇਤਾਂ ਵਿੱਚ ਔਰਤਾਂ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੀਆਂ ਹਨ। ਉਹ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਦਿੱਲੀ ਸੰਘਰਸ਼ ਵਿੱਚ ਵੀ ਪਹੁੰਚ ਰਹੀਆਂ ਹਨ। ਸੂਬੇ ਵਿੱਚ ਖੇਤੀ ਕਰਨ ਅਤੇ ਖਾਣਾ ਬਣਾਉਣ ਵਾਲੀਆਂ ਔਰਤਾਂ ਦੇ ਕਿਸਾਨੀ ਸੰਘਰਸ਼ ਵਿੱਚ ਡੱਟਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰੀ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਤੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਅਤੇ ਐੱਮਐੱਸਪੀ ’ਤੇ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਲਿਆਉਣ ਦੀ ਮੰਗ ਕੀਤੀ।

ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਸੁਦੇਸ਼ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੂੰ ਦਿੱਲੀ ’ਚ ਸੰਘਰਸ਼ ਕਰਦਿਆਂ ਤਿੰਨ ਮਹੀਨੇ ਹੋ ਗਏ ਹਨ। ਇਸ ਦੌਰਾਨ 250 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਹਨ ਪਰ ਕੇਂਦਰ ਸਰਕਾਰ ਆਪਣਾ ਅੜੀਅਲ ਵਤੀਰਾ ਛੱਡਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਪਿੱਛੇ ਹਟਣ ਵਾਲਾ ਨਹੀਂ ਹੈ।

ਖਟਕੜ ਟੌਲ ਪਲਾਜ਼ਾ ’ਤੇ ਚੱਲ ਰਹੇ ਸੰਘਰਸ਼ ਨੂੰ ਸੰਬੋਧਨ ਕਰਦਿਆਂ ਸਿਕਮ ਬੇਬੀ, ਰਾਜ ਬਾਲਾ, ਡਾ. ਸੰਤੋਸ਼ ਦਹੀਆ ਤੇ ਕਵੀਤਾ ਨੇ ਕੇਂਦਰ ਸਰਕਾਰ ਦੇ ਵਤੀਰੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਔਰਤਾਂ ਵੀ ਕੇਂਦਰ ਦੀ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਪਿੱਛੇ ਹਟਣ ਵਾਲੀਆਂ ਨਹੀਂ ਹਨ। ਹਾਲੇ ਤਾਂ ਦੇਸ਼ ਦਾ ਕਿਸਾਨ ਸ਼ਾਂਤਮਈ ਢੰਗ ਨਾਲ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾ ਨਾ ਮੰਨੀਆਂ ਤਾਂ ਹਰਿਆਣਾ ਦੇ ਕਿਸਾਨ ਆਪਣੇ ਪਰਿਵਾਰ ਅਤੇ ਪਸ਼ੂਆਂ ਸਣੇ ਦਿੱਲੀ ਸੰਘਰਸ਼ ਵਿੱਚ ਸ਼ਾਮਲ ਹੋਣਗੇ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਆਜ਼ਾਦ ਪਲਵਾ ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਧਰਨਿਆਂ ਵਿੱਚ ਔਰਤਾਂ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੀਆਂ ਹਨ।

ਪੰਜਾਬ ’ਚ ਮਹਿਲਾ ਦਿਵਸ ਲਈ ਲਾਮਬੰਦੀ ਜ਼ੋਰਾਂ ’ਤੇ

ਚੰਡੀਗੜ੍ਹ :ਕਿਸਾਨ ਧਿਰਾਂ ਵੱਲੋਂ ਪੰਜਾਬ ’ਚ ਅੱਜ ਸੈਂਕੜੇ ਥਾਵਾਂ ’ਤੇ ਧਰਨੇ ਜਾਰੀ ਰੱਖੇ ਗਏ, ਜਿਨ੍ਹਾਂ ਵਿੱਚ ਕੌਮਾਂਤਰੀ ਮਹਿਲਾ ਦਿਵਸ ਮੌਕੇ ਦਿੱਲੀ ਵਿੱਚ ਹੋਣ ਵਾਲੇ ਔਰਤ ਇਕੱਠਾਂ ਦੀ ਤਿਆਰੀ ਦਾ ਬਿਗਲ ਵਜਾਇਆ ਗਿਆ। ਅੱਠ ਮਾਰਚ ਨੂੰ ਪਾਰਲੀਮੈਂਟ ਸੈਸ਼ਨ ਮੁੜ ਜੁੜ ਰਿਹਾ ਹੈ, ਜਿਸ ਕਰਕੇ ਕਿਸਾਨ ਔਰਤਾਂ ਵੱਲੋਂ ਮਹਿਲਾ ਦਿਵਸ ਮੌਕੇ ਦਿੱਲੀ ਵਿੱਚ ਆਪਣੀ ਤਾਕਤ ਦਿਖਾਈ ਜਾਵੇਗੀ। 32 ਕਿਸਾਨ ਧਿਰਾਂ ਦੀ ਅਗਵਾਈ ਹੇਠ ਅੱਜ ਸੈਂਕੜੇ ਥਾਵਾਂ ’ਤੇ ਕਿਸਾਨਾਂ ਦੇ ਨਾਅਰੇ ਗੂੰਜੇ। ਆਗੂਆਂ ਨੇ ਧਰਨਿਆਂ ਵਿੱਚ ਪਹਿਲੀ ਮਾਰਚ ਤੋਂ ਹੀ ਕੌਮਾਂਤਰੀ ਮਹਿਲ ਦਿਵਸ ਦੀ ਤਿਆਰੀ ਵਿੱਚ ਜੁੱਟਣ ਦਾ ਸੱਦਾ ਦਿੱਤਾ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਬੀਕੇਯੂ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਦੁਆਬਾ ਕਿਸਾਨ ਯੂਨੀਅਨ ਦੇ ਸਤਨਾਮ ਸਿੰਘ ਸਾਹਨੀ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਕਿਸਾਨ ਮੋਰਚਿਆਂ ’ਚ ਔਰਤਾਂ ਦੀ ਵੱਡੀ ਸ਼ਮੂਲੀਅਤ ਕਰਾ ਕੇ ਕੇਂਦਰ ਸਰਕਾਰ ਦੇ ਸਾਰੇ ਭਰਮ-ਭੁਲੇਖੇ ਦੂਰ ਕਰ ਦਿੱਤੇ ਜਾਣ। ਕੋਕਰੀ ਕਲਾਂ ਨੇ ਕਿਹਾ ਕਿ ਦਿੱਲੀ ਵਿੱਚ 8 ਮਾਰਚ ਨੂੰ ਔਰਤਾਂ ਦਾ ਬਰਨਾਲੇ ਤੋਂ ਵੀ ਵੱਡਾ ਇਕੱਠ ਕੀਤਾ ਜਾਵੇਗਾ। ਕਿਰਤੀ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਮਹਿਲਾ ਦਿਵਸ ਮੌਕੇ ਹੋਣ ਵਾਲੇ ਇਕੱਠਾਂ ਵਿੱਚ ਵੱਡੀ ਗਿਣਤੀ ’ਚ ਵਿਦਿਆਰਥਣਾਂ ਵੀ ਸ਼ਾਮਲ ਹੋਣਗੀਆਂ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਕਿਸਾਨ ਆਗੂਆਂ ਨੇ ਮਾਝੇ ਵਿੱਚ ਲਾਮਬੰਦੀ ਤੇਜ਼ ਕਰ ਦਿੱਤੀ ਹੈ।

Leave a Reply

Your email address will not be published. Required fields are marked *