ਕੋਟਕਪੂਰਾ-ਬਹਿਬਲ ਗੋਲੀ ਕਾਂਡ: ਸੈਣੀ, ਉਮਰਾਨੰਗਲ ਸਣੇ ਸਾਰੇ ਮੁਲਜ਼ਮ ਪਹਿਲੀ ਵਾਰ ਇਕੱਠੇ ਅਦਾਲਤ ’ਚ ਪੇਸ਼

ਫ਼ਰੀਦਕੋਟ : ਅੱਜ ਇੱਥੇ ਅਦਾਲਤ ਵਿੱਚ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਹੋਈ। ਪੜਤਾਲ ਸ਼ੁਰੂ ਹੋਣ ਤੋਂ ਲੈ ਕੇ ਅੱਜ ਤੱਕ ਪਹਿਲੀ ਵਾਰ ਅਜਿਹਾ ਹੋਇਆ ਜਦੋਂ ਸਾਰੇ ਮੁਲਜ਼ਮ ਇਕੱਠੇ ਅਦਾਲਤ ਸਾਹਮਣੇ ਪੇਸ਼ ਹੋਏ। ਅੱਜ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋ ਸਕੀ। ਇਹ ਕੇਸ ਪਹਿਲਾਂ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਵਿੱਚ ਚੱਲ ਰਿਹਾ ਸੀ ਪਰ ਪ੍ਰਬੰਧਕੀ ਕਾਰਨਾਂ ਕਰ ਕੇ ਇਹ ਕੇਸ ਹੁਣ ਸੈਸ਼ਨ ਜੱਜ ਦੀ ਅਦਾਲਤ ’ਚੋਂ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਅੱਜ ਸੁਣਵਾਈ ਦੌਰਾਨ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਪੁਲੀਸ ਮੁਖੀ ਚਰਨਜੀਤ ਸ਼ਰਮਾ, ਐੱਸਪੀ ਬਿਕਰਮ ਸਿੰਘ, ਥਾਣਾ ਬਾਜਾਖਾਨਾ ਦੇ ਸਾਬਕਾ ਐੱਸਐੱਚਓ ਅਮਰਜੀਤ ਸਿੰਘ ਕੁਲਾਰ, ਅਕਾਲੀ ਆਗੂ ਮਨਤਾਰ ਸਿੰਘ ਬਰਾੜ, ਸੁਹੇਲ ਸਿੰਘ ਬਰਾੜ ਅਤੇ ਪੰਕਜ ਬਾਂਸਲ ਅਦਾਲਤ ਵਿੱਚ ਹਾਜ਼ਰ ਸਨ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 27 ਅਪਰੈਲ ਤੱਕ ਮੁਲਤਵੀ ਕਰ ਦਿੱਤੀ। 27 ਅਪਰੈਲ ਨੂੰ ਦੋਸ਼ ਆਇਦ ਹੋਣ ਦੇ ਮੁੱਦੇ ’ਤੇ ਬਹਿਸ ਹੋਣ ਦੀ ਸੰਭਾਵਨਾ ਹੈ। ਇਸੇ ਦੌਰਾਨ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪਹਿਲੀ ਵਾਰ ਪੇਸ਼ ਹੋਏ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਉਨ੍ਹਾਂ ਖ਼ਿਲਾਫ਼ ਪੇਸ਼ ਹੋਏ ਚਲਾਨ ਦੀ ਇੱਕ ਨਕਲ ਮੁਹੱਈਆ ਕਰਵਾਈ। ਕੋਟਕਪੂਰਾ ਗੋਲੀ ਕਾਂਡ ਵਿੱਚ ਸੈਣੀ ਦੀ ਗ੍ਰਿਫ਼ਤਾਰੀ ਉੱਤੇ ਹਾਈ ਕੋਰਟ ਨੇ ਰੋਕ ਲਾਈ ਹੋਈ ਹੈ ਅਤੇ ਇਲਾਕਾ ਮੈਜਿਸਟਰੇਟ ਨੇ ਕੋਟਕਪੂਰਾ ਕਾਂਡ ਵਿੱਚ ਸੁਮੇਧ ਸੈਣੀ ਨੂੰ ਅਦਾਲਤ ਵਿੱਚ ਹਾਜ਼ਰ ਹੋਣ ਲਈ ਨੋਟਿਸ ਜਾਰੀ ਕੀਤਾ ਹੋਇਆ ਹੈ।

Leave a Reply

Your email address will not be published. Required fields are marked *