ਪੰਜਾਬ ’ਚ ਯੂਕੇ ਦਾ ਕਰੋਨਾ ਰੂਪ ਬਣ ਸਕਦੈ ਸੰਭਾਵਿਤ ਖ਼ਤਰਾ

ਨਵੀਂ ਦਿੱਲੀ: ਸੀਐੱਸਆਈਆਰ-ਸੀਸੀਐੱਮਬੀ ਦੇ ਡਾਇਰੈਕਟਰ ਰਾਕੇਸ਼ ਮਿਸ਼ਰਾ ਨੇ ਕਿਹਾ ਹੈ ਕਿ ਪੰਜਾਬ ’ਚ ਯੂਕੇ ਦਾ ਕਰੋਨਾ ਰੂਪ ਆਉਂਦੇ ਦਿਨਾਂ ’ਚ ਵੱਡਾ ਖ਼ਤਰਾ ਬਣ ਸਕਦਾ ਹੈ ਪਰ ਅਜੇ ਕੋਈ ਘਬਰਾਉਣ ਦੀ ਲੋੜ ਨਹੀਂ ਹੈ। ਉਂਜ ਮਹਾਰਾਸ਼ਟਰ ’ਚ ਕਰੋਨਾ ਦਾ ਮਿਲਿਆ ਦੋਹਰਾ ਰੂਪ ਚਿੰਤਾ ਦਾ ਵਿਸ਼ਾ ਹੈ। ਖ਼ਬਰ ਏਜੰਸੀ ਨਾਲ ਗੱਲਬਾਤ ਕਰਦਿਆਂ ਸ੍ਰੀ ਮਿਸ਼ਰਾ ਨੇ ਕਿਹਾ,‘‘ਪੰਜਾਬ ’ਚ ਕੁਝ ਲੋਕ ਇੰਗਲੈਂਡ ਤੋਂ ਆਏ ਹੋਣਗੇ ਅਤੇ ਫਿਰ ਉਨ੍ਹਾਂ ਦੇ ਸੂਬੇ ’ਚ ਕਈ ਥਾਵਾਂ ’ਤੇ ਜਾਣ ਕਰਕੇ ਕਰੋਨਾ ਦਾ ਨਵਾਂ ਰੂਪ ਉਥੇ ਫੈਲ ਗਿਆ।’’ ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਦਿੱਲੀ ’ਚ ਯੂਕੇ ਦਾ ਕਰੋਨਾ ਰੂਪ ਨਾ ਮਿਲਣ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ’ਚ ਪੀੜਤ ਵਿਅਕਤੀਆਂ ਦੇ ਸੂਬੇ ਤੋਂ ਬਾਹਰ ਨਾ ਜਾਣ ਕਰਕੇ ਹੋ ਸਕਦਾ ਹੈ ਕਿ ਇਹ ਅਜੇ ਬੁਰੀ ਤਰ੍ਹਾਂ ਨਾ ਫੈਲਿਆ ਹੋਵੇ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਆਉਂਦੇ ਦਿਨਾਂ ’ਚ ਉਥੇ ਵੀ ਕੇਸਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਐਸਟਰਾਜ਼ੈਨੇਕਾ ਅਤੇ ਕੋਵੈਕਸੀਨ ਦੇ ਟੀਕੇ ਪੰਜਾਬ ਅਤੇ ਮਹਾਰਾਸ਼ਟਰ ’ਚ ਨਵੇਂ ਰੂਪ ਖ਼ਿਲਾਫ਼ ਕਾਰਗਰ ਹਨ। -ਆਈਏਐਨਐਸ

ਪੰਜਾਬ ਵਿੱਚ ਕਰੋਨਾ ਨੇ ਲਈਆਂ 49 ਹੋਰ ਜਾਨਾਂ 

ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਨੇ 49 ਹੋਰ ਵਿਅਕਤੀਆਂ ਦੀ ਜਾਨ ਲੈ ਲਈ ਹੈ। ਇਸ ਦੌਰਾਨ 2705 ਸੱਜਰੇ ਮਾਮਲੇ ਵੀ ਸਾਹਮਣੇ ਆਏ ਹਨ। ਅੰਮ੍ਰਿਤਸਰ ਵਿੱਚ 7, ਹੁਸ਼ਿਆਰਪੁਰ ਵਿੱਚ 6, ਗੁਰਦਾਸਪੁਰ ਤੇ ਲੁਧਿਆਣਾ ਵਿੱਚ 5-5, ਰੋਪੜ ਤੇ ਜਲੰਧਰ ਵਿੱਚ 4-4, ਮੁਹਾਲੀ, ਸੰਗਰੂਰ ਤੇ ਕਪੂਰਥਲਾ ਵਿੱਚ 3-3, ਬਠਿੰਡਾ, ਤਰਨ ਤਾਰਨ ਤੇ ਪਟਿਆਲਾ ਵਿੱਚ 2-2, ਪਠਾਨਕੋਟ, ਫਾਜ਼ਿਲਕਾ ਤੇ ਫਿਰੋਜ਼ਪੁਰ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ। ਪੰਜਾਬ ਵਿੱਚ ਹੁਣ ਤੱਕ ਇਸ ਮਹਾਮਾਰੀ ਕਾਰਨ 7032 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *