ਬੇਅਦਬੀ ਕਾਂਡ ਦੇ ਤਫ਼ਤੀਸ਼ੀ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਵੱਲੋਂ ਅਸਤੀਫ਼ਾ

ਚੰਡੀਗੜ੍ਹ: ਪੰਜਾਬ ਦੇ ਬਹੁਚਰਚਿਤ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੁਲੀਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਆਈਜੀ ਰੈਂਕ ਦੇ ਇਸ ਪੁਲੀਸ ਅਧਿਕਾਰੀ ਵੱਲੋਂ ਆਪਣਾ ਅਸਤੀਫਾ ਮੁੱਖ ਸਕੱਤਰ ਨੂੰ ਸੰਬੋਧਨ ਹੁੰਦਿਆਂ ਦਿੱਤਾ ਗਿਆ ਹੈ ਤੇ ਇਸ ਦੀ ਕਾਪੀ ਸੂਬੇ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਅਤੇ ਡੀਜੀਪੀ ਨੂੰ ਭੇਜੀ ਗਈ ਹੈ। ਪੰਜਾਬ ਕਾਡਰ ਨਾਲ ਸਬੰਧਤ 1998 ਬੈਚ ਦਾ ਇਹ ਪੁਲੀਸ ਅਧਿਕਾਰੀ ਅਕਸਰ ਸੁਰਖੀਾਆਂ ਵਿੱਚ ਰਿਹਾ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਦਿੱਤੇ ਅਸਤੀਫੇ ਤੋਂ ਬਾਅਦ ਪ੍ਰਸ਼ਾਸਕੀ ਤੇ ਰਾਜਸੀ ਹਲਕਿਆਂ ਅੰਦਰ ਭਾਰੀ ਹਲਚਲ ਪਾਈ ਜਾ ਰਹੀ ਹੈ। ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਇਸ ਪੁਲੀਸ ਅਧਿਕਾਰੀ ਨੇ ਕੁਝ ਦਿਨ ਪਹਿਲਾਂ ਹੀ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ, ਜਿਸ ਦੌਰਾਨ ਬੇਅਦਬੀ ਕਾਂਡ ਦੇ ਮਾਮਲੇ ’ਤੇ ਚਰਚਾ ਵੀ ਹੋਈ ਸੀ। ਗ੍ਰਹਿ ਵਿਭਾਗ ਦੇ ਸੂਤਰਾਂ ਦਾ ਦੱਸਣਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਕੋਟਕਪੂਰਾ ਕਾਂਡ ਦੇ ਮਾਮਲੇ ਵਿੱਚ ਸਰਕਾਰੀ ਧਿਰ ਦੇ ਵਕੀਲਾਂ ਵੱਲੋਂ ਕਾਨੂੰਨੀ ਲੜਾਈ ਠੋਸ ਤਰੀਕੇ ਨਾਲ ਨਾ ਲੜੇ ਜਾਣ ਤੋਂ ਨਿਰਾਸ਼ ਸੀ। ਸਿਆਸੀ ਹਲਕਿਆਂ ਅੰਦਰ ਇਹ ਵੀ ਚਰਚਾ ਹੈ ਕਿ ਇਹ ਪੁਲੀਸ ਅਧਿਕਾਰੀ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਸ਼ਹਿਰ ਦੇ ਕਿਸੇ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਸਕਦਾ ਹੈ। ਪੰਜਾਬ ਅੰਦਰ ਇਨ੍ਹਾਂ ਦਿਨਾਂ ਦੌਰਾਨ ਬੇਅਦਬੀ ਕਾਂਡ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਮੁੱਦੇ ’ਤੇ ਰਾਜਨੀਤੀ ਗਰਮਾਈ ਹੋਈ ਹੈ। ਚੇਤੇ ਰਹੇ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਦਿਨੀਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਰਿਪੋਰਟ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਨੂੰ ਇਸ ਪੁਲੀਸ ਅਧਿਕਾਰੀ ਨੂੰ ਜਾਂਚ ਦੇ ਅਮਲ ਤੋਂ ਦੂਰ ਰੱਖਣ ਦੇ ਹੁਕਮ ਦਿੱਤੇ ਸਨ। ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਚਰਚਿਤ ਮੈਂਬਰ ਵਜੋਂ ਜਾਣੇ ਜਾਂਦੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਪੁੱਛਗਿੱਛ ਕੀਤੀ ਸੀ। ਇਸੇ ਤਰ੍ਹਾਂ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਸਮੇਤ ਹੋਰਨਾਂ ਕਈ ਪੁਲੀਸ ਅਫਸਰਾਂ ਨੂੰ ਗ੍ਰਿਫਤਾਰ ਵੀ ਕੀਤਾ ਸੀ। ਉਮਰਾਨੰਗਲ ਨੂੰ ਤਾਂ ਪੰਜਾਬ ਪੁਲੀਸ ਦੇ ਹੈੱਡਕੁਆਰਟਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਇਸ ਪੁਲੀਸ ਅਧਿਕਾਰੀ ਨੂੰ ਵਿਸ਼ੇਸ਼ ਜਾਂਚ ਟੀਮ ਤੋਂ ਲਾਂਭੇ ਕਰਨ ਦੇ ਹੁਕਮ ਦਿੱਤੇ ਸਨ।

Leave a Reply

Your email address will not be published. Required fields are marked *