ਹਰਿਆਣਾ: ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਜ਼ੋਰਦਾਰ ਵਿਰੋਧ

ਚੰਡੀਗੜ੍ਹ: ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੇ ਅੱਜ ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸੈਣੀ ਨੂੰ ਕਾਲੇ ਝੰਡੇ ਵਿਖਾਏ। ਪੁਲੀਸ ਨੇ ਇਸ ਮੌਕੇ ਕਰੀਬ 70 ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸੇ ਤਰ੍ਹਾਂ ਕਿਸਾਨਾਂ ਨੇ ਹਿਸਾਰ ਵਿੱਚ ਸੋਨਾਲੀ ਫੋਗਾਟ ਦਾ ਵਿਰੋਧ ਕੀਤਾ। ਇਸ ਦੌਰਾਨ ਪੁਲੀਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਤੇ ਦਰਜਨ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਸੰਸਦ ਮੈਂਬਰ ਸੈਣੀ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਰੱਖੇ ਸਮਾਗਮ ਵਿੱਚ ਪਹੁੰਚੇ ਸਨ। ਉਨ੍ਹਾਂ ਦੇ ਆਉਣ ਦੀ ਜਾਣਕਾਰੀ ਮਿਲਦੇ ਹੀ ਕਿਸਾਨ ਜਥੇਬੰਦੀਆਂ ਸਮਾਗਮ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ’ਤੇ ਕਾਲੇ ਝੰਡੇ ਲੈ ਕੇ ਧਰਨਾ ਮਾਰ ਕੇ ਬੈਠ ਗਈਆਂ। ਸਖ਼ਤ ਸੁਰੱਖਿਆ ਪ੍ਰਬੰਧ ਹੋਣ ਦੇ ਬਾਵਜੂਦ ਕਿਸਾਨਾਂ ਨੇ ਸਮਾਗਮ ਵਾਲੀ ਥਾਂ ਦੇ ਨਜ਼ਦੀਕ ਪਹੁੰਚ ਕੇ ਸੰਸਦ ਮੈਂਬਰ ਨਾਇਬ ਸੈਣੀ ਨੂੰ ਕਾਲੇ ਝੰਡੇ ਵਿਖਾਏ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। 

ਡੀਐੱਸਪੀ ਰਵਿੰਦਰ ਤੋਮਰ ਨੇ ਕਿਹਾ ਕਿ ਕਿਸਾਨਾਂ ਨੇ ਧਰਨੇ ਵਾਲੀ ਥਾਂ ਤੋਂ ਅੱਗੇ ਆ ਕੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਇਸ ਲਈ 70 ਦੇ ਕਰੀਬ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੱਤ ਅਪਰੈਲ ਨੂੰ ਵੀ ਸੈਣੀ ਦਾ ਸ਼ਾਹਬਾਦ ਵਿੱਚ ਵਿਰੋਧ ਹੋਇਆ ਸੀ। ਉਨ੍ਹਾਂ ਦੀ ਗੱਡੀ ਦਾ ਪਿਛਲਾ ਸ਼ੀਸ਼ਾ ਵੀ ਟੁੱਟ ਗਿਆ ਸੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਗੱਠਜੋੜ ਸਰਕਾਰ ਦੇ ਸਮਾਜਿਕ ਅਤੇ ਰਾਜਨੀਤਕ ਸਮਾਗਮਾਂ ਦਾ ਇਸੇ ਤਰ੍ਹਾਂ ਵਿਰੋਧ ਕਰਦੇ ਰਹਿਣਗੇ। ਹਿਸਾਰ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਯਾਦ ਵਿਚ ਰੱਖੇ ਸਮਾਗਮ ’ਚ ਭਾਜਪਾ ਆਗੂ ਸੋਨਾਲੀ ਫੋਗਾਟ ਨੇ ਮੁੱਖ ਮਹਿਮਾਨ ਵਜੋਂ ਪਹੁੰਚਣਾ ਸੀ। ਇਸ ਬਾਰੇ ਜਾਣਕਾਰੀ ਮਿਲਦੇ ਹੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੋਨਾਲੀ ਫੋਗਾਟ ਦਾ ਵਿਰੋਧ ਕੀਤਾ। ਕਿਸਾਨਾਂ ਨੇ ਭਾਜਪਾ ਦੇ ਝੰਡੇ ਅਤੇ ਪੁਲੀਸ ਵੱਲੋਂ ਲਗਾਏ ਬੈਰੀਕੇਡ ਉਖਾੜ ਸੁੱਟੇ। ਇਸ ਦੌਰਾਨ ਪੁਲੀਸ ਤੇ ਕਿਸਾਨਾਂ ਵਿਚਕਾਰ ਦੋ ਘੰਟੇ ਦੇ ਕਰੀਬ ਟਕਰਾਅ ਵਾਲੀ ਸਥਿਤੀ ਬਣੀ ਰਹੀ। ਪੁਲੀਸ ਨੇ ਇਸ ਮੌਕੇ ਲਾਠੀਚਾਰਜ ਕੀਤਾ। ਕਿਸਾਨਾਂ ਤੇ ਪੁਲੀਸ ਵਿਚਾਲੇ ਖਿੱਚ-ਧੂਹ ਵੀ ਹੋਈ।

ਕਿਸਾਨਾਂ ਵੱਲੋਂ ਭਾਜਪਾ ਆਗੂ ਨੂੰ ਭਜਾਉਣ ਦੀ ਵੀਡੀਓ ਹੋਈ ਵਾਇਰਲ

ਹਰਿਆਣਾ ਵਿਚ ਕਿਸਾਨਾਂ ਵੱਲੋਂ ਭਾਜਪਾ ਆਗੂ ਨੂੰ ਸੜਕ ’ਤੇ ਭਜਾਉਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਹ ਵੀਡੀਓ ਇਸਮਾਈਲਾਬਾਦ ਦੀ ਹੈ ਜਿੱਥੇ ਡੀਐੱਨਟੀ ਬੋਰਡ ਦੇ ਵਾਈਸ ਚੇਅਰਮੈਨ ਸਤਪਾਲ ਸਿੰਘ ਭਾਜਪਾ ਆਗੂ ਦੇ ਘਰ ਗਏ ਸਨ। ਉਨ੍ਹਾਂ ਦਾ ਕਿਸਾਨਾਂ ਨੇ ਵਿਰੋਧ ਕੀਤਾ। ਕਿਸਾਨਾਂ ਦੇ ਵਿਰੋਧ ਕਾਰਨ ਉਹ ਉੱਥੋਂ ਸੜਕ ’ਤੇ ਭੱਜਦੇ ਹੋਏ ਵੀਡੀਓ ਵਿਚ ਨਜ਼ਰ ਆ ਰਹੇ ਹਨ। ਸਤਪਾਲ ਸਿੰਘ ਨੇ ਕਿਸਾਨਾਂ ਦੀ ਅਜਿਹੀ ਕਾਰਵਾਈ ਦੀ ਨਿੰਦਾ ਕਰਦਿਆਂ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। 

Leave a Reply

Your email address will not be published. Required fields are marked *