ਮਨਮੋਹਨ ਸਿੰਘ ਕਰੋਨਾ ਪਾਜ਼ੇਟਿਵ ਹੋਣ ਮਗਰੋਂ ਏਮਸ ਵਿੱਚ ਦਾਖਲ

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕਰੋਨਾ ਹੋਣ ਮਗਰੋਂ ਅੱਜ ਉਨ੍ਹਾਂ ਨੂੰ ਏਮਸ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ 88 ਸਾਲਾ ਮਨਮੋਹਨ ਸਿੰਘ ਨੂੰ ਏਮਸ ਦੇ ਟਰੌਮਾ ਸੈਂਟਰ ’ਚ ਭਰਤੀ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਮਨਮੋਹਨ ਸਿੰਘ ਨੂੰ ਅੱਜ ਸਵੇਰੇ ਹਲਕਾ ਬੁਖਾਰ ਸੀ ਅਤੇ ਬਾਅਦ ’ਚ ਜਾਂਚ ਦੌਰਾਨ ਉਨ੍ਹਾਂ ਦੇ ਕਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਮਨਮੋਹਨ ਸਿੰਘ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨੇ ਕਰੋਨਾ ਦੇ ਟੀਕੇ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਪਾਰਟੀ ਦੇ ਕਈ ਹੋਰ ਆਗੂਆਂ ਨੇ ਮਨਮੋਹਨ ਸਿੰਘ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕੀਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਪਿਆਰੇ ਮਨਮੋਹਨ ਸਿੰਘ ਜੀ, ਤੁਹਾਡੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ। ਭਾਰਤ ਨੂੰ ਇਸ ਮੁਸ਼ਕਿਲ ਸਮੇਂ ’ਚ ਤੁਹਾਡੀ ਅਗਵਾਈ ਤੇ ਸਲਾਹ ਦੀ ਜ਼ਰੂਰਤ ਹੈ।’ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਮਨਮੋਹਨ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੇਰੀਆਂ ਦੁਆਵਾਂ ਹਨ। ਕਾਮਨਾ ਕਰਦੀ ਹਾਂ ਕਿ ਉਹ ਇਸ ਮੁਸ਼ਕਿਲ ਨਾਲ ਲੜਨਗੇ ਅਤੇ ਜਲਦੀ ਸਿਹਤਯਾਬ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ, ਕੇਂਦਰੀ ਮੰਤਰੀ ਨਿਤਿਨ ਗਡਕਰੀ, ਨੈਸ਼ਨਲ ਕਾਨਫਰੰਸ ਦੇ ਆਗੂ ਫਾਰੂਕ ਅਬਦੁੱਲ੍ਹਾ ਤੇ ਉਮਰ ਅਬਦੁੱਲ੍ਹਾ ਅਤੇ ਹੋਰ ਕਈ ਨੇਤਾਵਾਂ ਨੇ ਵੀ ਮਨਮੋਹਨ ਸਿੰਘ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕੀਤੀ ਹੈ।

Leave a Reply

Your email address will not be published. Required fields are marked *