ਸਿੱਧੂ ਸਣੇ 25 ਵਿਧਾਇਕਾਂ ਨੇ ਕਾਂਗਰਸ ਕਮੇਟੀ ਅੱਗੇ ਰੱਖਿਆ ਪੱਖ

ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਖਾਨਾਜੰਗੀ ਦੇ ਨਿਬੇੜੇ ਲਈ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਵਿੱਢੀਆਂ ਸਰਗਰਮੀਆਂ ਅੱਜ ਦੂਜੇ ਦਿਨ ਵੀ ਜਾਰੀ ਰਹੀਆਂ। ਕਾਂਗਰਸ ਦੇ ਨਾਰਾਜ਼ ਧੜੇ ਦੇ ਆਗੂ ਮੰਨੇ ਜਾਂਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਸਮੇਤ 25 ਵਿਧਾਇਕਾਂ ਅਤੇ ਮੰਤਰੀਆਂ ਨੇ ਖੜਗੇ ਕਮੇਟੀ ਨਾਲ ਮੁਲਾਕਾਤ ਕੀਤੀ। ਉੱਧਰ ਰਾਹੁਲ ਗਾਂਧੀ ਨੇ ਵੀ ਅੱਜ ਪੰਜਾਬ ਦੇ ਵਿਧਾਇਕਾਂ ਨਾਲ ਫੋਨ ’ਤੇ ਰਾਬਤਾ ਬਣਾ ਕੇ ਜਾਣਕਾਰੀ ਇਕੱਤਰ ਕੀਤੀ ਹੈ। ਦਿੱਲੀ ਵਿੱਚ ਅੱਜ ਦੀ ਮੀਟਿੰਗ ਦੌਰਾਨ ਅਹਿਮ ਗੱਲ ਇਹ ਰਹੀ ਕਿ ਹਰ ਵਿਧਾਇਕ ਤੇ ਮੰਤਰੀ ਨੂੰ ਖੜਗੇ ਕਮੇਟੀ ਨੇ ਜਿੱਥੇ 10 ਤੋਂ 15 ਮਿੰਟ ਦਾ ਸਮਾਂ ਦਿੱਤਾ ਉਥੇ ਨਵਜੋਤ ਸਿੰਘ ਸਿੱਧੂ ਨਾਲ 2 ਘੰਟਿਆਂ ਤੱਕ ਮੁਲਾਕਾਤ ਕੀਤੀ। ਕਮੇਟੀ ਵੱਲੋਂ ਇਸ ਸਾਬਕਾ ਮੰਤਰੀ ਨੂੰ ਮੀਟਿੰਗ ਲਈ ਜ਼ਿਆਦਾ ਸਮਾਂ ਦੇਣਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। 

ਕਮੇਟੀ ਮੈਂਬਰਾਂ ਨੂੰ ਮਿਲੇ ਕਈ ਵਿਧਾਇਕਾਂ ਨੇ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਤਾਜ਼ਾ ਸਿਆਸੀ ਹਾਲਾਤ ਦੇ ਮੱਦੇਨਜ਼ਰ ਜ਼ਿਆਦਾਤਰ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਭੁਗਤੇ ਹਨ। ਇਨ੍ਹਾਂ ਵਿਧਾਇਕਾਂ ਨੇ ਇਹ ਵੀ ਦੱਸਿਆ ਕਿ ਜ਼ਿਆਦਾਤਰ ਵਿਧਾਇਕ ਭਾਵੇਂ ਨਵਜੋਤ ਸਿੰਘ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਦੇਣ ਦੇ ਹੱਕ ’ਚ ਨਹੀਂ ਪਰ ਕਾਂਗਰਸ ਆਗੂਆਂ ਦਾ ਇਹ ਜ਼ਰੂਰ ਮੰਨਣਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿੱਧੂ ਸਹਾਈ ਹੋ ਸਕਦਾ ਹੈ।

ਸੂਤਰਾਂ ਦਾ ਦੱਸਣਾ ਹੈ ਕਿ ਖੜਗੇ ਕਮੇਟੀ ਅਤੇ ਰਾਹੁਲ ਗਾਂਧੀ ਵੱਲੋਂ ਪਾਰਟੀ ਅੰਦਰੀ ਖਾਨਾਜੰਗੀ ਦੇ ਹੱਲ ਲਈ ਵਿਸਥਾਰਤ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਕਮੇਟੀ ਦੇ ਮੈਂਬਰ ਘੱਟ ਬੋਲਦੇ ਹਨ ਪਰ ਵਿਧਾਇਕਾਂ ਅਤੇ ਮੰਤਰੀਆਂ ਨੂੰ ਬੋਲਣ ਦਾ ਖੁੱਲ੍ਹਾ ਮੌਕਾ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦੀ ਰਣਨੀਤੀ ਕਾਂਗਰਸ ਦੇ ਸਾਬਕਾ ਪ੍ਰਧਾਨ ਵੱਲੋਂ ਅਪਣਾਈ ਜਾ ਰਹੀ ਹੈ। ਰਾਹੁਲ ਗਾਂਧੀ ਵੱਲੋਂ ਤਾਂ ਟਰਾਂਸਪੋਰਟ, ਕੇਬਲ ਮਾਫੀਆ, ਬੇਅਦਬੀ ਕਾਂਡ ਤੇ ਹੋਰਨਾਂ ਮੁੱਦਿਆਂ ਬਾਰੇ ਵੀ ਵਿਧਾਇਕਾਂ ਤੇ ਮੰਤਰੀਆਂ ਦਾ ਪੱਖ ਲਿਆ ਜਾ ਰਿਹਾ ਹੈ। ਪੰਜਾਬ ਦੇ 25 ਵਿਧਾਇਕਾਂ ਤੇ ਮੰਤਰੀਆਂ ਵੱਲੋਂ ਭਲਕੇ ਦਿੱਲੀ ਵਿੱਚ ਕਮੇਟੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ। ਕਮੇਟੀ ਵੱਲੋਂ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਦਾ ਪੱਖ ਜਾਣਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਵੀਰਵਾਰ ਜਾਂ ਸ਼ੁੱਕਰਵਾਰ ਨੂੰ ਕਮੇਟੀ ਮੈਂਬਰਾਂ ਨਾਲ ਮੁਲਾਕਾਤ ਕਰ ਸਕਦੇ ਹਨ। ਪੰਜਾਬ ਕਾਂਗਰਸ ਦੇ ਵਿਵਾਦ ਦੇ ਨਿਬੇੜੇ ਲਈ ਹਾਈ ਕਮਾਨ ਵੱਲੋਂ ਮਲਿਕਾਰਜੁਨ ਖੜਗੇ, ਜੇਪੀ ਅਗਰਵਾਲ ਤੇ ਹਰੀਸ਼ ਰਾਵਤ ’ਤੇ ਅਧਾਰਿਤ ਇੱਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਇਸੇ ਦੌਰਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਵਿਧਾਇਕਾਂ ਨਾਲ ਫੋਨ ’ਤੇ ਰਾਬਤਾ ਕਾਇਮ ਕਰਕੇ ਵੱਖਰੇ ਤੌਰ ’ਤੇ ਸਰਕਾਰ ਅਤੇ ਪਾਰਟੀ ਬਾਰੇ ਜਾਣਕਾਰੀ ਇਕੱਤਰ ਕਰਨੀ ਸ਼ੁਰੂ ਕੀਤੀ ਹੋਈ ਹੈ। 

ਕੇਂਦਰੀ ਕਮੇਟੀ ਨਾਲ ਅੱਜ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਪਰਗਟ ਸਿੰਘ, ਗੁਰਪ੍ਰੀਤ ਸਿੰਘ ਕਾਂਗੜ, ਰਜ਼ੀਆ ਸੁਲਤਾਨਾ, ਵਿਜੈਇੰਦਰ ਸਿੰਗਲਾ, ਸੁਖਬਿੰਦਰ ਸਿੰਘ ਸਰਕਾਰੀਆ, ਭਾਰਤ ਭੂਸ਼ਨ ਆਸ਼ੂ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਇੰਦਰਬੀਰ ਸਿੰਘ ਬੁਲਾਰੀਆ ਸਮੇਤ ਕੁੱਲ 25 ਵਿਧਾਇਕਾਂ ਨੇ ਮੁਲਾਕਾਤ ਕੀਤੀ।

Leave a Reply

Your email address will not be published. Required fields are marked *