ਭਾਰਤ ਤੋਂ ਨਿਊਜ਼ੀਲੈਂਡ ਵਾਪਸ ਨਾ ਜਾਣ ਵਾਲੇ ਨੌਜਆਨਾਂ ਨੇ SGPC ਪ੍ਰਧਾਨ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ (ਬਿਊਰੋ) – ਕੋਰੋਨਾ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ’ਚ ਪੰਜਾਬੀ, ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਮਸਲੇ ਦੇ ਹੱਲ ਲਈ ਸਹਿਯੋਗ ਦੀ ਅਪੀਲ ਕੀਤੀ। ਇਸ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਿਊਜ਼ੀਲੈਂਡ ਦੀ ਸਿੱਖ ਸੰਸਥਾ ‘ਸਿੱਖ ਸੁਪਰੀਮ ਸੁਸਾਇਟੀ ਆਕਲੈਂਡ’ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਨਾਲ ਜਿਥੇ ਫੋਨ ’ਤੇ ਗੱਲਬਾਤ ਕਰਕੇ ਮਸਲਾ ਹੱਲ ਕਰਨ ਲਈ ਕਿਹਾ, ਉਥੇ ਹੀ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਵੀ ਲਿਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਨ ਵਾਲੇ ਨਿਊਜ਼ੀਲੈਂਡ ਨਾਲ ਸਬੰਧਤ ਇਨ੍ਹਾਂ ਸਿੱਖ ਨੌਜੁਆਨਾਂ ਨੇ ਦੱਸਿਆ ਕਿ ਕੋਰੋਨਾ ਕਰਕੇ 800 ਦੇ ਕਰੀਬ ਪੰਜਾਬੀ ਲੋਕ ਵਾਪਸ ਨਿਊਜ਼ੀਲੈਂਡ ਨਾ ਜਾ ਸਕਣ ਕਰਕੇ ਪ੍ਰੇਸ਼ਾਨ ਹਨ। 

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤ ਸਾਰਿਆਂ ਦੇ ਪਰਿਵਾਰਕ ਮੈਂਬਰ ਵੀ ਉਥੇ ਹਨ। ਕੋਰੋਨਾ ਪਾਬੰਦੀਆਂ ਕਰਕੇ ਬੀਤੇ ਕਰੀਬ 2 ਸਾਲ ਤੋਂ ਉਨ੍ਹਾਂ ਨੂੰ ਐਂਟਰੀ ਨਹੀਂ ਦਿੱਤੀ ਗਈ ਅਤੇ ਇਸ ਦੌਰਾਨ ਬਹੁਤਿਆਂ ਦੀ ਵੀਜ਼ਾ ਮਿਆਦ ਵੀ ਖ਼ਤਮ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਉਹ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਦੇ ਨਿਊਜ਼ੀਲੈਂਡ ਵਿਚ ਰਹਿੰਦੇ ਪਰਿਵਾਰਕ ਮੈਂਬਰ ਵੀ ਮਾਨਸਿਕ ਪੀੜਾ ਵਿੱਚੋਂ ਲੰਘ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਇਨ੍ਹਾਂ ਸਿੱਖ ਨੌਜੁਆਨਾਂ ਦੀ ਗੱਲਬਾਤ ਮਗਰੋਂ ਨਿਊਜ਼ੀਲੈਂਡ ਦੀ ਵੱਡੀ ਸਿੱਖ ਸੰਸਥਾ ਵਜੋਂ ਕਾਰਜਸ਼ੀਲ ਸੁਪਰੀਮ ਸਿੱਖ ਸੁਸਾਇਟੀ ਨਾਲ ਰਾਬਤਾ ਬਣਾਉਂਦਿਆਂ ਪੀੜ੍ਹਤਾਂ ਦੀ ਮਦਦ ਕਰਨ ਲਈ ਕਿਹਾ। 

ਗੱਲਬਾਤ ਦੌਰਾਨ ਐਡਵੋਕੇਟ ਧਾਮੀ ਨੂੰ ਸਿੱਖ ਸੁਪਰੀਮ ਸੁਸਾਇਟੀ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਇਸ ਮਾਮਲੇ ਦੇ ਹੱਲ ਲਈ ਉਹ ਸੰਜੀਦਾ ਹਨ ਅਤੇ ਯਤਨ ਕਰ ਰਹੇ ਹਨ ਕਿ ਭਾਰਤ ਗਏ ਇਨ੍ਹਾਂ ਨੌਜੁਆਨਾਂ ਦੀ ਜਲਦ ਵਾਪਸੀ ਹੋਵੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸੇ ਦੌਰਾਨ ਸਿੱਖ ਸੁਪਰੀਮ ਸੁਸਾਇਟੀ ਆਕਲੈਂਡ ਦੇ ਪ੍ਰਧਾਨ ਨੂੰ ਪੱਤਰ ਵੀ ਲਿਖਿਆ ਹੈ, ਜਿਸ ਵਿਚ ਸਰਕਾਰ ਨਾਲ ਰਾਬਤਾ ਬਣਾ ਕੇ ਸਿੱਖ ਨੌਜੁਆਨਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਾਉਣ ਲਈ ਸੁਹਿਰਦਤਾ ਨਾਲ ਯਤਨ ਕਰਨ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *