ਇਹ ਸਿਰਫ਼ ਰਾਹਤ ਨਹੀਂ, ਸੁਖਬੀਰ ਬਾਦਲ ਦਾ ਲੋਕਾਂ ਨਾਲ ਕੀਤਾ ਵਾਅਦਾ ਹੈ – ਬ੍ਰਹਮਪੁਰਾ
ਤਰਨ ਤਾਰਨ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਵਿਧਾਇਕ ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਇੱਥੋਂ ਹੜ੍ਹ ਪੀੜਤ ਕਿਸਾਨਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਭੇਜੀ ਗਈ ਰਾਹਤ ਸਮੱਗਰੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਹ ਰਾਹਤ ਸਮੱਗਰੀ ਉਸੇ ਲੜੀ ਦਾ ਹਿੱਸਾ ਹੈ ਜਿਸ ਤਹਿਤ ਕੁਝ ਦਿਨ ਪਹਿਲਾਂ ਸ੍ਰ. ਬਾਦਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇੱਕ ਉੱਚ-ਪੱਧਰੀ ਕਮੇਟੀ ਨੇ ਹਲਕੇ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ ਸੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਸ੍ਰ. ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ, “ਅਕਾਲੀ ਦਲ ਨੇ ਇੱਕ ਵਾਰ ਫ਼ਿਰ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਦੇ ਲੋਕਾਂ, ਖਾਸ ਕਰਕੇ ਕਿਸਾਨਾਂ ਦੀ ਸੱਚੀ ਹਮਦਰਦ ਜਥੇਬੰਦੀ ਹੈ ਅਤੇ ਪਾਰਟੀ ਦੀ ਕਹਿਣੀ ਤੇ ਕਰਨੀ ਵਿੱਚ ਕੋਈ ਫ਼ਰਕ ਨਹੀਂ। ਜਿੱਥੇ ‘ਆਪ’ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ ਅਤੇ ਪੀੜਤਾਂ ਨੂੰ ਕੋਰੇ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਦੇ ਰਹੀ, ਉੱਥੇ ਸਾਡੀ ਪਾਰਟੀ ਨੇ ਸੀਨੀਅਰ ਆਗੂ ਸ੍ਰ. ਸਿਕੰਦਰ ਸਿੰਘ ਮਲੂਕਾ, ਜਥੇ: ਗੁਲਜ਼ਾਰ ਸਿੰਘ ਰਣੀਕੇ, ਸ੍ਰ. ਮੰਤਾਰ ਸਿੰਘ ਬਰਾੜ ਅਤੇ ਸ੍ਰ. ਕੰਵਰਜੀਤ ਸਿੰਘ (ਰੋਜ਼ੀ ਬਰਕੰਦੀ), ਸ੍ਰ. ਸੂਬਾ ਸਿੰਘ ਬਾਦਲ, ਸ੍ਰ. ਸ਼ੇਰ ਸਿੰਘ ਮੰਡ, ਸ੍ਰ. ਗੁਰਤਾਜ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਣ ਤੋਂ ਕੁਝ ਦਿਨਾਂ ਦੇ ਅੰਦਰ ਹੀ ਠੋਸ ਮਦਦ ਭੇਜ ਕੇ ਆਪਣਾ ਫਰਜ਼ ਨਿਭਾਇਆ ਹੈ।
ਉਨ੍ਹਾਂ ਵੇਰਵੇ ਦਿੰਦਿਆਂ ਦੱਸਿਆ ਕਿ ਪਸ਼ੂਆਂ ਲਈ ਮੱਕੀ ਦੇ ਅਚਾਰ (ਚਾਰੇ) ਦੇ 5 ਟਰੱਕ ਅਤੇ ਹਲਕੇ ਵਿੱਚ ਆਪਣੇ ਦਮ ‘ਤੇ ਟੁੱਟੇ ਹੋਏ ਬੰਨ੍ਹਾਂ ਨੂੰ ਬੰਨ੍ਹਣ ਦੀ ਸੇਵਾ ਕਰ ਰਹੇ ਕਿਸਾਨਾਂ ਦੀ ਮਸ਼ੀਨਰੀ ਲਈ 5000 ਲੀਟਰ ਡੀਜ਼ਲ ਦੀ ਇਹ ਵੱਡੀ ਸਹਾਇਤਾ ਅੱਜ ਪੀੜਤ ਪਿੰਡਾਂ ਲਈ ਰਵਾਨਾ ਕੀਤੀ ਗਈ ਹੈ। ਸ੍ਰ. ਬ੍ਰਹਮਪੁਰਾ ਨੇ ਕਿਹਾ, “ਮੈਂ ਹਲਕੇ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ‘ਆਪ’ ਸਰਕਾਰ ਉਨ੍ਹਾਂ ਦੀ ਬਾਂਹ ਫੜੇ ਜਾ ਨਾ ਫੜੇ, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉਨ੍ਹਾਂ ਦੇ ਨਾਲ ਹਮੇਸ਼ਾ ਚੱਟਾਨ ਵਾਂਗ ਖੜ੍ਹਾ ਰਹੇਗਾ।
ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਚੋਹਲਾ ਸਾਹਿਬ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ, ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਕੁਲਦੀਪ ਸਿੰਘ ਲਹੌਰੀਆ, ਗੁਰਦੇਵ ਸਿੰਘ ਸ਼ਬਦੀ, ਮਨਜਿੰਦਰ ਸਿੰਘ ਲਾਟੀ ਚੋਹਲਾ ਸਾਹਿਬ, ਮਾਸਟਰ ਦਲਬੀਰ ਸਿੰਘ ਚੰਬਾ ਕਲਾਂ, ਮਾਸਟਰ ਗੁਰਨਾਮ ਸਿੰਘ ਧੁੰਨ, ਜਗਰੂਪ ਸਿੰਘ ਪੱਖੋਪੁਰਾ, ਅਜੀਤਪਾਲ ਸਿੰਘ ਬਿੱਟੂ ਚੰਬਾਂ, ਸਾਬਕਾ ਸਰਪੰਚ ਬਲਕਾਰ ਸਿੰਘ ਚੰਬਾ ਹਵੇਲੀਆਂ, ਸਤਨਾਮ ਸਿੰਘ ਬੱਲ ਘੜਕਾ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਅਕਾਲੀ ਲੀਡਰਸ਼ਿਪ ਹਾਜ਼ਰ ਸੀ। – (ਪ੍ਰੈੱਸ ਬਿਆਨ ਸਮਾਪਤ) –
ਫੋਟੋ ਕੈਪਸ਼ਨ: ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ, ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਹੋਰ ਸੀਨੀਅਰ ਆਗੂਆਂ ਨਾਲ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਟਰੱਕਾਂ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਹੋਏ।